ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਵਿੱਚੋਂ ਨਗਦੀ ਅਤੇ ਹਥਿਆਰ ਕੀਤੇ ਬਰਾਮਦ
ਕਮਲਜੀਤ ਸਿੰਘ ਸੰਧੂ
ਬਰਨਾਲਾ, 28 ਮਾਰਚ 2024 - ਬਡਬਰ ਟੋਲ ਪਲਾਜ਼ਾ 'ਤੇ ਚੰਡੀਗੜ੍ਹ ਤੋਂ ਬਠਿੰਡਾ ਵੱਲ ਆ ਰਹੀ ਇੱਕ ਫਾਰਚੂਨਰ ਗੱਡੀ 'ਚੋਂ 12 ਲੱਖ 46 ਹਜ਼ਾਰ ਰੁਪਏ ਅਤੇ 32 ਬੋਰ ਦਾ ਰਿਵਾਲਵਰ ਬਰਾਮਦ ਹੋਇਆ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਰੱਖਣ ਦੀ ਮਨਾਹੀ ਹੈ। ਕਾਰ ਸਵਾਰ ਦਿੱਲੀ ਅਤੇ ਹਰਿਆਣਾ ਦੇ ਵਸਨੀਕ ਸਨ, ਪੁਲੀਸ ਨੂੰ ਨਕਦੀ ਅਤੇ ਰਿਵਾਲਵਰ ਸਬੰਧੀ ਕੋਈ ਦਸਤਾਵੇਜ਼ ਨਹੀਂ ਦਿਖਾ ਸਕੇ। ਪੁਲੀਸ ਨੇ ਨਕਦੀ ਤੇ ਰਿਵਾਲਵਰ ਬਰਾਮਦ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕਰ ਲਿਆ ਹੈ। ਆਮਦਨ ਕਰ ਵਿਭਾਗ ਦੀ ਟੀਮ ਨਕਦੀ ਸਬੰਧੀ ਅਗਲੇਰੀ ਜਾਂਚ ਕਰੇਗੀ।
ਇਸ ਮੌਕੇ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਬਰਨਾਲਾ ਸਤਵੀਰ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬਰਨਾਲਾ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕੀਤੀ ਗਈ ਹੈ। ਇਸ ਦੇ ਅਨੁਸਾਰ ਬਡਬਰ ਟੋਲ ਪਲਾਜ਼ਾ 'ਤੇ ਚੈਕਿੰਗ ਦੌਰਾਨ ਚਿੱਟੇ ਰੰਗ ਦੀ ਫਾਰਚੂਨਰ ਕਾਰ 'ਚੋਂ ਨਕਦੀ ਅਤੇ ਅਸਲਾ ਬਰਾਮਦ ਹੋਇਆ। ਇਹ ਕਾਰ ਚੰਡੀਗੜ੍ਹ ਤੋਂ ਬਠਿੰਡਾ ਵੱਲ ਜਾ ਰਹੀ ਸੀ। ਕਾਰ 'ਚੋਂ ਕੁੱਲ 12 ਲੱਖ 46 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਹੋਈ ਹੈ। ਕਾਰ ਸਵਾਰ ਇਸ ਨਕਦੀ ਸਬੰਧੀ ਕੋਈ ਵੀ ਜ਼ਰੂਰੀ ਦਸਤਾਵੇਜ਼ ਨਹੀਂ ਦਿਖਾ ਸਕੇ।
ਇਸ ਤੋਂ ਇਲਾਵਾ ਪੁਲੀਸ ਨੇ ਇਨ੍ਹਾਂ ਕੋਲੋਂ 32 ਬੋਰ ਦਾ ਰਿਵਾਲਵਰ ਵੀ ਬਰਾਮਦ ਕੀਤਾ ਹੈ, ਜਿਸ ਦਾ ਉਕਤ ਵਿਅਕਤੀਆਂ ਕੋਲ ਕੋਈ ਲਾਇਸੈਂਸ ਨਹੀਂ ਸੀ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੋਈ ਵੀ ਵਿਅਕਤੀ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਆਪਣੇ ਕੋਲ ਨਹੀਂ ਰੱਖ ਸਕਦਾ।ਇਸ ਤਹਿਤ ਬਰਨਾਲਾ ਪੁਲਿਸ ਨੇ ਉਕਤ ਵਿਅਕਤੀਆਂ ਖਿਲਾਫ਼ ਥਾਣਾ ਧਨੌਲਾ ਵਿਖੇ ਮਾਮਲਾ ਦਰਜ ਕਰ ਲਿਆ ਹੈ | ਡੀਐਸਪੀ ਬਰਨਾਲਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਚਾਰ ਮੁਲਜ਼ਮਾਂ ਬਲਜੀਤ ਸਿੰਘ ਵਾਸੀ ਕੈਥਲ, ਵਿਸ਼ਾਲ ਚਾਵਲਾ ਵਾਸੀ ਦਿੱਲੀ, ਨਰੋਤਮ ਕੁਮਾਰ ਵਾਸੀ ਪਿਹੋਵਾ ਅਤੇ ਸੌਰਵ ਆਹੂਜਾ ਵਾਸੀ ਕੁਰੂਕਸ਼ੇਤਰ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲੀਸ ਨੇ ਚੋਣ ਕਮਿਸ਼ਨ ਅਤੇ ਆਮਦਨ ਕਰ ਵਿਭਾਗ ਦੀ ਫਲਾਇੰਗ ਸਕੁਐਡ ਟੀਮ ਨੂੰ ਚੌਕੀ ਵਾਲੀ ਥਾਂ ’ਤੇ ਬੁਲਾ ਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।