ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਵੱਲੋਂ ਉਮੀਦਵਾਰਾਂ ਦੇ ਐਲਾਨ
ਮੁਨੀਸ਼ ਤਿਵਾੜੀ ਨੂੰ ਚੰਡੀਗੜ੍ਹ ਤੋਂ ਉਮੀਦਵਾਰ ਐਲਾਣ ਨਾਲ
ਕਾਂਗਰਸੀ ਉਮੀਦਵਾਰ ਦੇ ਨਾਂ ਲੈ ਕੇ ਭੇਦ ਬਰਕ਼ਰਾਰ
ਦਰਸ਼ਨ ਸਿੰਘ ਗਰੇਵਾਲ
ਰੂਪਨਗਰ , 14 ਅਪ੍ਰੈਲ 2024 : ਲੋਕ ਸਭਾ 2024 ਦਾ ਚੋਣ ਅਖਾੜਾ ਹੌਲੀ ਹੌਲੀ ਭਖਣਾਂ ਸ਼ੁਰੂ ਹੋ ਚੁੱਕਾ ਹੈ।ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ ਆਪਣੇ ਉਮੀਦਵਾਰਾਂ ਦੇ ਐਲਾਨ ਕੀਤੇ ਜਾ ਰਹੇ ਨੇ। ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਵੱਲੋਂ ਮਾਲਵਿੰਦਰ ਸਿੰਘ ਕੰਗ , ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਕੁਸ਼ਲਦੀਪ ਸਿੰਘ ਮਾਨ ਅਤੇ ਕੱਲ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ ਜਦੋਂ ਕਿ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾਂ ਵੱਲੋਂ ਵੀ ਅਪਣੀ ਦਾਅਵੇਦਾਰੀ ਪੇਸ਼ ਕੀਤੀ ਜਾ ਰਹੀ ਸੀ ਪਰੰਤੂ ਉਨ੍ਹਾਂ ਨੂੰ ਪਾਰਟੀ ਵੱਲੋਂ ਗੁਰਦਾਸਪੁਰ ਤੋਂ ਚੋਣ ਮੈਦਾਨ ਵਿੱਚ ਉਤਾਰਨ ਨਾਲ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਟਿਕਟ ਲੈਣ ਵਿੱਚ ਕਾਮਯਾਬ ਰਹੇ ਹਨ। ਜੇਕਰ ਗੱਲ ਕਰੀਏ ਬੇਜੇਪੀ ਦੀ ਤਾਂ ਇਥੋ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਪੁੱਤਰ ਅਜੇ ਵੀਰ ਸਿੰਘ ਲਾਲਪੁਰਾ ਨੂੰ ਉਮੀਦਵਾਰ ਐਲਾਨਿਆ ਜਾ ਸਕਦਾ ਹੈ।
ਕਾਂਗਰਸ ਪਾਰਟੀ ਦੇ ਮੌਜੂਦਾ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਤੋਂ ਉਮੀਦਵਾਰ ਐਲਾਨਣ ਤੋਂ ਬਾਅਦ ਇਥੋਂ ਕਿਸ ਨੂੰ ਉਮੀਦਵਾਰ ਐਲਾਨਿਆ ਜਾਵੇਗਾ ਇਹ ਵੇਖਣ ਵਾਲੀ ਗੱਲ ਹੋਵੇਗੀ ,ਜਿਸ ਕਾਰਨ ਸਥਿਤੀ ਕਾਫੀ ਰੌਚਕ ਬਣ ਗਈ ਹੈ। ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰਾਂ ਵਿੱਚ ਕਪੂਰਥਲਾ ਤੋਂ ਮੌਜੂਦਾ ਵਿਧਾਇਕ ਰਾਣਾ ਗੁਰਜੀਤ ਸਿੰਘ,ਅੰਗਦ ਸੈਣੀ, ਬਲਵੀਰ ਸਿੰਘ ਸਿੱਧੂ ਦਾ ਨਾਮ ਸੱਭ ਤੋਂ ਉੱਪਰ ਚੱਲ ਰਿਹਾ ਹੈ ਇਸ ਤੋਂ ਇਲਾਵਾ ਸਾਬਕਾ ਸਪੀਕਰ ਕੇ.ਪੀ ਰਾਣਾ,ਪਰਗਟ ਸਿੰਘ ਅਤੇ ਦਾ ਨਾਂ ਸੰਭਾਵੀ ਉਮੀਦਵਾਰਾਂ ਵਜੋਂ ਚਰਚਾ ਵਿੱਚ ਹੈ। ਇਸ ਤੋਂ ਇਲਾਵਾ ਬਹੁਜਨ ਸਮਾਜ ਪਾਰਟੀ ਵੱਲੋਂ ਵੀ ਹਾਲੇ ਉਮੀਦਵਾਰ ਦਾ ਐਲਾਨ ਕੀਤਾ ਜਾਣਾ ਹਾਲੇ ਬਾਕੀ ਹੈ। ਵਰਨਣਯੋਗ ਹੈ ਕਿ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਜਿਸ ਵਿੱਚ ਵੱਖ ਵੱਖ ਨੌਂ ਵਿਧਾਨ ਸਭਾ ਹਲਕੇ ਸ਼ਾਮਲ ਹਨ,ਲੋਕ ਸਭਾ ਚੋਣਾਂ ਵਿਚ 2019 ਵਿੱਚ ਕਾਂਗਰਸ ਪਾਰਟੀ ਵੱਲੋਂ ਮੁਨੀਸ਼ ਤਿਵਾੜੀ (428045 ਵੋਟਾਂ ) ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੂੰ (381161 ਵੋਟਾਂ ) ਨੂੰ ਲੱਗਭਗ 46884 ਵੋਟਾਂ ਦੇ ਫਰਕ ਨਾਲ ਹਰਾਇਆ ਸੀ, ਜਦੋ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਸਿਰਫ 53052 ਹੀ ਪ੍ਰਾਪਤ ਹੋਈਆਂ ਸਨ। ਜੇਕਰ ਗੱਲ ਕਰੀਏ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਤਾਂ ਉਦੋਂ ਇਨ੍ਹਾਂ ਦੋਨਾਂ ਪਾਰਟੀਆਂ ਦਾ ਗੱਠਜੋੜ ਸੀ ਅਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਵਿਕਰਮ ਸਿੰਘ ਸੋਢੀ ਨੂੰ 146441 ਦੇ ਕਰੀਬ ਵੋਟਾਂ ਪ੍ਰਾਪਤ ਹੋਈਆਂ ਸਨ ਪਰੰਤੂ ਇਹ ਸਮੇਂ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਇਹ ਲੋਕਸਭਾ ਖੇਤਰ ਵਿੱਚ ਪੈਂਦੇ ਨੌਂ ਵਿਧਾਨ ਸਭਾ ਹਲਕਿਆਂ ਵਿੱਚੋ ਅੱਠ ਸੀਟਾਂ ਉਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਹਨ। ਜਿਨ੍ਹਾਂ ਵਿੱਚੋਂ ਦੋ ਕੈਬਨਿਟ ਮੰਤਰੀ ਹਨ ਕੁੱਲ ਮਿਲਾ ਕੇ ਅਨੰਦਪੁਰ ਸਾਹਿਬ ਲੋਕਸਭਾ ਸੀਟ ਉਤੇ ਬੜਾ ਦਿਲਚਸਪ ਮੁਕਾਬਲਾ ਵੇਖਣ ਨੂੰ ਮਿਲੇਗਾ ।