ਸਵਰਗੀ ਸ੍ਰੀਮਤੀ ਸਤਵੰਤ ਕੌਰ ਦੀ ਮ੍ਰਿਤਕ ਦੇਹ 'ਤੇ ਰੀਥ ਰੱਖਕੇ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਅਤੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ।
ਪਟਿਆਲਾ, 03 ਜਨਵਰੀ 2019: ਸ਼੍ਰੋਮਣੀ ਪੱਤਰਕਾਰ, ਪੰਜਾਬੀ ਸਾਹਿਤ ਸਭਾ ਪਟਿਆਲਾ ਦੇ ਸਾਬਕਾ ਪ੍ਰਧਾਨ ਤੇ ਉੱਘੇ ਸਾਹਿਤਕਾਰ ਸਵਰਗੀ ਪ੍ਰਿੰਸੀਪਲ ਮੋਹਨ ਸਿੰਘ ਪ੍ਰੇਮ ਦੇ ਧਰਮ ਸੁਪਤਨੀ ਸ੍ਰੀਮਤੀ ਸਤਵੰਤ ਕੌਰ (90 ਸਾਲ), ਜ਼ਿਨ੍ਹਾਂ ਦਾ ਬੀਤੇ ਦਿਨ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਸੀ, ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਪਟਿਆਲਾ ਦੇ ਘਲੋੜੀ ਗੇਟ ਸਥਿਤ ਸਮਸ਼ਾਨਘਾਟ ਵਿਖੇ ਅੱਜ ਪੂਰੀਆਂ ਧਾਰਮਿਕ ਰਹੁ ਰੀਤਾਂ ਮੁਤਾਬਕ ਕਰ ਦਿੱਤਾ ਗਿਆ।
ਬੀਬੀ ਸਤਵੰਤ ਕੌਰ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਅਤੇ ਪਟਿਆਲਾ ਤੋਂ ਪੀ.ਟੀ.ਸੀ. ਚੈਨਲ ਦੇ ਬਿਊਰੋ ਚੀਫ਼ ਅਤੇ ਸੀਨੀਅਰ ਪੱਤਰਕਾਰ ਸ. ਗਗਨਦੀਪ ਸਿੰਘ ਅਹੂਜਾ ਅਤੇ ਪੋਤਰੇ ਡਾ. ਗੁਰਚੰਦਨਦੀਪ ਸਿੰਘ ਨੇ ਦਿਖਾਈ। ਪਰਿਵਾਰਕ ਸੂਤਰਾਂ ਮੁਤਾਬਕ ਉਨ੍ਹਾਂ ਦਾ ਅੰਗੀਠਾ ਸੰਭਾਲਣ ਦੀ ਰਸਮ ਸ਼ੁੱਕਰਵਾਰ, 4 ਜਨਵਰੀ ਨੂੰ ਸਵੇਰੇ 9 ਵਜੇ ਘਲੋੜੀ ਗੇਟ ਦੇ ਸਮਸ਼ਾਨਘਾਟ ਵਿਖੇ ਨਿਭਾਈ ਜਾਵੇਗੀ ਅਤੇ ਅੰਤਿਮ ਅਰਦਾਸ ਸੋਮਵਾਰ, 7 ਜਨਵਰੀ ਨੂੰ ਦੁਪਹਿਰ 12 ਵਜੇ ਤੋਂ 1.30 ਵਜੇ ਤੱਕ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਹੋਵੇਗੀ।
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਉਨ੍ਹਾਂ ਦੇ ਓ.ਐਸ.ਡੀ. ਸ੍ਰੀ ਰਾਜੇਸ਼ ਸ਼ਰਮਾ ਨੇ ਬੀਬੀ ਸਤਵੰਤ ਕੌਰ ਦੀ ਮ੍ਰਿਤਕ ਦੇਹ 'ਤੇ ਰੀਥ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ। ਜਦੋਂਕਿ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਦੀ ਤਰਫ਼ੋਂ ਗਿਆਨੀ ਜੋਗਿੰਦਰ ਸਿੰਘ ਨੇ ਰੀਥ ਰੱਖੀ ਅਤੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦੀ ਤਰਫ਼ੋਂ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਰੀਥ ਰੱਖਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਇਸੇ ਦੌਰਾਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ. ਗੁਰਕਿਰਤ ਕ੍ਰਿਪਾਲ ਸਿੰਘ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਰੀਥ ਰੱਖੀ, ਡਾਇਰੈਕਟਰ ਸ੍ਰੀਮਤੀ ਅਨਿਨਦਿਤਾ ਮਿਤਰਾ ਦੀ ਤਰਫ਼ੋਂ ਡੀ.ਪੀ.ਆਰ.ਓ. ਪਟਿਆਲਾ ਇਸ਼ਵਿੰਦਰ ਸਿੰਘ ਗਰੇਵਾਲ ਨੇ, ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਅਤੇ ਪੰਜਾਬ ਰਾਜ ਬਿਜਲੀ ਨਿਗਮ ਦੇ ਸੀ.ਐਮ.ਡੀ. ਇੰਜ. ਬਲਦੇਵ ਸਿੰਘ ਸਰਾਂ ਦੀ ਤਰਫ਼ੋਂ ਡਿਪਟੀ ਸਕੱਤਰ ਪੀ.ਆਰ. ਸ. ਹਰਪ੍ਰੀਤ ਸਿੰਘ ਔਲਖ ਨੇ ਵੀ ਰੀਥ ਰੱਖਕੇ ਸ਼ਰਧਾਂਜਲੀ ਭੇਂਟ ਕੀਤੀ।
ਜਦੋਂਕਿ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਚੇਅਰਮੈਨ ਐਡਵੋਕੇਟ ਸਤਨਾਮ ਸਿੰਘ ਕਲੇਰ, ਪਟਿਆਲਾ ਦੇ ਪੱਤਰਕਾਰ ਭਾਈਚਾਰੇ ਵੱਲੋਂ ਸ. ਸਰਬਜੀਤ ਸਿੰਘ ਭੰਗੂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਮੈਂਬਰ ਸ. ਜਰਨੈਲ ਸਿੰਘ ਕਰਤਾਰਪੁਰ, ਸਾਬਕਾ ਡੀ.ਪੀ.ਆਰ.ਓ. ਸ. ਉਜਾਗਰ ਸਿੰਘ, ਮਹੰਤ ਸ੍ਰੀ ਪੰਚਾਨੰਦ ਗਿਰੀ ਦੀ ਤਰਫ਼ੋਂ ਐਡਵੋਕੇਟ ਸਵਤੰਤਰ ਰਾਜ ਪਾਸੀ ਨੇ ਵੀ ਰੀਥਾਂ ਰੱਖਕੇ ਸ਼ਰਧਾਂਜਲੀ ਭੇਂਟ ਕੀਤੀ।
ਇਸੇ ਦੌਰਾਨ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਅਤੇ ਪੰਜਾਬੀ ਯੂਨੀਵਰਸਿਟੀ ਦੇ ਉਪਕੁਲਪਤੀ ਡਾ. ਬੀ.ਐਸ. ਘੁੰਮਣ ਨੇ ਸ. ਅਹੂਜਾ ਨਾਲ ਫੋਨ 'ਤੇ ਗੱਲਬਾਤ ਕਰਕੇ ਸ੍ਰੀਮਤੀ ਸਤਵੰਤ ਕੌਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਅਤੇ ਪ੍ਰਮਾਤਮਾ ਕੋਲ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਬਖ਼ਸ਼ਣ।
ਇਸ ਮੌਕੇ ਪਟਿਆਲਾ ਦੇ ਪੱਤਰਕਾਰ ਭਾਈਚਾਰੇ ਦੇ ਵੱਡੀ ਗਿਣਤੀ ਨੁਮਾਇੰਦਿਆਂ ਸਮੇਤ ਵਿਧਾਇਕ ਸਨੌਰ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਤੇ ਅਮਰਿੰਦਰ ਸਿੰਘ ਬਜਾਜ, ਭਾਸ਼ਾ ਵਿਭਾਗ ਦੇ ਸਾਬਕਾ ਡਾਇਰੈਕਟਰ ਮਦਨ ਲਾਲ ਹਸੀਜਾ, ਡੀ.ਪੀ.ਆਰ.ਓ. ਇਸ਼ਵਿੰਦਰ ਸਿੰਘ ਗਰੇਵਾਲ, ਏ.ਪੀ.ਆਰ.ਓਜ ਭੁਪੇਸ਼ ਚੱਠਾ, ਜਸਤਰਨ ਸਿੰਘ ਤੇ ਹਰਦੀਪ ਸਿੰਘ, ਪੀ.ਐਸ.ਪੀ.ਸੀ.ਐਲ ਦੇ ਅਧੀਨ ਸਕੱਤਰ ਮਨਮੋਹਨ ਸਿੰਘ, ਸੂਚਨਾ ਅਫ਼ਸਰ ਮਨਜੀਤ ਸਿੰਘ ਚਾਹਲ, ਪੰਜਾਬ ਕਾਂਗਰਸ ਦੇ ਪ੍ਰੋਗ੍ਰੈਸਿਵ ਸੈਲ ਦੇ ਵਾਇਸ ਚੇਅਰਮੈਨ ਕੁਲਦੀਪ ਸਿੰਘ ਖ਼ਾਲਸਾ, ਇੰਸਪੈਕਟਰ ਅਮਨ ਪਾਲ ਸਿੰਘ ਵਿਰਕ, ਜੱਸਾ ਸਿੰਘ ਸੰਧੂ, ਕੁੰਦਨ ਗੋਗੀਆ, ਭਗਵਾਨ ਦਾਸ ਜੁਨੇਜਾ, ਹਰਮਿੰਦਰ ਸਿੰਘ, ਪੰਜਾਬੀ ਸਾਹਿਤ ਸਭਾ ਪਟਿਆਲਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ਆਸ਼ਟ ਸਮੇਤ ਵੱਡੀ ਗਿਣਤੀ ਰਿਸ਼ਤੇਦਾਰ, ਦੋਸਤ ਮਿੱਤਰ ਤੇ ਹੋਰ ਪਤਵੰਤੇ ਹਾਜ਼ਰ ਸਨ।