ਜਗਦੀਸ਼ ਥਿੰਦ
ਫਾਜ਼ਿਲਕਾ 15 ਨਵੰਬਰ
ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਜ਼ਿਲ੍ਹੇ ਦੇ ਪਿੰਡ ਆਲਮਗੜ੍ਹ ਵਿਖੇ ਸਥਿਤ ਮਾਤਰ ਛਾਇਆ ਅਨਾਥ ਆਸ਼ਰਮ ਨੂੰ ਅਡਾਪਸ਼ਨ ਏਜੰਸੀ ਘੋਸ਼ਿਤ ਕੀਤਾ ਗਿਆ ਹੈ। ਇਸ ਕਾਰਨ ਹੁਣ ਇਹ ਆਸ਼ਰਮ ਬੇਸਹਾਰਾ, ਦੁਤਕਾਰੇ ਅਤੇ ਅਣਚਾਹੇ ਬੱਚਿਆਂ ਲਈ ਵਰਦਾਨ ਸਾਬਿਤ ਹੋਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਦਿੱਤੀ।
ਇਸ ਸਬੰਧੀ ਵਧੇਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਆਸ਼ਰਮ ਨੂੰ ਅਡਾਪਸ਼ਨ ਏਜੰਸੀ ਘੋਸ਼ਿਤ ਕਰਨ ਨਾਲ ਇਸ ਦੇ ਆਲੇ-ਦੁਆਲੇ ਦੇ ਬੇਸਹਾਰੇ, ਦੁਤਕਾਰੇ ਅਤੇ ਅਣਚਾਹੇ ਬੱਚਿਆਂ ਨੂੰ ਕਾਨੂੰਨੀ ਪ੍ਰਕਿਰਿਆ ਰਾਹੀਂ ਦੇਸ਼ ਵਿੱਚ ਅਤੇ ਦੇਸ਼ ਤੋਂ ਬਾਹਰ ਗੋਦ ਦਿੱਤਾ ਜਾ ਸਕੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਜਿਹੜੇ ਮਾਤਾ-ਪਿਤਾ ਆਪਣੇ ਬੱਚੇ ਦੀ ਸਾਂਭ-ਸੰਭਾਲ ਨਹੀਂ ਕਰ ਸਕਦੇ ਉਹ ਵੀ ਆਪਣੇ ਬੱਚੇ ਨੂੰ ਇਸ ਸੰਸਥਾ ਵਿੱਚ ਦੇ ਸਕਦੇ ਹਨ। ਇਸ ਤੋਂ ਇਲਾਵਾਂ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਫਾਜ਼ਿਲਕਾ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਮੈਡਮ ਰੀਤੂ ਬਾਲਾ ਨੇ ਦੱੱਸਿਆ ਕਿ ਲੋਕ ਦੁਤਕਾਰੇ, ਅਣਚਾਹੇ ਬੱਚਿਆਂ ਨੂੰ ਝਾੜੀਆਂ ਅਤੇ ਸੜਕ ਆਦਿ ਤੇ ਸੱਟਣ ਦੀ ਬਜਾਏ ਇਸ ਸੰਸਥਾ ਨੂੰ ਬੱਚੇ ਸਾਂਭ-ਸੰਭਾਲ ਲਈ ਦੇ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਅਜਿਹੇ ਮਾਪਿਆਂ ਦਾ ਨਾਂ ਵੀ ਗੁਪਤ ਰੱਖਿਆ ਜਾਵੇਗਾ ਅਤੇ ਉਨ੍ਹਾਂ ਖਿਲਾਫ ਕਿਸੇ ਤਰ੍ਹਾਂ ਦੀ ਕੋਈ ਵੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦੁਤਕਾਰੇ ਅਤੇ ਅਣਚਾਹੇ ਬੱਚਿਆਂ ਨੂੰ ਜ਼ਿਲ੍ਹਾ ਬਾਲ ਭਲਾਈ ਕਮੇਟੀ ਦੇ ਹੁਕਮਾਂ ਅਨੁਸਾਰ ਲੀਗਲ ਫਰੀ ਫਾਰ ਅਡਾਪਸ਼ਨ ਕੀਤਾ ਜਾਵੇਗਾ।
ਫੋਟੋ ਕੈਪਸ਼ਨ-1. ਮਾਤਰ ਛਾਇਆ ਅਨਾਥ ਆਸ਼ਰਮ ਆਲਮਗੜ੍ਹ ਦੀ ਫਾਇਲ ਫੋਟੋ।