ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਨੰਬਰ 7 ਵਿੱਚ ਪ੍ਰਧਾਨ ਹਰਤਾਰ ਸਿੰਘ ਦੀ ਅਗਵਾਈ ਹੇਠ ਮੀਟਿੰਗ
ਅਸ਼ੋਕ ਵਰਮਾ
ਬਠਿੰਡਾ, 19 ਅਪ੍ਰੈਲ 2024:ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਵਿੱਚ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਮੀਟਿੰਗਾਂ ਦੀ ਲੜੀ ਤਹਿਤ ਅੱਜ ਸਰਕਲ ਸਰਕਲ ਨੰਬਰ 7 ਵਿੱਚ ਸਰਕਲ ਪ੍ਰਧਾਨ ਹਰਤਾਰ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ, ਜਿਸ ਵਿੱਚ ਇਕਬਾਲ ਸਿੰਘ ਬਬਲੀ ਢਿੱਲੋਂ, ਮਹਿਲਾ ਵਿੰਗ ਪ੍ਰਧਾਨ ਬੀਬਾ ਹਰਗੋਬਿੰਦ ਕੌਰ ਮੁੱਖ ਤੌਰ ’ਤੇ ਹਾਜ਼ਰ ਸਨ। ਇਸ ਦੌਰਾਨ ਇਕਬਾਲ ਸਿੰਘ ਬਬਲੀ ਢਿੱਲੋਂ, ਬੀਬਾ ਹਰਗੋਬਿੰਦ ਕੌਰ ਅਤੇ ਹਰਤਾਰ ਸਿੰਘ ਨੇ ਕਿਹਾ ਕਿ ਬਠਿੰਡਾ ਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਹੋਇਆ ਹੈ, ਜਦੋਂ ਕਿ ਬਠਿੰਡਾ ਦੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦੇ ਯਤਨਾਂ ਸਦਕਾ ਬਠਿੰਡਾ ਵਿੱਚ ਏਮਜ਼ ਅਤੇ ਸਿੱਖਿਆ ਪ੍ਰਣਾਲੀ ਮਜ਼ਬੂਤ ਕਰਨ ਲਈ ਕੇਂਦਰੀ ਯੂਨੀਵਰਸਿਟੀ ਵਰਗੇ ਪ੍ਰੋਜੈਕਟ ਸਥਾਪਿਤ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਲੋਕ ਸਭਾ ਵਿੱਚ ਬਠਿੰਡਾ ਅਤੇ ਪੰਜਾਬ ਦੇ ਵੱਖ-ਵੱਖ ਸਮਾਜਿਕ ਮੁੱਦੇ ਉਠਾਏ ਗਏ, ਜਿਸ ਕਾਰਨ ਉਨ੍ਹਾਂ ਨੂੰ ਲੋਕ ਸਭਾ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ, ਜੋ ਕਿ ਲੋਕ ਸਭਾ ਹਲਕਾ ਬਠਿੰਡਾ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਇਤਿਹਾਸਕ ਜਿੱਤ ਹੋਵੇਗੀ ਅਤੇ ਬਠਿੰਡਾ ਦੀਆਂ ਸਮੱਸਿਆਵਾਂ ਜਲਦੀ ਹੀ ਹੱਲ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਕਾਂਗਰਸ ਵਿਚਾਲੇ ਅੰਦਰੂਨੀ ਗਠਜੋੜ ਹੈ, ਜਿਸ ਕਾਰਨ ਬਠਿੰਡਾ ਅਤੇ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਮਿਲਣ ਦੀ ਕੋਈ ਉਮੀਦ ਨਹੀਂ ਹੈ, ਜਦਕਿ ਕੇਂਦਰ 'ਚ ਭਾਜਪਾ ਦੀ ਸਰਕਾਰ ਵੀ ਪੰਜਾਬੀ ਵਿਰੋਧੀ ਹੈ। ਉਨ੍ਹਾਂ ਬਠਿੰਡਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਠਿੰਡਾ ਅਤੇ ਪੰਜਾਬ ਦੀ ਭਲਾਈ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦੀ ਹੈ, ਇਸ ਲਈ ਆਪਣੀ ਖੇਤਰੀ ਪਾਰਟੀ ਨੂੰ ਮਜ਼ਬੂਤ ਕਰੋ, ਤਾਂ ਜੋ ਪੰਜਾਬ ਅਤੇ ਬਠਿੰਡਾ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਕੇ ਬੇਰੁਜ਼ਗਾਰੀ ਅਤੇ ਨਸ਼ਿਆਂ ਤੋਂ ਮੁਕਤ ਕੀਤਾ ਜਾ ਸਕੇ।