ਜੀ ਐੱਸ ਪੰਨੂ
ਪਟਿਆਲਾ, 1 ਦਸੰਬਰ 2018 - ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਤੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੇਰ ਸ਼ਾਮ 8 ਵਜੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੇ ਸਾਂਝੇ ਪੱਤਰਕਾਰ ਸੰਮੇਲਨ ਦੌਰਾਨ ਸਪੱਸ਼ਟ ਕੀਤਾ ਕਿ ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆ ਪਟਿਆਲਾ ਜ਼ਿਲੇ ਵਿੱਚ ਕਿਸੇ ਨੂੰ ਵੀ ਸੜਕੀ ਆਵਾਜਾਈ ਠੱਪ ਕਰਕੇ ਜਨ-ਜੀਵਨ ਨੂੰ ਪ੍ਰਭਾਵਿਤ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਦੋਵਾਂ ਅਧਿਕਾਰੀਆਂ ਨੇ ਕਿਹਾ ਕਿ ਮਾਣਯੋਗ ਹਾਈਕੋਰਟ ਦੇ ਹੁਕਮਾਂ ਅਨੁਸਾਰ ਜੇ ਕਿਸੇ ਨੇ ਵੀ ਧਰਨਾ ਜਾ ਮੁਜਾਹਰਾਂ ਕਰਨਾ ਹੈ ਤਾਂ ਉਸਨੂੰ ਪਹਿਲਾਂ ਜ਼ਿਲਾ ਪ੍ਰਸ਼ਾਸਨ ਤੋਂ ਪੂਰਵ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਉਨਾ ਕਿਹਾ ਕਿ ਪ੍ਰਵਾਨਗੀ ਉਪਰੰਤ ਜ਼ਿਲਾ ਪ੍ਰਸ਼ਾਸਨ ਵੱਲੋਂ ਨਿਰਧਾਰਤ ਸਥਾਨ ਉਤੇ ਹੀ ਧਰਨਾ, ਮੁਜਾਹਰਾਂ ਜਾ ਰੈਲੀ ਕਰਨ ਦੀ ਇਜ਼ਾਜਤ ਹੋਵੇਗੀ, ਬਿਨਾਂ ਪ੍ਰਵਾਨਗੀ ਤੋਂ ਦਿੱਤੇ ਜਾਣ ਵਾਲਾ ਧਰਨਾ ਜਾ ਮੁਜ਼ਾਹਰਾਂ ਗੈਰ-ਕਾਨੂੰਨੀ ਹੋਵੇਗਾ।
ਪੱਤਰਕਾਰ ਸੰਮੇਲਨ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗੈਰ-ਕਾਨੂੰਨੀ ਧਰਨੇ ਜਾ ਰੈਲੀਆਂ ਨਾਲ ਜਿਥੇ ਸ਼ਹਿਰ ਦੀ ਅਮਨ ਤੇ ਕਾਨੂੰਨੀ ਦੀ ਵਿਵਸਥਾ ਖਰਾਬ ਹੁੰਦੀ ਹੈ ਉਥੇ ਹੀ ਇਸ ਨਾਲ ਹਸਪਤਾਲਾਂ ਵਿੱਚ ਇਲਾਜ਼ ਕਰਵਾਉਣ ਆਉਂਦੇ ਮਰੀਜ਼ਾਂ, ਸਕੂਲ ਜਾਣ ਵਾਲਿਆਂ ਬੱਚਿਆਂ ਅਤੇ ਆਮ ਜਨਤਾ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਨੂੰ ਵੀ ਪਟਿਆਲਾ ਸ਼ਹਿਰ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ।
ਇਸ ਮੌਕੇ ਐਸ.ਐਸ.ਪੀ ਨੇ ਦੱਸਿਆ ਕਿ ਪੁਲਿਸ ਨੂੰ ਇਹ ਸੂਚਨਾ ਮਿਲੀ ਹੈ ਕਿ ਕੁੱਝ ਸ਼ਰਾਰਤੀ ਅਨਸਰ ਮਾਣਯੋਗ ਹਾਈਕੋਰਟ ਦੇ ਹੁਕਮਾਂ ਦੇ ਉਲਟ 2 ਦਸੰਬਰ ਨੂੰ ਜ਼ਿਲਾ ਪ੍ਰਸ਼ਾਸਨ ਤੋਂ ਪ੍ਰਵਾਨਗੀ ਲਏ ਬਿਨਾਂ ਧਰਨੇ ਲਗਾਕੇ ਆਵਾਜਾਈ ਵਿੱਚ ਵਿਘਨ ਪਾਕੇ ਸ਼ਹਿਰ ਦਾ ਮਾਹੌਲ ਖਰਾਬ ਕਰਨ ਦੀ ਤਾਕ ਵਿੱਚ ਹਨ। ਐਸ.ਐਸ.ਪੀ. ਨੇ ਦੱਸਿਆ ਕਿ ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆ ਵਿਰੁੱਧ ਸਖਤੀ ਨਾਲ ਪੇਸ਼ ਆਇਆ ਜਾਵੇਗਾ। ਉਨਾਂ ਦੱਸਿਆ ਕਿ ਅਜਿਹੇ ਅਨਸਰਾਂ ਨਾਲ ਨਿਪਟਣ ਲਈ 6 ਹਜ਼ਾਰ ਸੁਰੱਖਿਆ ਕਰਮੀ ਤਾਇਨਾਤ ਕੀਤੇ ਗਏ ਹਨ ਜਿਨਾਂ ਵਿੱਚ ਦੰਗੇ ਵਿਰੋਧੀ ਦਸਤਿਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਕਿਸੇ ਨੂੰ ਵੀ ਪਟਿਆਲਾ ਸ਼ਹਿਰ ਦੇ ਸ਼ਾਤਮਈ ਮਾਹੌਲ ਨੂੰ ਖਰਾਬ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਸਾਂਝਾ ਅਧਿਆਪਕ ਮੋਰਚਾ ਵੱਲੋਂ ਸਿੱਖਿਆ ਮੰਤਰੀ ਨਾਲ ਮੀਟਿੰਗ ਉਪਰੰਤ ਉਨਾਂ ਦੀਆਂ ਮੰਨੀਆਂ ਗਈ ਯੋਗ ਮੰਗਾਂ ਕਾਰਨ ਧਰਨਾ ਸਮਾਪਤ ਕਰਨ ਦੇ ਕੀਤੇ ਐਲਾਨ ਕਾਰਨ ਉਨਾਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਐਸ.ਪੀ. ਹੈਡਕੁਆਟਰ ਸ. ਹਰਵਿੰਦਰ ਸਿੰਘ ਵਿਰਕ ਅਤੇ ਐਸ.ਪੀ. ਟ੍ਰੈਫਿਕ ਹਰਮੀਤ ਸਿੰਘ ਹੁੰਦਲ ਵੀ ਹਾਜ਼ਰ ਸਨ।