ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪ ਲਾਈਨ ਨੰਬਰ ਜਾਰੀ
- ਕੋਈ ਵੀ ਵਿਅਕਤੀ ਸਕੂਲੀ ਵਾਹਨਾਂ ਬਾਰੇ ਦਰਜ ਕਰਵਾ ਸਕੇਗਾ ਸ਼ਿਕਾਇਤ: ਜਤਿੰਦਰ ਜੋਰਵਾਲ
- ਸੇਫ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਲਈ ਪ੍ਰਸ਼ਾਸ਼ਨ ਨੇ ਚੁੱਕਿਆ ਕਦਮ
ਦਲਜੀਤ ਕੌਰ
ਸੰਗਰੂਰ, 24 ਅਪ੍ਰੈਲ, 2024: ਜ਼ਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਲਈ ਹੈਲਪ ਲਾਈਨ ਨੰਬਰ ਜਾਰੀ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸਮੂਹ ਪ੍ਰਾਈਵੇਟ ਸਕੂਲਾਂ ਦੇ ਮੁਖੀਆਂ, ਪ੍ਰਬੰਧਕਾਂ, ਟਰਾਂਸਪੋਰਟਰਾਂ ਤੇ ਹੋਰ ਨੁਮਾਇੰਦਿਆਂ ਨਾਲ ਸਮੇਂ ਸਮੇਂ ਤੇ ਮੀਟਿੰਗਾਂ ਕਰਕੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਇੰਨ ਬਿੰਨ ਲਾਗੂ ਕਰਨ ਬਾਰੇ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਹੁਣ ਪ੍ਰਸ਼ਾਸ਼ਨ ਵੱਲੋਂ ਇੱਕ ਹੈਲਪ ਲਾਈਨ ਨੰਬਰ 99143-28300 ਜਾਰੀ ਕੀਤਾ ਗਿਆ ਹੈ ਜਿਸ ਉੱਤੇ ਕੋਈ ਵੀ ਨਾਗਰਿਕ ਫੋਨ ਕਰਕੇ ਸਕੂਲੀ ਵਾਹਨਾਂ ਨਾਲ ਸਬੰਧਤ ਕੋਈ ਵੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਵਾਹਨਾਂ ਰਾਹੀਂ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣਾ ਸਕੂਲ ਮੁਖੀਆਂ ਦੀ ਜਿੰਮੇਵਾਰੀ ਹੈ ਅਤੇ ਜੇਕਰ ਭਵਿੱਖ ਵਿੱਚ ਕੋਈ ਵੀ ਸਕੂਲ ਪ੍ਰਬੰਧਕ ਸੇਫ ਸਕੂਲ ਵਾਹਨ ਪਾਲਿਸੀ ਦੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਲਈ ਜਿੰਮੇਵਾਰ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।