ਚੰਡੀਗੜ੍ਹ, 20 ਜੂਨ 2019- ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਨੇ 22 ਜੂਨ ਤੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਸੰਗਰੂਰ ਵਿਖੇ ਕੋਠੀ ਮੂਹਰੇ ਪੱਕਾ ਧਰਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਢਿੱਲਵਾਂ ਅਤੇ ਸੂਬਾ ਪ੍ਰੈੱਸ ਸਕੱਤਰ ਰਣਦੀਪ ਸੰਗਤਪੁਰਾ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਵਿਭਾਗ ਦਾ ਮੰਤਰੀ ਬਦਲ ਦਿੱਤਾ ਹੈ, ਪ੍ਰੰਤੂ ਸਿੱਖਿਆ ਖੇਤਰ ਦੀਆਂ ਸਮੱਸਿਆਵਾਂ ਦਾ ਹੱਲ ਉਦੋਂ ਤੱਕ ਨੀਂ ਹੁੰਦਾ, ਜਦੋਂ ਤੱਕ ਬੁਨਿਆਦੀ ਢਾਂਚਾ ਪੂਰਾ ਨਹੀਂ ਹੁੰਦਾ।
ਉਹਨਾਂ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਦੇ ਸਰਕਾਰੀ ਸਕੂਲ ਅਧਿਆਪਕਾਂ ਦੀ ਘਾਟ ਨਾਲ ਜੂਝ ਰਹੇ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾ ਦੀਆਂ ਹਜਾਰਾਂ ਅਸਾਮੀਆਂ ਖਾਲੀ ਪਈਆਂ ਹਨ , ਦੂਜੇ ਪਾਸੇ 50,000 ਬੀ.ਐਡ .ਟੈਟ ਪਾਸ ਅਧਿਆਪਕ ਰੁਜ਼ਗਾਰ ਲਈ ਸੰਘਰਸ਼ ਦੇ ਰਾਹ ਹਨ।
ਇਹ ਹਨ ਮੰਗਾਂ –
1. ਸਾਰੇ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਉਮੀਦਵਾਰਾਂ ਨੂੰ ਭਰਤੀ ਕੀਤਾ ਜਾਵੇ ।
2. ਸਰਕਾਰੀ ਸਕੂਲਾਂ ਵਿੱਚ ਖਾਲੀ ਅਧਿਆਪਕ ਅਸਾਮੀਆਂ ਰੈਗੂਲਰ ਆਧਾਰ ਤੇ ਭਰੀਆਂ ਜਾਣ ।
3. ਭਰਤੀ ਪ੍ਰਕਿਰਿਆਵਾਂ ਨੂੰ ਨਿਰਧਾਰਤ ਦਿਨਾਂ ਵਿੱਚ ਪੂਰਾ ਕੀਤਾ ਜਾਵੇ ।
4. ਇੱਕ ਅਧਿਆਪਕ ਤੋਂ ਸਿਰਫ ਉਸ ਦੇ ਸਬੰਧਤ ਵਿਸ਼ੇ ਦਾ ਹੀ ਕੰਮ ਲਿਆ ਜਾਵੇ ।
5. ਨਿੱਜੀਕਰਨ ਦੀ ਨੀਤੀ ਬੰਦ ਕਰਕੇ ਵਿਦਿਆਰਥੀਆਂ ਦੀ ਗਿਣਤੀ ਨੂੰ ਮੁੱਖ ਰੱਖਦਿਆਂ ਨਵੀਆਂ ਅਸਾਮੀਆਂ ਸਿਰਜੀਆਂ ਜਾਣ ।
6. ਰੈਸ਼ਨੇਲਾਈਜੇਸ਼ਨ ਨੂੰ ਤਰਕ ਸੰਗਤ ਬਣਾਇਆ ਜਾਵੇ।