ਅਮਨ ਪੂਰਵਕ ਨਿਰਪੱਖ ਚੋਣਾਂ ਕਰਵਾਉਣ ਲਈ ਢੁਕਵਾ ਮਾਹੌਲ ਸਿਰਜਿਆ ਜਾਵੇਗਾ- ਅਜੇ ਸਿੰਘ
- ਡੀ.ਐੱਸ.ਪੀ ਦੀ ਅਗਵਾਈ ਵਿੱਚ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੇ ਕੱਢਿਆ ਫਲੈਗ ਮਾਰਚ
- ਵੋਟਰਾਂ ਨੂੰ ਕੀਤਾ ਜਾਗਰੂਕ, ਬਿਨਾ ਭੇਦ-ਭਾਵ ਦਬਾਅ ਤੇ ਡਰ ਤੋ ਸ਼ਾਤੀਪੂਰਵਕ ਢੰਗ ਨਾਲ ਵੋਟ ਦੀ ਵਰਤੋਂ ਦੀ ਅਪੀਲ
ਪ੍ਰਮੋਦ ਭਾਰਤੀ
ਸ੍ਰੀ ਅਨੰਦਪੁਰ ਸਾਹਿਬ 08 ਮਈ,2024 - ਪੁਲਿਸ ਅਤੇ ਪ੍ਰਸ਼ਾਸ਼ਨ ਲੋਕ ਸਭਾ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਇਸੇ ਲੜੀ ਤਹਿਤ ਅਜੇ ਸਿੰਘ ਡੀ.ਐਸ.ਪੀ ਦੀ ਅਗਵਾਈ ਹੇਠ ਸ਼ਹਿਰ ਅੰਦਰ ਭੀੜ ਵਾਲੀਆਂ ਥਾਵਾਂ, ਝੁੱਗੀਆਂ ਝੋਪੜੀਆਂ (ਸਲੱਮ ਏਰੀਏ) ਅਤੇ ਵਲਨਰੇਬਲ ਏਰੀਆ ਅੰਦਰ ਫਲੈਗ ਮਾਰਚ ਕੱਢਿਆ ਗਿਆ।
ਅਜੇ ਸਿੰਘ ਡੀ.ਐਸ.ਪੀ ਨੇ ਦੱਸਿਆ ਕਿ ਪੰਜਾਬ ਵਿਚ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਕੇਂਦਰੀ ਸੁਰੱਖਿਆ ਬਲਾਂ ਦੇ ਨਾਲ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਫਲੈਗ ਮਾਰਚ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਲੋਕਤੰਤਰ ਦਾ ਤਿਉਹਾਰ ਸ਼ੁਰੂ ਹੋ ਚੁੱਕਾ ਹੈ, ਜਿਸ ਵਿਚ ਹਰ ਵੋਟ ਕੀਮਤੀ ਹੈ, ਜਿਸ ਦੇ ਚਲਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਹਰ ਸੰਭਵ ਯਤਨ ਕੀਤੇ ਜਾਣਗੇ ਕਿ ਉਹ ਆਪਣੀ ਵੋਟ ਦੀ ਵਰਤੋਂ ਪੂਰੇ ਨਿਡਰ ਹੋ ਕੇ ਕਰ ਸਕਣ ਅਤੇ ਲੋਕ ਸਭਾ ਚੋਣਾਂ ਲਈ ਨਿਰਪੱਖ ਅਤੇ ਸ਼ਾਤੀਪੂਰਵਕ ਮਾਹੌਲ ਸਿਰਜਿਆ ਜਾਵੇਗਾ।
ਉਨ੍ਹਾਂ ਨਵੇਂ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਿਨ੍ਹਾਂ ਕਿਸੇ ਲਾਲਚ ਅਤੇ ਡਰ ਤੋਂ ਉਪਰ ਉਠ ਕੇ ਆਪਣੇ ਸੋਚ ਦੇ ਆਧਾਰ ਉਤੇ ਵੋਟ ਪਾਉਣ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਵੋਟ ਦੇ ਸਹੀ ਅਧਿਕਾਰ ਅਤੇ ਉਸਦੀ ਤਾਕਤ ਬਾਰੇ ਜਾਣੂ ਕਰਵਾਇਆ ਜਾਵੇ। ਇਨ੍ਹਾਂ ਚੋਣਾਂ ਨੂੰ ਸਾਂਤੀਪੂਰਨ ਤਰੀਕੇ ਨਾਲ ਨੇਪੜੇ ਚਾੜਨ ਲਈ ਅਤੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ਵਲੋਂ ਲਗਾਤਾਰ ਫਲੈਗ ਮਾਰਚ ਕੱਢੇ ਜਾ ਰਹੇ ਹਨ। ਇਸ ਮੌਕੇ ਹਿੰਮਤ ਸਿੰਘ ਥਾਨਾ ਮੁਖੀ ਸ੍ਰੀ ਅਨੰਦਪੁਰ ਸਾਹਿਬ ਵੀ ਮੋਜੂਦ ਸਨ।