ਗਰਮ ਲੂ (ਹੀਟ ਵੇਵ) ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ ਕੀਤੀ : ਸਿਵਲ ਸਰਜਨ
ਜਲੰਧਰ 6 ਮਈ 2024 : ਆਗਾਮੀ ਦਿਨਾਂ ਵਿੱਚ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਗਰਮ ਲੂ (ਹੀਟ ਵੇਵ) ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਸਿਵਲ ਸਰਜਨ ਡਾ. ਜਗਦੀਪ ਚਾਵਲਾ ਨੇ ਦੱਸਿਆ ਕਿ ਤਾਪਮਾਨ ਵਿੱਚ ਦਿਨ-ਪ੍ਰਤੀਦਿਨ ਹੋ ਰਹੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਲੋਕਾਂ ਨੂੰ ਗਰਮ ਲੂ ਤੋਂ ਬਚਾਅ ਹਿੱਤ ਵਧੇਰੇ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਮੈਦਾਨੀ ਖੇਤਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਤੱਕ ਪਹੁੰਚ ਜਾਂਦਾ ਹੈ ਤਾਂ ਇਹ ਉੱਚ ਤਾਪਮਾਨ ਸਰੀਰ ਦੀ ਤਾਪਮਾਨ ਨਿਯਤੰਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸੰਬੰਧਤ ਬਿਮਾਰੀਆਂ ਦਾ ਕਾਰਨ ਬਣਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਇਜ਼ਰੀ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਮਈ ਅਤੇ ਜੂਨ ਮਹੀਨੇ ਦੌਰਾਨ ਗਰਮ ਲੂ ਚੱਲਣ ਦੀ ਜਿਆਦਾ ਸੰਭਾਵਨਾ ਹੁੰਦੀ ਹੈ ਅਤੇ ਇਸ ਸਮੇਂ ਦੌਰਾਨ ਨਵਜਨਮੇ ਅਤੇ ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵਢੇਰੀ ਉਮਰ ਦੇ ਵਿਅਕਤੀ, ਮਜਦੂਰੀ ਕਰਨ ਵਾਲੇ ਅਤੇ ਉਹ ਲੋਕ ਜੋ ਸਰੀਰਕ ਤੌਰ 'ਤੇ ਬਿਮਾਰ ਹਨ, ਖਾਸਕਰ ਦਿਲ ਦੀ ਬਿਮਾਰੀ ਜਾਂ ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਹਨ, ਉਨ੍ਹਾਂ ਨੂੰ ਵਧੇਰੇ ਜੋਖਮ ਹੁੰਦਾ ਹੈ।
ਸਿਵਲ ਸਰਜਨ ਨੇ ਕਿਹਾ ਕਿ ਹੀਟ ਵੇਵ ਦੌਰਾਨ ਸਾਨੂੰ ਆਪਣੇ ਖਾਣ-ਪੀਣ ਵੱਲ ਵੀ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਨੂੰ ਹਰੀਆਂ ਸਬਜੀਆਂ ਅਤੇ ਮੌਸਮੀ ਫ਼ਲ ਜਿਵੇਂ ਤਰਬੂਜ, ਖਰਬੂਜਾ, ਸੰਤਰਾ, ਅੰਗੂਰ ਆਦਿ ਦਾ ਸੇਵਨ ਕਰਨਾ ਚਾਹੀਦਾ ਹੈ ਕਿਉਂ ਜੋ ਇਨ੍ਹਾਂ ਵਿੱਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ।
ਗਰਮ ਲੂ (ਹੀਟ ਵੇਵ) ਦੇ ਲੱਛਣ ਅਤੇ ਬਚਾਅ ਲਈ ਸਾਵਧਾਨੀਆਂ
ਸਿਵਲ ਸਰਜਨ ਡਾ. ਜਗਦੀਪ ਚਾਵਲਾ ਨੇ ਕਿਹਾ ਕਿ ਸਰੀਰ ਦਾ ਤਾਪਮਾਨ 40 ਡਿਗਰੀ ਤੋਂ ਵੱਧ ਹੋਣਾ, ਬਹੁਤ ਤੇਜ ਸਿਰ ਦਰਦ ਹੋਣਾ, ਬੇਚੈਨੀ, ਚੱਕਰ ਆਉਣਾ, ਮਾਸਪੇਸ਼ੀਆਂ ਦੀ ਕਮਜੋਰੀ, ਜੀਅ ਕੱਚਾ ਹੋਣਾ ਅਤੇ ਉਲਟੀ ਆਉਣਾ, ਦਿਲ ਦੀ ਧੜਕਨ ਤੇਜ ਹੋਣਾ ਆਦਿ ਗਰਮੀ ਦੀ ਲਹਿਰ (ਹੀਟ ਵੇਵ) ਦੇ ਲੱਛਣ ਹਨ। ਅਜਿਹੇ ਲੱਛਣ ਦਿਖਾਈ ਦੇਣ 'ਤੇ ਪ੍ਰਭਾਵਿਤ ਵਿਅਕਤੀ ਨੂੰ ਤੁਰੰਤ ਨਜਦੀਕੀ ਸਿਹਤ ਸੰਸਥਾ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਸੰਭਵ ਹੋਵੇ ਤਾਂ ਬਾਹਰਲੇ ਕੰਮ ਦਿਨ ਦੇ ਠੰਡੇ ਸਮੇਂ ਯਾਨੀ ਸਵੇਰੇ ਅਤੇ ਸ਼ਾਮ ਨੂੰ ਹੀ ਕਰੋ। ਹਲਕੇ ਰੰਗ ਦੇ ਢਿੱਲੇ ਸੂਤੀ ਕੱਪੜੇ ਪਾਉਣ ਦੇ ਨਾਲ-ਨਾਲ ਧੁੱਪ ਤੋਂ ਬਚਾਅ ਲਈ ਛੱਤਰੀ, ਟੋਪੀ, ਤੋਲੀਏ ਆਦਿ ਦੀ ਵਰਤੋ ਕਰਨੀ ਚਾਹੀਦੀ ਹੈ ਅਤੇ ਨੰਗੇ ਪੈਰ ਧੁੱਪ 'ਚ ਜਾਣ ਤੋਂ ਪਰਹੇਜ ਕਰਨਾ ਚਾਹੀਦਾ ਹੈ। ਇਸਦੇ ਨਾਲ ਹੀ ਜੇਕਰ ਧੁੱਪ ਵਿੱਚ ਬਾਹਰ ਜਾਣਾ ਜਿਆਦਾ ਜਰੂਰੀ ਹੋਵੇ ਤਾਂ ਪਾਣੀ ਨਾਲ ਲੈ ਕੇ ਜਰੂਰ ਜਾਓ। ਥੋੜ੍ਹੇ-ਥੋੜ੍ਹੇ ਵਕਫੇ ਬਾਅਦ ਪਾਣੀ ਜਰੂਰ ਪੀਓ। ਮਿਰਗੀ ਜਾਂ ਦਿਲ ਦੀ ਬਿਮਾਰੀ ਅਤੇ ਗੁਰਦੇ ਜਾਂ ਜਿਗਰ ਦੀ ਬਿਮਾਰੀ ਵਾਲੇ ਵਿਅਕਤੀ ਜੋ ਤਰਲ ਪਦਾਰਥਾਂ ਦੀ ਸੀਮਤ ਖੁਰਾਕ 'ਤੇ ਹਨ, ਪਾਣੀ ਦਾ ਸੇਵਨ ਵਧਾਉਣ ਤੋਂ ਪਹਿਲਾਂ ਡਾਕਟਰੀ ਸਲਾਹ ਜਰੂਰ ਲੈਣ।