ਜਲੰਧਰ 08 ਨਵੰਬਰ 2018: ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ, ਲੋਕ ਸੰਗਰਾਮ ਮੰਚ (ਆਰ.ਡੀ.ਐਫ.), ਇਨਕਲਾਬੀ ਲੋਕ ਮੋਰਚਾ, ਇਨਕਲਾਬੀ ਕੇਂਦਰ ਪੰਜਾਬ ਅਤੇ ਇਨਕਲਾਬੀ ਜਮਹੂਰੀ ਮੋਰਚਾ ਵੱਲੋਂ ਵਿਚਾਰਾਂ ਦੇ ਪ੍ਰਗਟਾਵੇ ਉਪਰ ਪਾਬੰਦੀ ਲਾਉਣ ਲਈ ਲੇਖਕਾਂ, ਬੁੱਧੀਜੀਵੀਆਂ ਅਤੇ ਪੱਤਰਕਾਰਾਂ ਨੂੰ ਗ੍ਰਿਫਤਾਰ ਕਰਨ ਅਤੇ ਝੂਠੇ ਕੇਸਾਂ ਵਿੱਚ ਫਸਾ ਕੇ ਜੇਲੀਂ ਡੱਕਣ ਦਾ ਵਿਰੋਧ ਕਰਨ ਲਈ 12 ਨਵੰਬਰ ਨੂੰ ਸੰਗਰੂਰ ਅਤੇ 14 ਨਵੰਬਰ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ 'ਚ ਕਨਵੈਨਸ਼ਨਾਂ ਕੀਤੀਆਂ ਜਾ ਰਹੀਆਂ ਹਨ, ਕਨਵੈਨਸ਼ਨਾਂ ਉਪਰੰਤ ਮੁਜ਼ਾਹਰੇ ਕੀਤੇ ਜਾ ਰਹੇ ਹਨ।
ਸੀ.ਪੀ.ਆਈ. (ਐਮ-ਐਲ) ਨਿਊ ਡੈਮੋਕਰੇਸੀ ਦੇ ਸੂਬਾਈ ਆਗੂ ਕਾਮਰੇਡ ਅਜਮੇਰ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਘ ਪਰਿਵਾਰ ਵੱਲੋਂ ਪ੍ਰਚਾਰੀਆਂ ਅਤੇ ਲਾਗੂ ਕੀਤੀਆਂ ਜਾ ਰਹੀਆਂ ਫਾਸ਼ੀਵਾਦੀ ਨੀਤੀਆਂ ਦਾ ਵਿਰੋਧ ਕਰਨ ਅਤੇ ਮਿਹਨਤੀ ਲੋਕਾਂ, ਦਲਿਤਾਂ, ਘੱਟ ਗਿਣਤੀਆਂ ਅਤੇ ਔਰਤਾਂ ਦੇ ਹੱਕਾਂ ਲਈ ਬੋਲਣ ਵਾਲੇ ਹਰ ਲੇਖਕ, ਬੁੱਧੀਜੀਵੀ, ਪੱਤਰਕਾਰ ਅਤੇ ਜੱਥੇਬੰਦੀ ਨੂੰ ਦੇਸ਼ ਧਰੋਹੀ ਆਖਿਆ ਜਾ ਰਿਹਾ ਹੈ। ਵਿਰੋਧੀਆਂ ਦੀ ਆਵਾਜ਼ ਬੰਦ ਕਰਨ ਲਈ ਉਹਨਾਂ ਦੇ ਕਤਲ ਕੀਤੇ ਜਾ ਰਹੇ ਹਨ। ਝੂਠੇ ਕੇਸਾਂ ਵਿੱਚ ਫਸਾ ਕੇ ਜੇਲ•ਾਂ ਵਿੱਚ ਬੰਦ ਕੀਤਾ ਜਾ ਰਿਹਾ ਹੈ ਅਤੇ ਮੀਡੀਏ ਰਾਹੀਂ ਅਜਿਹਾ ਮਾਹੌਲ ਸਿਰਜਿਆ ਜਾ ਰਿਹਾ ਹੈ ਜਿਸ ਨਾਲ ਇਹਨਾਂ ਕਾਰਵਾਈਆਂ ਨੂੰ ਆਸਾਨ ਬਣਾਇਆ ਜਾ ਸਕੇ ਤੇ ਜਾਇਜ਼ ਠਹਿਰਾਇਆ ਜਾ ਸਕੇ। ਤਾਜ਼ਾ ਘਟਨਾਕ੍ਰਮ ਵਿੱਚ ਗੌਤਮ ਨਵਲੱਖਾ, ਸੁਧਾ ਭਾਰਦਵਾਜ, ਬਰਨੌਨ ਗੋਸਾਲਵੇਜ, ਅਰੁਨ ਫਰੇਰਾ ਅਤੇ ਵਰਵਰਾ ਰਾਓ ਨੂੰ ਝੂਠੇ ਕੇਸਾਂ 'ਚ ਫਸਾ ਕੇ ਜੇਲ• ਭੇਜਿਆ ਗਿਆ ਹੈ। ਇਸਤੋਂ ਪਹਿਲਾਂ ਕਨ•ਈਆ ਕੁਮਾਰ ਅਤੇ ਉਮਰ ਖਾਲਿਦ ਨੂੰ ਸਮੁੱਚੇ ਦੇਸ਼ ਵਿੱਚ ਦੇਸ਼ ਧ੍ਰੋਹੀ ਦੇ ਤੌਰ 'ਤੇ ਪੇਸ਼ ਕੀਤਾ ਗਿਆ। ਏਥੋਂ ਤੱਕ ਕਿ ਗੌਰੀ ਲੰਕੇਸ਼, ਕੁਲਬਰਗੀ, ਨਰਿੰਦਰ ਦਭੋਲਕਰ ਅਤੇ ਗੋਬਿੰਦ ਪੰਸਾਰੇ ਆਦਿ ਨੂੰ ਕਤਲ ਕਰ ਦਿੱਤਾ ਗਿਆ।
ਉਨ•ਾਂ ਮੰਗ ਕੀਤੀ ਕਿ ਬੁੱਧੀਜੀਵੀਆਂ, ਲੇਖਕਾਂ ਅਤੇ ਪੱਤਰਕਾਰਾਂ ਖ਼ਿਲਾਫ਼ ਦਰਜ ਝੂਠੇ ਕੇਸ ਵਾਪਸ ਲਏ ਜਾਣ ਅਤੇ ਉਨ•ਾਂ ਨੂੰ ਫੌਰੀ ਰਿਹਾਅ ਕੀਤਾ ਜਾਵੇ। ਉਨ•ਾਂ ਇਨਕਲਾਬੀ, ਜਮਹੂਰੀਅਤ ਪਸੰਦ, ਦੇਸ਼ ਭਗਤ, ਅਗਾਂਹਵਧੂ ਲੇਖਕਾਂ, ਪੱਤਰਕਾਰਾਂ, ਬੁੱਧੀਜੀਵੀਆਂ ਨੂੰ ਸੰਘ ਪਰਿਵਾਰ ਦੀਆਂ ਫਾਸ਼ੀ ਨੀਤੀਆਂ ਦਾ ਇੱਕ ਜੁੱਟ ਹੋ ਕੇ ਵਿਰੋਧ ਕਰਨ ਲਈ 12 ਨਵੰਬਰ ਨੂੰ ਸੰਗਰੂਰ ਅਤੇ 14 ਨਵੰਬਰ ਨੂੰ ਜਲੰਧਰ ਦੇਸ਼ ਭਗਤ ਯਾਦਗਾਰ ਹਾਲ ਪਹੁੰਚਣ ਦਾ ਸੱਦਾ ਦਿੱਤਾ।