ਸਿਹਤ ਮੰਤਰੀ ਪੰਜਾਬ ਸ੍ਰੀ ਬ੍ਰਹਮ ਮਹਿੰਦਰਾ, ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ੍ਰ. ਬਲਬੀਰ ਸਿੰਘ ਸਿੱਧੂ ਅਤੇ ਮੈਂਬਰ ਲੋਕ ਸਭਾ ਸ੍ਰੀ ਸੁਨੀਲ ਜਾਖੜ ਐਸ.ਏ.ਐਸ.ਨਗਰ ਤੋਂ ਪੰਜਾਬ ਯੂਥ ਕਾਂਗਰਸ ਵੱਲੋਂ ਸੂਬੇ ਵਿੱਚ ਜਵਾਨੀ ਸੰਭਾਲ ਮੋਰਚੇ ਦੀ ਰਸਮੀ ਸ਼ੁਰੂਆਤ ਮੌਕੇ ਕਰਵਾਏ ਗਏ ਸਮਾਗਮ ਵਿੱਚ ਸਮੂਲੀਅਤ ਕਰਦੇ ਹੋਏ।
ਐਸ.ਏ.ਐਸ. ਨਗਰ, 20 ਨਵੰਬਰ 2018: ਸਿਹਤ ਮੰਤਰੀ ਪੰਜਾਬ ਸ੍ਰੀ ਬ੍ਰਹਮ ਮਹਿੰਦਰਾ, ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਅਤੇ ਮੈਂਬਰ ਲੋਕ ਸਭਾ ਸ੍ਰੀ ਸੁਨੀਲ ਜਾਖੜ ਵੱਲੋਂ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਲਾਲੀ ਦੀ ਅਗਵਾਈ ਵਿੱਚ ਸੂਬੇ 'ਚ ਜਵਾਨੀ ਸੰਭਾਲ ਮੋਰਚੇ ਦੀ ਸ਼ੁਰੂਆਤ ਸ਼ਿਵਾਲਿਕ ਪਬਲਿਕ ਸਕੂਲ ਦੇ ਆਡੀਟੋਰੀਅਮ ਵਿਖੇ ਕਰਵਾਏ ਸਮਾਗਮ ਦੌਰਾਨ ਕੀਤੀ ਗਈ।
ਸਮਾਗਮ ਨੂੰ ਸੰਬੋਧਨ ਕਰਦਿਆਂ ਮੈਂਬਰ ਲੋਕ ਸਭਾ ਤੇ ਪ੍ਰਧਾਨ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਯੂਥ ਕਾਂਗਰਸ ਪੰਜਾਬ ਵੱਲੋਂ ਰਾਜ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸ਼ੁਰੂ ਕੀਤੀ ਗਏ ਜਵਾਨੀ ਸੰਭਾਲ ਮੋਰਚੇ ਦੇ ਸਾਰਥਕ ਸਿੱਟੇ ਸਾਹਮਣੇ ਆਉਣਗੇ। ਉਨ੍ਹਾਂ ਇਸ ਮੌਕੇ ਸੱਦਾ ਦਿੱਤਾ ਕਿ ਇਸ ਮੁਹਿੰਮ ਨੂੰ ਪਿੰਡ ਅਤੇ ਵਾਰਡ ਪੱਧਰ 'ਤੇ ਲਿਜਾਇਆ ਜਾਵੇ ਤਾਂ ਜੋ ਨਵੇਂ ਨਰੋਏ ਪੰਜਾਬ ਦੀ ਸਿਰਜਣਾ ਹੋ ਸਕੇ। ਉਨ੍ਹਾਂ ਸਮੂਹ ਨੌਜਵਾਨਾਂ ਨੂੰ ਇਸ ਮੁਹਿੰਮ ਨਾਲ ਜੁੜ ਕੇ ਰਾਜ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ।
ਸ੍ਰੀ ਜਾਖੜ ਨੇ ਕਿਹਾ ਕਿ ਸੂਬੇ ਵਿੱਚ ਐਸ.ਟੀ.ਐਫ. ਦੇ ਗਠਨ ਦੇ ਨਾਲ ਨਾਲ ਡੈਪੋ ਅਤੇ ਬਡੀ ਪ੍ਰੋਗਰਾਮਾਂ ਦੀ ਸ਼ੁਰੂਆਤ ਕੀਤੀ ਗਈ ਅਤੇ ਮੌਜੂਦਾ ਸਰਕਾਰ ਨੇ ਆਪਣੇ ਵਾਅਦੇ ਮੁਤਾਬਕ ਨਸ਼ਿਆਂ ਦੀ ਸਪਲਾਈ ਲਾਇਨ ਤੋੜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ 10 ਸਾਲ ਦੇ ਕਾਰਜਕਾਲ ਵਿੱਚ ਨਸ਼ਿਆਂ ਖ਼ਿਲਾਫ਼ ਕੋਈ ਠੋਸ ਕਦਮ ਨਹੀਂ ਚੁੱਕੇ ਜਿਸ ਕਰ ਕੇ ਪੰਜਾਬ ਦਾ ਨੌਜਵਾਨ ਨਸ਼ਿਆਂ ਦੀ ਦਲਦਲ ਫਸਦਾ ਗਿਆ। ਉਨ੍ਹਾਂ ਕਿਹਾ ਕਿ ਹੁਣ ਸੂਬੇ ਵਿੱਚ ਯੂਥ ਕਾਂਗਰਸ ਨੇ ਵੀ ਨਸ਼ਿਆਂ ਵਿਰੁੱਧ ਮੁਹਿੰਮ ਦੀ ਕਮਾਨ ਸੰਭਾਲੀ ਹੈ, ਜੋ ਕਿ ਸ਼ਲਾਘਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਹਿੰਦੋਸਤਾਨ ਨੂੰ ਉਦੋਂ ਹੀ ਵਿਕਾਸ ਦੀਆਂ ਲੀਹਾਂ 'ਤੇ ਲਿਜਾਇਆ ਜਾ ਸਕਦਾ ਹੈ, ਜਦੋਂ ਸਾਡੀ ਜਵਾਨੀ ਨਸ਼ਿਆਂ ਦੇ ਦਲਦਲ 'ਚੋਂ ਬਾਹਰ ਆਵੇਗੀ। ਇਸ ਮੌਕੇ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਅਤੇ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ.ਬਲਬੀਰ ਸਿੰਘ ਸਿੱਧੂ ਨੇ ਵੀ ਪੰਜਾਬ ਯੂਥ ਕਾਂਗਰਸ ਦੇ ਉਪਰਾਲੇ ਦੀ ਸ਼ਲਾਘਾ ਕੀਤੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਲਾਲੀ ਨੇ ਕਿਹਾ ਕਿ ਯੂਥ ਕਾਂਗਰਸ ਵੱਲੋਂ ਐਸ.ਏ.ਐਸ.ਨਗਰ ਤੋਂ ਜਵਾਨੀ ਸੰਭਾਲ ਮੋਰਚੇ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸ ਤਹਿਤ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਏ ਜਾਣਗੇ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਨਾਲ ਜੋੜ ਕੇ ਐਂਟੀ ਡਰੱਗ ਵਾਰੀਅਰ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੋਰਚੇ ਦਾ ਮੁੱਖ ਮੰਤਵ ਨਸ਼ਾ ਕਰਨ ਵਾਲਿਆਂ ਦਾ ਸਹੀ ਤਰੀਕੇ ਨਾਲ ਇਲਾਜ ਕਰਵਾਉਣਾ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਨੱਥ ਪਾਉਣੀ ਹੈ। ਉਨ੍ਹਾਂ ਹੋਰ ਕਿਹਾ ਕਿ ਸਾਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸੂਬੇ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਅੱਗੇ ਆਉਣਾ ਚਾਹੀਦਾ ਹੈ। ਜਵਾਨੀ ਸੰਭਾਲ ਮੋਰਚੇ ਦੇ ਕੋਆਰਡੀਨੇਟਰ ਮੋਹਿਤ ਮਹਿੰਦਰਾ ਨੇ ਕਿਹਾ ਕਿ ਇਸ ਮੋਰਚੇ ਦਾ ਪੈਗਾਮ ਲੋਕਾਂ ਤੱਕ ਲੈਕੇ ਜਾਇਆ ਜਾਵੇਗਾ ਅਤੇ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਪਰਾਲੇ ਕੀਤੇ ਜਾਣਗੇ। ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਜਵਾਨੀ ਸੰਭਾਲ ਮੋਰਚਾ ਦੇ ਕੋਆਰਡੀਨੇਟਰ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਨੇ ਸਮਾਗਮ ਵਿੱਚ ਪੁੱਜੀਆਂ ਸਖ਼ਸੀਅਤਾਂ ਦਾ ਧੰਨਵਾਦ ਕੀਤਾ ਅਤੇ ਯਕੀਨ ਦਵਾਇਆ ਕਿ ਉਹ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਜਵਾਨੀ ਸੰਭਾਲ ਮੋਰਚੇ ਦੀ ਸਫਲਤਾ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਜ਼ਿਲ੍ਹੇ ਵਿੱਚ ਐਂਟੀ ਡਰੱਗ ਵਾਰੀਅਰਜ਼ ਬਣਾ ਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਲਾਮਵੰਦ ਕੀਤਾ ਜਾਵੇਗਾ।
ਇਸ ਮੌਕੇ ਹਲਕਾ ਧੂਰੀ ਦੇ ਵਿਧਾਇਕ ਦਲਬੀਰ ਸਿੰਘ ਗੋਲਡੀ, ਆਈ.ਜੀ.ਐਸ.ਟੀ.ਐਫ ਬਲਕਾਰ ਸਿੰਘ ਸਿੱਧੂ, ਐਸ.ਪੀ. ਰਜਿੰਦਰ ਸਿੰਘ ਸੋਹਲ, ਹਿੰਦੋਸਤਾਨ ਯੂਥ ਕਾਂਗਰਸ ਦੇ ਇੰਚਾਰਜ ਸ੍ਰੀ ਕ੍ਰਿਸ਼ਨਾ ਅਲਾਵਾਰੂ, ਪੰਜਾਬ ਯੂਥ ਕਾਂਗਰਸ ਦੇ ਇੰਚਾਰਜ ਹਿੰਮਤ ਔਗਲੇ, ਊਦੇਵੀਰ ਸਿੰਘ ਢਿੱਲੋਂ ਸਮੇਤ ਯੂਥ ਕਾਂਗਰਸ ਦੇ ਹੋਰ ਆਗੂ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ। ਇਸ ਮੌਕੇ ਨਸ਼ਿਆਂ ਵਿਰੁੱਧ ਨਾਟਕ ਵੀ ਖੇਡਿਆ ਗਿਆ।