ਐਡਵੋਕੇਟ ਮਨਪ੍ਰੀਤ ਸਿੰਘ ਭੱਟੀ ਬਣੇ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ
ਮਲਕੀਤ ਸਿੰਘ ਮਲਕਪੁਰ
ਲਾਲੜੂ 17 ਅਪ੍ਰੈਲ 2024: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ 'ਤੇ ਹਲਕਾ ਡੇਰਾਬਸੀ ਦੇ ਨੌਜਵਾਨ ਐਡਵੋਕੇਟ ਮਨਪ੍ਰੀਤ ਸਿੰਘ ਭੱਟੀ ਨੂੰ ਪਾਰਟੀ 'ਚ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਡੇਰਾਬਸੀ ਹਲਕੇ ਦੇ ਸਾਬਕਾ ਵਿਧਾਇਕ ਅਤੇ ਲੋਕ ਸਭਾ ਪਟਿਆਲਾ ਹਲਕੇ ਤੋਂ ਉਮੀਦਵਾਰ ਐਨ.ਕੇ. ਸ਼ਰਮਾ ਦੀ ਸਿਫ਼ਾਰਸ਼ 'ਤੇ ਪਾਰਟੀ ਵੱਲੋਂ ਐਡਵੋਕੇਟ ਮਨਪ੍ਰੀਤ ਭੱਟੀ ਨੂੰ ਯੂਥ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਮਨਪ੍ਰੀਤ ਸਿੰਘ ਭੱਟੀ ਨੇ ਇਸ ਨਿਯੁਕਤੀ ਲਈ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਦੌਰਾਨ ਐਨ.ਕੇ.ਸ਼ਰਮਾ ਨੇ ਇਨ੍ਹਾਂ ਨਿਯੁਕਤੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਦੇ ਵਧੀਆ ਨਤੀਜੇ ਸਾਹਮਣੇ ਆਉਣਗੇ। ਇਲਾਕੇ ਵਿੱਚ ਨੌਜਵਾਨਾਂ ਵਿੱਚ ਸਿਆਸੀ ਜਾਗਰਤੀ ਪੈਦਾ ਹੋਵੇਗੀ ,ਜਿਸ ਨਾਲ ਉਨ੍ਹਾਂ ਦੇ ਹੌਸਲੇ ਬੁਲੰਦ ਹੋਣਗੇ ਅਤੇ ਉਹ ਪਾਰਟੀ ਅੰਦਰ ਹੋਰ ਸਰਗਰਮੀ ਨਾਲ ਕੰਮ ਕਰਨਗੇ ਤੇ ਇਸ ਨਾਲ ਪੰਜਾਬ ਦੇ ਵਿਕਾਸ ਨੂੰ ਹੋਰ ਤਰੱਕੀ ਤੇ ਬਲ ਮਿਲੇਗਾ।