ਸਾਈਬਰ ਕੈਫੇ 'ਚ ਆਉਣ ਵਾਲੇ ਹਰ ਵਿਅਕਤੀ ਦਾ ਰੱਖਿਆ ਜਾਵੇਗਾ ਰਿਕਾਰਡ
ਰੂਪਨਗਰ 19 ਨਵੰਬਰ -ਸਾਈਬਰ ਕੈਫੇ 'ਚ ਇੰਟਰਨੈਟ ਦੀ ਵਰਤੋਂ ਕਰਨ ਵਾਲੇ ਹਰ ਵਿਅਕਤੀ ਦਾ ਰਿਕਾਰਡ ਰੱਖਿਆ ਜਾਵੇ ਅਤੇ ਉਸਦੀ ਸ਼ਨਾਖਤ ਉਸਦੇ ਸ਼ਨਾਖਤੀ ਕਾਰਡ, ਵੋਟਰ ਕਾਰਡ, ਰਾਸ਼ਨ ਕਾਰਡ, ਡਰਾਈਵਿੰਗ ਲਾਇਸੈਂਸ, ਪਾਸਪੋਰਟ ਅਤੇ ਫੋਟੋ ਵਾਲੇ ਕਰੈਡਿਟ ਕਾਰਡ ਰਾਹੀਂ ਕੀਤੀ ਜਾਵੇ।ਡਾਕਟਰ ਸੁਮੀਤ ਜਾਰੰਗਲ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਨੇ ਧਾਰਾ 144 ਤਹਿਤ ਇਹ ਹੁਕਮ ਜਾਰੀ ਕਰਦੇ ਹੋਏ ਸਾਈਬਰ ਕੈਫੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਰਜਿਸਟਰ 'ਚ ਕੈਫੇ ਦੀ ਵਰਤੋਂ ਕਰਨ ਵਾਲੇ ਹਰ ਵਿਅਕਤੀ ਦਾ ਰਿਕਾਰਡ ਰੱਖਣ ਅਤੇ ਕੈਫੇ ਦੀ ਵਰਤੋਂ ਕਰਨ ਵਾਲਾ ਵਿਅਕਤੀ ਆਪਣੇ ਹੱਥ ਨਾਲ ਆਪਣਾ ਨਾਮ, ਪਤਾ, ਟੈਲੀਫੋਨ ਨੰਬਰ, ਸ਼ਨਾਖਤ ਲਿਖੇ ਅਤੇ ਦਸਤਖਤ ਕਰੇ।
ਕੰਪਿਊਟਰ 'ਤੇ ਹੋਣ ਵਾਲੀ ਸਾਰੀ ਕਰਵਾਈ ਮੁੱਖ ਸਰਵਰ 'ਤੇ ਰੱਖੀ ਜਾਵੇ ਅਤੇ ਇਸ ਦਾ ਰਿਕਾਰਡ 6 ਮਹੀਨੇ ਤੱਕ ਰੱਖਿਆ ਜਾਵੇ। ਦੇਸ਼ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਹੁਕਮ ਰਾਹੀਂ ਸਾਈਬਰ ਕੈਫੇ ਮਾਲਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਦੀ ਕੋਈ ਕਾਰਵਾਈ ਸ਼ੱਕੀ ਮਹਿਸੂਸ ਹੁੰਦੀ ਹੈ, ਤਾਂ ਉਹ ਤਰੁੰਤ ਇਸ ਦੀ ਸੂਚਨਾ ਪੁਲਿਸ ਨੂੰ ਦੇਣ ਅਤੇ ਉਸ ਵਿਅਕਤੀ ਵੱਲੋਂ ਵਰਤੇ ਗਏ ਵਿਸ਼ੇਸ਼ ਕੰਪੀਊਟਰ ਬਾਰੇ ਰਿਕਾਰਡ ਨੂੰ ਸੰਭਾਲ ਕੇ ਰੱਖਣ। ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 08 ਜਨਵਰੀ 2019 ਤੱਕ ਲਾਗੂ ਰਹਿਣਗੇ।