ਨਵਾਂ ਸ਼ਹਿਰ, 10 ਦਸੰਬਰ,2018: ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਵਿਨੈ ਬਬਲਾਨੀ ਦੀ ਅਗਵਾਈ ਹੇਠ ਜ਼ਿਲ੍ਹੇ ’ਚ ਪਰਾਲੀ ਤੇ ਖੇਤੀਬਾੜੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਏ ਜਾਣ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆਏ ਹਨ। ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਪੰਜਾਬ ਦੇ ਜ਼ਿਲ੍ਹਿਆਂ ਦੀ ਪਰਾਲੀ ਨੂੰ ਅੱਗ ਲਾਏ ਬਿਨਾਂ ਨਿਪਟਾਰੇ ’ਚ ਦੂਜੇ ਸਥਾਨ ’ਤੇ ਰਿਹਾ ਹੈ।
ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ਨੂੰ ਮਿਲੇ ਇਸ ਮਾਣ ਲਈ ਜ਼ਿਲ੍ਹੇ ਦੀ ਸਮੁੱਚੀ ਕਿਸਾਨੀ ਅਤੇ ਜਾਗਰੂਕਤਾ ਮੁਹਿੰਮ ’ਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ ਵਾਲੇ ਸਮੂਹ ਵਿਭਾਗਾਂ ਨੂੰ ਸਿਹਰਾ ਦਿੰਦਿਆਂ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ 53 ਫ਼ੀਸਦੀ ਕਮੀ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਜ਼ਿਲ੍ਹੇ ’ਚ ਪਰਾਲੀ ਨਾ ਸਾੜਨ ਦੀ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਸੀ, ਉਸ ਮੌਕੇ ਸਭ ਤੋਂ ਵੱਡੀ ਚਣੌਤੀ ਕਿਸਾਨਾਂ ਨੂੰ ਚੌਗਿਰਦੇ ਦੀ ਸਾਂਭ-ਸੰਭਾਲ ਪ੍ਰਤੀ ਜਾਗਰੂਕ ਕਰਕੇ ਉਨ੍ਹਾਂ ਦਾ ਸਹਿਯੋਗ ਹਾਸਲ ਕਰਨ ਦੀ ਸੀ।
ਉਨ੍ਹਾਂ ਦੱਸਿਆ ਕਿ 15 ਸਤੰਬਰ ਤੋਂ 15 ਨਵੰਬਰ ਤੱਕ ਇਸ ਜਾਗਰੂਕਤਾ ਮੁਹਿੰਮ ਦੀ ਅਗਵਾਈ ਮੁੱਖ ਖੇਤੀਬਾੜੀ ਅਫ਼ਸਰ ਗੁਰਬਖਸ਼ ਸਿੰਘ ਨੂੰ ਸੌਂਪੀ ਗਈ ਸੀ ਤੇ ਉਨ੍ਹਾਂ ਦੇ ਨਾਲ ਵੱਖ-ਵੱਖ ਵਿਭਾਗਾਂ ਦੇ 439 ਨੋਡਲ ਅਫ਼ਸਰ ਲਾਏ ਗਏ ਸਨ। ਮੁੱਖ ਖੇਤੀਬਾੜੀ ਅਫ਼ਸਰ ਨੇ ਜਾਗਰੂਕਤਾ ਮੁਹਿੰਮ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਉਕਤ ਸਮੇਂ ਦੌਰਾਨ 67 ਕੈਂਪ ਵੱਖ-ਵੱਖ ਥਾਂਈਂ ਲਾ ਕੇ ਸ਼ਾਮਿਲ ਹੋਣ ਵਾਲੇ 4895 ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਨਾਲ ਜ਼ਮੀਨੀ ਤੇ ਮਾਨਵੀ ਸਿਹਤ ਨੂੰ ਹੋਣ ਵਾਲੇ ਨੁਕਸਾਨ ਅਤੇ ਚੌਗਿਰਦੇ ’ਤੇ ਪੈਂਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਬਿਨਾਂ ਪਰਾਲੀ ਨੂੰ ਅੱਗ ਲਾਇਆਂ ਤੇ ਨਵੀਨਤਮ ਖੇਤੀ ਸੰਦਾਂ ਦੀ ਮੱਦਦ ਨਾਲ ਪਰਾਲੀ ਦਾ ਨਿਪਟਾਰ ਕਰਕੇ ਦਿਖਾਉਣ ਲਈ 100 ਦੇ ਕਰੀਬ ਖੇਤ ਪ੍ਰਦਰਸ਼ਨੀਆਂ ਲਾਈਆਂ ਗਈਆਂ। ਉਨ੍ਹਾਂ ਮੀਡੀਆ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਕਿਹਾ ਕਿ ਜ਼ਿਲ੍ਹੇ ’ਚ ਚਲਾਈ ਗਈ ਜਾਗਰੂਕਤਾ ਮੁਹਿੰਮ ’ਚ ਮੀਡੀਆ ਦਾ ਵਿਸ਼ੇਸ਼ ਯੋਗਦਾਨ ਰਿਹਾ, ਜਿਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਆਪਣੇ ਢੰਗ ਨਾਲ ਪ੍ਰੇਰਿਆ। ਇਸ ਤੋਂ ਇਲਾਵਾ ਧਾਰਮਿਕ ਸਥਾਨਾਂ ਪਾਸੋਂ ਸਹਿਯੋਗ ਲੈ ਕੇ 503 ਸਥਾਨਾਂ ਤੋਂ ਪਰਾਲੀ ਨਾਲ ਸਾੜਨ ਪ੍ਰਤੀ ਅਨਾਊਂਸਮੈਂਟਾਂ ਵੀ ਕਰਵਾਈਆ ਗਈਆਂ। ਸਕੂਲਾਂ ’ਚ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਨੂੰ ਪ੍ਰੇਰਨ ਲਈ ਸੈਮੀਨਾਰ ਲਾਏ ਗਏ ਅਤੇ ਵਟਸਐਪ ਤੇ ਹੋਰ ਸੋਸ਼ਲ ਮੀਡੀਆ ਤਕਨੀਕਾਂ ਦੀ ਵਰਤੋਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਬੈਨਰਾਂ, ਪੈਂਫਲਿਟਸ ਤੋਂ ਇਲਾਵਾ ਅਮਲੀ ਤੌਰ ’ਤੇ ਪਰਾਲੀ ਦੇ ਨਿਪਟਾਰੇ ਲਈ ਜ਼ਿਲ੍ਹੇ ’ਚ 196 ਆਧੁਨਿਕ ਖੇਤੀ ਸੰਦ ਮੁਹੱਈਆ ਕਰਵਾਏ ਗਏ, ਜਿਨ੍ਹਾਂ ਲਈ 1.25 ਕਰੋੜ ਰੁਪਏ ਦੀ ਸਬਸਿਡੀ ਸਰਕਾਰ ਨੇ ਦਿੱਤੀ।
ਮੁੱਖ ਖੇਤੀਬਾੜੀ ਅਫ਼ਸਰ ਅਨੁਸਾਰ ਪਿਛਲੇ ਸਾਲ ਦੇ ਮੁਕਾਬਲੇ ਬਹੁਤ ਸਾਰੇ ਪਿੰਡ ਅਜਿਹੇ ਵੀ ਸਾਹਮਣੇ ਆਏ ਹਨ, ਜਿੱਥੋਂ ਦੇ ਲੋਕਾਂ ਨੇ ਇੱਕ-ਰਾਏ ਬਣਾ ਕੇ ਖੇਤਾਂ ’ਚ ਅੱਗ ਨਾ ਲਾਉਣ ਦਾ ਅਹਿਦ ਕੀਤਾ ਅਤੇ ਉਸ ’ਤੇ ਡੱਟ ਕੇ ਪਹਿਰਾ ਵੀ ਦਿੱਤਾ। ਹੈਪੀ ਸੀਡਰ ਦੀ ਹਰਮਨ ਪਿਆਰਤਾ ਨੂੰ ਵੀ ਖਤੀਬਾੜੀ ਰਹਿੰਦ-ਖੂੰਹਦ ਦਾ ਬਿਨਾਂ ਅੱਗ ਲਾਏ ਨਿਪਟਾਰਾ ਕਰਨ ’ਚ ਵੱਡਾ ਸਹਿਯੋਗ ਕਰਾਰ ਦਿੰਦਿਆਂ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਇਸ ਮੌਕੇ 30 ਹੈਪੀ ਸੀਡਰ ਚੱਲ ਰਹੇ ਹਨ।
ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ਵੱਲੋਂ ਅੱਗ ਲਾਉਣ ਦੀਆਂ ਘਟਨਾਵਾਂ ’ਚ ਅੱਧ ਤੋਂ ਵੀ ਵੱਧ ਕਮੀ ਕਰਨ ਨੂੰ ਪੰਜਾਬ ਸਰਕਾਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਿੱਡੀ ਜਾਗਰੂਕਤਾ ਮੁਹਿੰਮ ਦੀ ਵੱਡੀ ਸਫ਼ਲਤਾ ਕਰਾਰ ਦਿੰਦਿਆਂ, ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਹੁਣ ਤੋਂ ਹੀ ਇਸ ਗੱਲ ਦਾ ਅਹਿਦ ਕਰ ਲੈਣ ਕਿ ਕਣਕ ਦੇ ਵਾਢੀ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਦੇ ਇੱਕ ਵੀ ਖੇਤ ’ਚ ਅੱਗ ਨਾ ਲਾ ਕੇ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨੂੰ ਪੰਜਾਬ ਦੇ ਮਾਡਲ ਜ਼ਿਲ੍ਹੇ ਵਜੋਂ ਉਭਾਰਨਗੇ।