ਪਟਿਆਲਾ, 11 ਜਨਵਰੀ 2019 : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨਵੇਂ ਚੁਣੇ ਪੰਚਾਂ, ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮੰਤੀ ਮੈਂਬਰਾਂ ਨੂੰ ਅਹੁਦੇ ਅਤੇ ਨਸ਼ਾ ਰੋਕੂ ਅਫਸਰ (ਡੈਪੋ) ਵਜੋਂ ਹਲਫ਼ ਦਿਵਾਇਆ ਅਤੇ ਆਪੋ-ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦੇ ਨਾਲ-ਨਾਲ ਆਪਣੇ ਇਲਾਕੇ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਦਾ ਸੱਦਾ ਦਿੱਤਾ।
ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸਰੁੱਖਿਅਤ ਬਣਾਉਣ ਲਈ ਚੁਣੇ ਹੋਏ ਨੁਮਾਇੰਦਿਆਂ ਦਾ ਰੋਲ ਬਹੁਤ ਮਹੱਤਵਪੂਰਨ ਹੈ।
ਇਨ੍ਹਾਂ ਨੁਮਾਇੰਦਿਆਂ ਨੂੰ ਡੈਪੋ ਵਜੋਂ ਸਹੁੰ ਚੁਕਵਾਉਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,''ਇਹ ਪਹਿਲੀ ਜ਼ਿੰਮੇਵਾਰੀ ਹੈ, ਜਿਹੜੀ ਮੈਂ ਤਹਾਨੂੰ ਸੌਂਪ ਰਿਹਾ ਹਾਂ।'' ਨਸ਼ਿਆਂ ਦੀ ਲਾਹਨਤ ਨਾਲ ਇਕ ਪੂਰੀ ਪੀੜ੍ਹੀ ਬਰਬਾਦ ਹੋ ਜਾਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦਾ ਲੱਕ ਤੋੜਨ ਲਈ ਉਨ੍ਹਾਂ ਨੇ ਸਹੁੰ ਖਾਧੀ ਸੀ ਅਤੇ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਵਿੱਚ ਵੱਡੀ ਸਫਲਤਾ ਕੀਤੀ ਹੈ। ਮੁੱਖ ਮੰਤਰੀ ਨੇ ਚੁਣੇ ਹੋਏ ਮੈਂਬਰਾਂ ਨੂੰ ਮੁਖ਼ਾਤਬ ਹੁੰਦਿਆਂ ਆਖਿਆ ਕਿ ਡੈਪੋ ਅਤੇ ਬੱਡੀ ਪ੍ਰੋਗਰਾਮਾਂ ਦੇ ਨਾਲ-ਨਾਲ ਓ.ਓ.ਏ.ਟੀ. ਕਲੀਨਿਕ ਬਹੁਤ ਕਾਮਯਾਬ ਸਿੱਧ ਹੋਏ ਹਨ ਅਤੇ ਹੁਣ ਇਸ ਲਾਹਨਤ ਦਾ ਖੁਰਾ-ਖੋਜ ਮਿਟਾ ਦੇਣ ਦੀ ਜ਼ਿੰਮੇਵਾਰੀ ਉਨ੍ਹਾਂ (ਚੁਣੇ ਹੋਏ ਨੁਮਾਇੰਦਿਆਂ) ਦੇ ਮੋਢਿਆ 'ਤੇ ਹੈ।
ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਦਾ ਮੰਨਣਾ ਹੈ ਕਿ ਪੰਚਾਂ ਅਤੇ ਸਰਪੰਚਾਂ ਦੀ ਚੋਣ ਹੇਠਲੇ ਪੱਧਰ 'ਤੇ ਪੰਚਾਇਤੀ ਰਾਜ ਪ੍ਰਣਾਲੀ ਰਾਹੀਂ ਹੋਈ ਹੈ ਜੋ ਸਾਡੇ ਮੁਲਕ ਦਾ ਮਜ਼ਬੂਤ ਥੰਮ੍ਹ ਹੈ। ਉਨ੍ਹਾਂ ਕਿਹਾ ਕਿ ਕੁਝ ਸਿਆਸੀ ਪਾਰਟੀਆਂ ਵੱਲੋਂ ਪੰਚਾਇਤੀ ਚੋਣਾਂ ਵਿੱਚ ਗਲਤ ਹੱਥਕੰਡੇ ਵਰਤਣ ਦੇ ਬਾਵਜੂਦ ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ ਦੇ ਸ਼ਾਸਨ ਦੇ ਉਲਟ ਇਸ ਵਾਰ ਸੂਬੇ ਵਿੱਚ ਚੋਣਾਂ ਅਮਨ-ਸ਼ਾਂਤੀ ਨਾਲ ਹੋਈਆਂ ਹਨ।
ਮੁੱਖ ਮੰਤਰੀ ਨੇ ਪੰਚਾਇਤੀ ਚੋਣਾਂ ਨੂੰ ਅਸਲ ਚੋਣਾਂ ਦੱਸਿਆ ਕਿਉਂ ਜੋ ਇਹ ਚੋਣਾਂ ਲੋਕਾਂ ਨੂੰ ਸਹੀ ਮਾਅਨਿਆਂ ਵਿੱਚ ਸ਼ਕਤੀ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਹੇਠਲੇ ਪੱਧਰ ਤੱਕ ਲੋਕਾਂ ਨੂੰ ਅਧਿਕਾਰ ਦੇਣ ਦਾ ਸਪਨਾ ਸਵਰਗੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਸੀ, ਜਿਨ੍ਹਾਂ ਨੇ ਇਸ ਉਦੇਸ਼ ਦੀ ਪੂਰਤੀ ਲਈ ਸੰਵਿਧਾਨ (73ਵੀਂ ਸੋਧ) ਐਕਟ, 1992 ਨੂੰ ਅਮਲੀਜਾਮਾ ਪਹਿਨਾਇਆ ਜਿਸ ਨੂੰ ਪੰਚਾਇਤੀ ਰਾਜ ਐਕਟ ਦੇ ਤੌਰ 'ਤੇ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਨਵੇਂ ਚੁਣੇ ਮੈਂਬਰਾਂ ਨੂੰ ਇਸ ਸਪੁਨੇ ਨੂੰ ਹਕੀਕਤ ਵਿੱਚ ਬਦਲਣ ਲਈ ਸੰਜੀਦਗੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ।
ਇਸ ਤੋਂ ਪਹਿਲਾਂ ਪੰਚਾਂ, ਸਰਪੰਚਾਂ ਤੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਨੇ ਵਧਾਈ ਦਿੰਦਿਆਂ ਸੱਦਾ ਦਿੱਤਾ ਕਿ ਉਹ ਆਪਣੇ ਪਿੰਡਾਂ ਦੇ ਉਨ੍ਹਾਂ ਦੇ ਮੁਕਾਬਲੇ ਹਾਰੇ ਹੋਏ ਉਮੀਦਵਾਰਾਂ ਨੂੰ ਵੀ ਨਾਲ ਲੈ ਕੇ ਚੱਲਣ ਤਾਂ ਕਿ ਉਨ੍ਹਾਂ ਦੇ ਇਲਾਕੇ ਦਾ ਚੌਂਹਤਰਫ਼ਾ ਵਿਕਾਸ ਹੋ ਸਕੇ। ਸ੍ਰੀਮਤੀ ਪਰਨੀਤ ਕੌਰ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਸਾਰੀਆਂ ਪਾਰਟੀਆਂ ਦੇ ਸਾਂਝੇ ਉਦਮ ਤੇ ਯੋਜਨਾ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਚਾਇਤਾਂ ਨੂੰ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਪਿੰਡਾਂ 'ਚ ਹੇਠਲੇ ਪੱਧਰ 'ਤੇ ਸਮੁੱਚੇ ਪਿੰਡ ਵਾਸੀਆਂ ਦੇ ਸਾਥ ਨਾਲ ਅੱਗੇ ਵਧਣਾ ਚਾਹੀਦਾ ਹੈ।
ਸ੍ਰੀਮਤੀ ਪਰਨੀਤ ਕੌਰ ਨੇ ਔਰਤਾਂ ਨੂੰ 50 ਫ਼ੀਸਦੀ ਰਾਖਵੇਂਕਰਨ ਦਾ ਲਾਭ ਮਿਲਣ ਨੂੰ ਇਤਿਹਾਸਕ ਤੇ ਮਾਣਮੱਤਾ ਫੈਸਲਾ ਦੱਸਦਿਆਂ ਕਿਹਾ ਕਿ ਹੁਣ ਔਰਤਾਂ ਨੂੰ ਪਿੰਡਾਂ ਦੇ ਵਿਕਾਸ ਸਮੇਤ ਇੱਕ ਮਜ਼ਬੂਤ ਅਤੇ ਨਵੇਂ ਪੰਜਾਬ ਦੀ ਸਿਰਜਣਾ ਲਈ ਅੱਗੇ ਵਧਣ ਵਾਸਤੇ ਮਰਦਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਉਨ੍ਹਾਂ ਦਾ ਭਰਵਾਂ ਸਾਥ ਤੇ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਨਵੇਂ ਚੁਣੇ ਨੌਜਵਾਨ ਮੈਂਬਰਾਂ ਨੂੰ ਵੀ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਨੂੰ ਵੀ ਆਪਣੇ ਇਲਾਕੇ ਦੇ ਵਿਕਾਸ ਲਈ ਨਵੇਂ ਸੰਚਾਰ ਸਾਧਨਾਂ ਦੀ ਵਰਤੋਂ ਕਰਨ 'ਤੇ ਜ਼ੋਰ ਦਿੱਤਾ ਤੇ ਕਿਹਾ ਕਿ ਸਰਕਾਰ ਤੁਹਾਡੇ ਨਾਲ ਖੜ੍ਹੀ ਹੈ।
ਇਸ ਸਮੇਂ ਆਪਣੇ ਸੰਬੋਧਨ 'ਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਅੱਜ ਪੰਜਾਬ ਦੇ ਪਿੰਡਾਂ 'ਚ ਵਿਕਾਸ ਦੇ ਨਵੇਂ ਦੌਰ ਦੀ ਸ਼ੁਰੂਆਤ ਹੋਈ ਹੈ। ਉਨ੍ਹਾਂ ਨੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਤੇ ਸਰਪੰਚਾਂ ਸਮੇਤ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਸੱਦਾ ਦਿੱਤਾ ਕਿ ਉਹ ਇਮਾਨਦਾਰੀ ਤੇ ਦਿਆਨਤਦਾਰੀ ਨਾਲ ਵਿਕਾਸ ਕੰਮਾਂ 'ਤੇ ਆਪਣਾ ਧਿਆਲ ਕੇਂਦਰਿਤ ਕਰਨ।
ਸ੍ਰੀ ਬ੍ਰਹਮ ਮਹਿੰਦਰਾ ਨੇ ਪੰਚਾਇਤੀ ਰਾਜ ਸੰਸਥਾਵਾਂ ਦੇ ਨਵੇਂ ਚੁਣੇ ਮੈਂਬਰਾਂ ਨੂੰ ਸਿਆਸੀ ਵਲਗਣਾਂ ਤੋਂ ਅੱਗੇ ਵਧ ਕੇ ਆਪਸੀ ਭਾਈਚਾਰਾ ਕਾਇਮ ਰੱਖਣ ਲਈ ਦਿਹਾਤੀ ਖੇਤਰਾਂ ਦੇ ਸਰਵਪੱਖੀ ਵਿਕਾਸ ਲਈ ਆਪਣਾ ਯੋਗਦਾਨ ਪਾਉਣ ਦਾ ਵੀ ਸੱਦਾ ਦਿੱਤਾ। ਉਨ੍ਹਾਂ ਨੇ ਔਰਤਾਂ ਦੇ 50 ਫ਼ੀਸਦੀ ਰਾਖਵੇਂਕਰਨ ਨੂੰ ਮਹਿਲਾ ਸਸ਼ਕਤੀਕਰਨ ਲਈ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ।
ਸਮਾਗਮ ਮੌਕੇ ਸੰਬੋਧਨ ਕਰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਚਾਇਤਾਂ ਦੀ ਇਸ ਚੋਣ ਨਾਲ ਵਿਕਾਸ ਦਾ ਨਵਾਂ ਯੁਗ ਸ਼ੁਰੂ ਹੋਇਆ ਹੈ। ਸ. ਬਾਜਵਾ ਨੇ ਵੀ ਨਵੇਂ ਚੁਣੇ ਇਨ੍ਹਾਂ ਪੰਚਾਂ, ਸਰਪੰਚਾਂ ਤੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਸਿਰ ਪਈ ਇਸ ਅਹਿਮ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾਂ ਨਾਲ ਨਿਭਾਉਣ। ਉਨ੍ਹਾਂ ਨੇ ਐਲਾਨ ਕੀਤਾ ਕਿ ਪਿੰਡਾਂ ਦੇ ਵਿਕਾਸ ਲਈ ਪਿਛਲੇ 6 ਮਹੀਨਿਆਂ ਤੋਂ ਸਾਂਭੇ ਹੋਏ ਕਰੀਬ 700 ਕਰੋੜ ਰੁਪਏ ਦੇ ਫੰਡ ਮੁੱਖ ਮੰਤਰੀ ਬਹੁਤ ਜਲਦ ਜਾਰੀ ਕਰਨਗੇ।
ਪੰਚਾਇਤ ਮੰਤਰੀ ਸ. ਬਾਜਵਾ ਨੇ ਇਸ ਗੱਲ ਉਪਰ ਵੀ ਜ਼ੋਰ ਦਿੱਤਾ ਕਿ ਪੰਚਾਇਤਾਂ, ਦਿਹਾਤੀ ਖੇਤਰਾਂ ਦੇ ਸਮੁਚੇ ਵਿਕਾਸ ਦੀ ਆਪਣੀ ਭੂਮਿਕਾ ਨੂੰ ਅੱਗੇ ਹੋ ਕੇ ਨਿਭਾਉਣ ਤਾਂ ਕਿ ਪਿੰਡਾਂ ਦੇ ਵਸਨੀਕਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮਿਲ ਸਕਣ ਅਤੇ ਸ਼ਹਿਰਾਂ 'ਚ ਆਵਾਸ ਕਰਨ ਦੀ ਹੋੜ 'ਤੇ ਰੋਕ ਲੱਗ ਸਕੇ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਕਾਰਜਯੋਜਨਾ ਉਲੀਕੀ ਹੈ ਜਿਸ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਪਿੰਡਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਇਸ ਦੌਰਾਨ ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ ਤੇ ਘੱਟ ਗਿਣਤੀ ਬਾਰੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਵਿਧਾਨ ਸਭਾ ਦੀ ਇਤਿਹਾਸਕ ਜਿੱਤ ਮਗਰੋਂ ਸੂਬੇ 'ਚ ਲੋਕ ਸਭਾ ਤੇ ਵਿਧਾਨ ਸਭਾ ਦੀ ਜਿਮਨੀ ਚੋਣ ਸਮੇਤ ਸਥਾਨਕ ਸਰਕਾਰਾਂ ਤੇ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ 'ਚ ਅਹਿਮ ਜਿੱਤਾ ਦਰਜ ਕੀਤੀਆਂ ਹਨ, ਜੋ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਪਾਰਟੀ ਦੀ ਸਰਕਾਰ ਦੀਆਂ ਲੋਕ ਭਲਾਈ ਤੇ ਵਿਕਾਸ ਨੀਤੀਆਂ 'ਤੇ ਮੋਹਰ ਹੈ।
ਸ. ਧਰਮਸੋਤ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਤਾਬੜਤੋੜ ਹਮਲੇ ਕਰਦਿਆਂ ਕਿਹਾ ਕਿ ਉਹ ਪਿਛਲੇ ਪੰਜਾਬ ਦੇ ਹਿਤਾਂ ਦੀ ਰਾਖੀ ਕਰਨ 'ਚ ਨਾਕਾਮ ਰਹੇ ਹਨ ਅਤੇ ਕੇਂਦਰ ਦੀ ਸ੍ਰੀ ਨਰਿੰਦਰ ਮੋਦੀ ਦੀ ਭਾਜਪਾ ਸਰਕਾਰ ਤੋਂ ਸੂਬੇ ਲਈ ਕੋਈ ਵਿਸ਼ੇਸ਼ ਪੈਕੇਜ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਜਸ਼ਨਾਂ ਲਈ ਕੋਈ ਫੰਡ ਲੈਣ 'ਚ ਅਸਫ਼ਲ ਹੋਏ ਹਨ।
ਸ. ਧਰਮਸੋਤ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਇੱਕ ਪਾਸੇ ਸ੍ਰੀ ਮੋਦੀ ਯੂ.ਪੀ. 'ਚ ਇੱਕ ਧਾਰਮਿਕ ਸਮਾਗਮ ਲਈ 10 ਹਜ਼ਾਰ ਕਰੋੜ ਰੁਪਏ ਦੇ ਰਹੇ ਹਨ ਜਦੋਂਕਿ ਪੰਜਾਬ 'ਚ ਇੱਕ ਇਤਿਹਾਸਕ ਦਿਹਾੜੇ ਲਈ ਫੁੱਟੀ ਕੌਡੀ ਵੀ ਨਹੀਂ ਦੇ ਸਕੇ, ਜਿਸ ਲਈ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਵੀ ਫੇਲ ਸਾਬਤ ਹੋਏ ਹਨ।
ਸਮਾਰੋਹ ਮੌਕੇ ਹਲਕਾ ਰਾਜਪੁਰਾ ਤੋਂ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਨੇ ਮੁੱਖ ਮੰਤਰੀ ਸਮੇਤ ਹੋਰਨਾਂ ਸ਼ਖ਼ਸੀਅਤਾਂ ਅਤੇ ਸਹੁੰ ਚੁੱਕਣ ਪੁੱਜੇ ਪੰਚਾਂ, ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ 'ਚ ਸੁਤੰਤਰ ਢੰਗ ਨਾਲ ਸ਼ਾਂਤਮਈ ਚੋਣਾਂ ਕਰਵਾਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।
ਇਸ ਦੌਰਾਨ ਮੁੱਖ ਮੰਤਰੀ ਨੇ ਜ਼ਿਲ੍ਹਾ ਪਟਿਆਲਾ ਦੀਆਂ 1036 ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ 6299 ਪੰਚਾਇਤ ਮੈਂਬਰਾਂ, ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ 25 ਮੈਂਬਰਾਂ ਤੇ 9 ਬਲਾਕ ਸੰਮਤੀਆਂ ਦੇ 193 ਮੈਂਬਰਾਂ ਸਮੇਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਗ੍ਰਾਮ ਪੰਚਾਇਤਾਂ ਦੇ 426 ਸਰਪੰਚਾਂ ਅਤੇ 2433 ਪੰਚਾਇਤ ਮੈਂਬਰਾਂ ਸਮੇਤ ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ 10 ਮੈਂਬਰਾਂ ਅਤੇ 5 ਬਲਾਕ ਸੰਮਤੀਆਂ ਦੇ 77 ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਸਮਾਗਮ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੇ ਕਲਾਕਾਰਾਂ ਸ੍ਰੀ ਵਿਜੇ ਯਮਲਾ, ਸ੍ਰੀ ਗਗਨਦੀਪ ਬਦਰਾ ਤੇ ਬੀਬਾ ਸਰਘੀ ਨੇ ਸੱਭਿਆਚਾਰਕ ਗੀਤਾਂ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ।
ਇਸ ਸਹੁੰ ਚੁੱਕ ਸਮਾਗਮ 'ਚ ਮੁੱਖ ਮੰਤਰੀ ਦੇ ਸਲਾਹਕਾਰ ਸ. ਭਰਤਇੰਦਰ ਸਿੰਘ ਚਾਹਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਰਾਜਨੀਤਕ ਸਕੱਤਰ ਕੈਪਟਨ ਸੰਦੀਪ ਸੰਧੂ, ਹਲਕਾ ਸ਼ੁਤਰਾਣਾ ਦੇ ਵਿਧਾਇਕ ਸ. ਨਿਰਮਲ ਸਿੰਘ, ਹਲਕਾ ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ, ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ, ਹਲਕਾ ਬਸੀ ਪਠਾਣਾ ਤੋਂ ਵਿਧਾਇਕ ਸ. ਗੁਰਪ੍ਰੀਤ ਸਿੰਘ ਜੀ.ਪੀ., ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਸ. ਹਰਿੰਦਰਪਾਲ ਸਿੰਘ ਹੈਰੀਮਾਨ, ਪੰਜਾਬ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ, ਪਟਿਆਲਾ ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਸੀਨੀਅਰ ਡਿਪਟੀ ਮੇਅਰ ਸ. ਯੋਗਿੰਦਰ ਸਿੰਘ ਯੋਗੀ, ਡਿਪਟੀ ਮੇਅਰ ਸ੍ਰੀਮਤੀ ਵਿੰਤੀ ਸੰਗਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਤੇ ਏ.ਡੀ.ਜੀ.ਪੀ. ਸ੍ਰੀ ਹਰਪ੍ਰੀਤ ਸਿੰਘ ਸਿੱਧੂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਮੁੱਖ ਮੰਤਰੀ ਦੇ ਓ.ਐਸ.ਡੀ. ਸ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ ਤੇ ਸ੍ਰੀ ਰਾਜੇਸ਼ ਸ਼ਰਮਾ, ਪੰਜਾਬੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਬੀ.ਐਸ. ਘੁੰਮਣ, ਪੰਚਾਇਤ ਮੰਤਰੀ ਦੇ ਓ.ਐਸ.ਡੀ. ਸ. ਗੁਰਦਰਸ਼ਨ ਸਿੰਘ ਬਾਹੀਆ, ਸੀਨੀਅਰ ਕਾਂਗਰਸੀ ਆਗੂ ਸ੍ਰੀ ਪੀ.ਕੇ. ਪੁਰੀ, ਪਟਿਆਲਾ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਦਿਹਾਤੀ ਕਾਂਗਰਸ ਦੇ ਪ੍ਰਧਾਨ ਸ. ਗੁਰਦੀਪ ਸਿੰਘ ਊਂਟਸਰ, ਮਹਿਲਾ ਕਾਂਗਰਸ ਦੀ ਸ਼ਹਿਰੀ ਪ੍ਰਧਾਨ ਸ੍ਰੀਮਤੀ ਕਿਰਨ ਢਿੱਲੋਂ, ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਮਹੰਤ ਸ. ਹਰਵਿੰਦਰ ਸਿੰਘ ਖਨੌੜਾ ਤੇ ਸ. ਜਸਪਾਲ ਸਿੰਘ ਜੀਰਕਪੁਰ, ਯੂਥ ਕਾਂਗਰਸ ਆਗੂ ਸ. ਗਗਨਦੀਪ ਸਿੰਘ ਜੌਲੀ ਜਲਾਲਪੁਰ ਤੇ ਸ੍ਰੀ ਤਮਨਰਾਜ ਸਿੰਘ, ਐਸ.ਸੀ. ਸੈਲ ਦੇ ਚੇਅਰਮੈਨ ਸ੍ਰੀ ਸੋਨੂੰ ਸੰਗਰ, ਸ੍ਰੀ ਬਲਵਿੰਦਰ ਅੱਤਰੀ, ਸ੍ਰੀ ਕੇ.ਕੇ. ਸਹਿਗਲ, ਸ੍ਰੀ ਰਾਮ ਕੁਮਾਰ ਸਿੰਗਲਾ, ਸ੍ਰੀ ਗੁਰਜੀਤ ਸਿੰਘ ਗੁਰੀ, ਸ੍ਰੀ ਜਸਵਿੰਦਰ ਜੁਲਕਾ, ਸ੍ਰੀ ਵਿਨੋਦ ਢੂੰਡੀਆ, ਪਟਿਆਲਾ ਜ਼ੋਨ ਦੇ ਆਈ.ਜੀ. ਸ. ਏ.ਐਸ. ਰਾਏ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ, ਐਸ.ਐਸ.ਪੀ ਸ੍ਰੀਮਤੀ ਅਲਕਾ ਮੀਨਾ ਤੇ ਪਟਿਆਲਾ ਦੇ ਐਸ.ਐਸ.ਪੀ. ਸ. ਮਨਦੀਪ ਸਿੰਘ, ਏ.ਡੀ.ਸੀ. (ਜ) ਸ੍ਰੀ ਸ਼ੌਕਤ ਅਹਿਮਦ ਪਰੇ, ਏ.ਡੀ.ਸੀ. (ਡੀ) ਸ੍ਰੀਮਤੀ ਪੂਨਮਦੀਪ ਕੌਰ, ਏ.ਡੀ.ਸੀ. (ਡੀ) ਫ਼ਤਹਿਗੜ੍ਹ ਸਾਹਿਬ ਸ. ਜਗਵਿੰਦਰਜੀਤ ਸਿੰਘ ਸੰਧੂ ਤੇ ਹੋਰ ਅਧਿਕਾਰੀਆਂ ਸਮੇਤ ਪਟਿਆਲਾ ਅਤੇ ਫ਼ਤਹਿਗੜ੍ਹ ਸਾਹਿਬ ਦੇ ਸਹੁੰ ਚੁਕਣ ਆਏ ਨਵੇਂ ਚੁਣੇ ਹੋਏ ਪੰਚ, ਸਰਪੰਚ, ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੇ ਮੈਂਬਰ ਮੌਜੂਦ ਸਨ।
ਨੰ:ਪੀ.ਆਰ.19/29
ਫੋਟੋ ਕੈਪਸ਼ਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਵਿਖੇ ਪਟਿਆਲਾ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨਵੇਂ ਚੁਣੇ ਗਏ ਪੰਚਾਂ, ਸਰਪੰਚਾਂ, ਜ਼ਿਲ੍ਹਾ ਪੀ੍ਰਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਅਹੁਦੇ ਦੀ ਅਤੇ ਡੈਪੋ ਦੀ ਸਹੁੰ ਚੁਕਾਉਣ ਸਮੇਂ।