ਭਵਾਨੀਗੜ੍ਹ/ਸੰਗਰੂਰ, 15 ਜਨਵਰੀ:
ਪੰਜਾਬ ਦੇ ਸਥਾਨਕ ਸਰਕਾਰ, ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਭਵਾਨੀਗੜ੍ਹ ਵਿਖੇ ਜਲ ਸਪਲਾਈ ਤੇ ਸੀਵਰੇਜ ਪ੍ਰੋਜੈਕਟ ਲਈ 22 ਕਰੋੜ ਰੁਪਏ ਦੀ ਰਾਸ਼ੀ ਹੋਰ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਸਾਰੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਅੱਜ ਲੋਕ ਨਿਰਮਾਣ ਤੇ ਸੂਚਨਾ ਤਕਨਾਲਾਜੀ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦੇ ਸੱਦੇ 'ਤੇ ਵਿਸ਼ੇਸ਼ ਤੌਰ 'ਤੇ ਭਵਾਨੀਗੜ੍ਹ ਪੁੱਜੇ ਕੈਬਨਿਟ ਮੰਤਰੀ ਸ. ਸਿੱਧੂ ਨੇ ਬੱਸ ਸਟੈਂਡ ਦੇ ਰੁਕੇ ਹੋਏ ਉਸਾਰੀ ਕਾਰਜਾਂ 'ਚ ਤੇਜ਼ੀ ਲਿਆਉਣ ਲਈ ਦੋ ਕਰੋੜ ਰੁਪਏ ਦੀ ਗਰਾਂਟ ਵੀ ਜਾਰੀ ਕੀਤੀ। ਸ. ਸਿੱਧੂ ਨੇ ਕਿਹਾ ਕਿ ਪੰਜਾਬ ਦਾ ਕੋਈ ਵੀ ਸ਼ਹਿਰ ਵਿਕਾਸ ਪੱਖੋਂ ਪਿੱਛੇ ਨਹੀਂ ਰਹੇਗਾ ਅਤੇ ਇਸ ਦੀ ਸ਼ੁਰੂਆਤ ਭਵਾਨੀਗੜ੍ਹ ਸ਼ਹਿਰ ਤੋਂ ਅੱਜ ਕਰ ਦਿੱਤੀ ਗਈ ਹੈ।
ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਸਿੱਧੂ ਨੇ ਕਿਹਾ ਕਿ ਬੱਸ ਸਟੈਂਡ ਦੇ ਕੁਝ ਹਿੱਸੇ 'ਤੇ ਨਜ਼ਾਇਜ਼ ਕਬਜ਼ੇ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਜਿਸ ਦੀ ਨਿਰਪੱਖਤਾ ਨਾਲ ਜਾਂਚ ਕਰਵਾਈ ਜਾਵੇਗੀ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਪੰਜਾਬ ਨੂੰ ਕਰਜ਼ੇ ਦੇ ਬੋਝ ਹੇਠਾਂ ਦੱਬ ਦਿੱਤਾ ਸੀ ਅਤੇ ਪੰਜਾਬ ਨੂੰ ਇਸ ਕਰਜ਼ੇ ਤੋਂ ਮੁਕਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਨਵੀਂਆਂ ਤੇ ਸਾਰਥਕ ਨੀਤੀਆਂ ਤਿਆਰ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਰਾਜ ਦੇ ਸ਼ਹਿਰਾਂ ਲਈ ਨਵੀਂ ਆਊਟਡੋਰ ਇਸ਼ਤਿਹਾਰ ਨੀਤੀ ਖਜ਼ਾਨਾ ਸਾਬਤ ਹੋਈ ਹੈ ਅਤੇ ਸਿਰਫ ਲੁਧਿਆਣਾ ਸ਼ਹਿਰ ਦੀ ਕਮਾਈ ਵਿੱਚ ਹੀ ਪਿਛਲੇ ਵਰ੍ਹੇ ਨਾਲ ਵੱਡਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਨੀਤੀ ਸਦਕਾ ਸ਼ਹਿਰਾਂ ਦੀ ਆਰਥਿਕ ਆਤਮ ਨਿਰਭਰਤਾ ਦਾ ਰਾਹ ਪੱਧਰਾ ਹੋ ਗਿਆ ਹੈ।
ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ 5 ਸਾਲ ਅੰਦਰ ਪੰਜਾਬ ਦੇ ਕਿਸਾਨਾਂ ਅਤੇ ਲੋੜਵੰਦ ਗਰੀਬ ਲੋਕਾਂ ਨੂੰ ਝੂਠੇ ਲਾਰਿਆਂ ਤੋਂ ਇਲਾਵਾ ਕੁੱਝ ਨਹੀ ਦਿੱਤਾ ਜਦਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਲਗਭਗ ਦੋ ਸਾਲਾਂ ਅੰਦਰ ਢਾਈ ਏਕੜ ਤੱਕ ਜ਼ਮੀਨ ਵਾਲੇ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ ਕਰਜ਼ੇ ਮਾਫ਼ ਕੀਤੇ। ਪੈਨਸ਼ਨ ਸਕੀਮ ਤਹਿਤ 250 ਰੁਪਏ ਤੋਂ ਵਧਾ ਕੇ 750 ਰੁਪਏ ਕਰ ਦਿੱਤੇ ਜਿਸਨੂੰ ਪੰਜ ਵਰ੍ਹਿਆਂ ਅੰਦਰ 2000 ਰੁਪਏ ਕਰਨ ਦਾ ਵਾਅਦਾ ਹਰ ਹੀਲੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰੰਗਦਾਰ ਕਾਰਡਾਂ ਦੀ ਥਾਂ 'ਤੇ ਗਰੀਬ ਅਤੇ ਲੋੜਵੰਦਾਂ ਲਈ ਸਮਾਰਟ ਕਾਰਡ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਗਰੀਬੀ ਰੇਖਾ ਤੋਂ ਹੇਠਲੇ ਅਨੁਸੂਚਿਤ ਜਾਤੀ ਵਰਗ ਦੇ ਪਰਿਵਾਰਾਂ ਨੂੰ 15 ਫਰਵਰੀ ਤੱਕ 5-5 ਮਰਲੇ ਦੇ ਪਲਾਟ ਮੁਹੱਈਆ ਕਰਵਾਉਣ ਲਈ ਯਤਨ ਤੇਜ਼ ਕਰ ਦਿੱਤੇ ਗਏ ਹਨ।
ਸ੍ਰੀ ਸਿੰਗਲਾ ਨੇ ਦੱਸਿਆ ਕਿ ਭਵਾਨੀਗੜ੍ਹ ਦੇ 67 ਪਿੰਡਾਂ ਦੇ ਟੋਭਿਆਂ ਨੂੰ ਸਾਫ਼ ਕਰਨ ਲਈ 14 ਕਰੋੜ ਰੁਪਏ ਮਨਜ਼ੂਰ ਕਰਵਾਏ ਜਿਸਦਾ ਕੰਮ ਸ਼ੁਰੂ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਭਵਾਨੀਗੜ੍ਹ ਦੇ ਪਿੰਡਾਂ ਅੰਦਰ ਅਨੁਸੂਚਿਤ ਜਾਤੀ ਨਾਲ ਸਬੰਧਤ ਹਰੇਕ ਸ਼ਮਸਾਨ ਘਾਟ ਦਾ ਨਵੀਨੀਕਰਣ, ਹਲਕੇ ਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ 4 ਮਹੀਨੇ ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਵਾਨੀਗੜ੍ਹ ਵਿਖੇ 1 ਕਰੋੜ ਦੀ ਲਾਗਤ ਨਾਲ ਤਿੰਨ ਟਿਊਬਵੈਲ ਲਗਵਾਏ। ਉਨ੍ਹਾਂ ਦੱਸਿਆ ਕਿ ਘਾਬਦਾਂ ਵਿਖੇ 1000 ਕਰੋੜ ਰੁਪਏ ਤੋਂ ਵਧੇਰੀ ਲਾਗਤ ਨਾਲ ਬਣ ਰਹੇ ਪੀ.ਜੀ.ਆਈ ਦੇ ਸੈਟੇਲਾਈਟ ਕੇਂਦਰ ਅੰਦਰ ਮਹਿਜ਼ 5 ਰੁਪਏ ਦੀ ਪਰਚੀ ਨਾਲ ਓ.ਪੀ.ਡੀ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ ਅਤੇ ਬਹੁਤ ਜਲਦੀ ਪੂਰਾ ਹਸਪਤਾਲ ਮੁਕੰਮਲ ਹੋਣ ਨਾਲ ਮਰੀਜ਼ਾਂ ਨੂੰ ਦਾਖਿਲ ਕਰਨ ਅਤੇ ਹੋਰ ਆਧੁਨਿਕ ਸਹੂਲਤਾਂ ਮਿਲਣੀਆਂ ਸ਼ੁਰੂ ਹੋ ਜਾਣਗੀਆ। ਉਨ੍ਹਾਂ ਕਿਹਾ ਕਿ ਸੰਗਰੂਰ ਵਿਖੇ ਕੈਂਸਰ ਦੇ ਮਰੀਜ਼ਾਂ ਲਈ ਬਣਿਆ ਹੋਮੀ ਭਾਬਾ ਕੈਂਸਰ ਹਸਪਤਾਲ ਜ਼ਿਲ੍ਹੇ ਅਤੇ ਦੂਜੇ ਰਾਜਾਂ ਤੋਂ ਆਉਣ ਵਾਲੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ ਜਿੱਥੇ 90 ਫੀਸਦੀ ਮਰੀਜ਼ਾਂ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ।
ਇਸ ਤੋਂ ਪਹਿਲਾਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਜਿੰਦਰ ਸਿੰਘ ਰਾਜਾ ਨੇ ਸਵਾਗਤੀ ਸ਼ਬਦ ਸਾਂਝੇ ਕੀਤੇ ਅਤੇ ਰਣਜੀਤ ਸਿੰਘ ਤੁਰ, ਵਰਿੰਦਰ ਪੰਨਵਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਅਜੋਏ ਸ਼ਰਮਾ ਸੀ.ਈ.ਓ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ, ਕਰਨੇਸ਼ ਸ਼ਰਮਾ ਡਾਇਰੈਕਟਰ ਲੋਕਲ ਬਾਡੀਜ਼, ਮਲਵਿੰਦਰ ਸਿੰਘ ਜੱਗੀ ਡਾਇਰੈਕਟਰ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਐਸ.ਐਸ.ਪੀ ਡਾ. ਸੰਦੀਪ ਗਰਗ, ਰੁਪਿੰਦਰ ਸੰਧੂ ਓ.ਐਸ.ਡੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਕਾਰੀ ਤੇ ਆਗੂ ਵੀ ਹਾਜ਼ਰ ਸਨ।