ਚੰਡੀਗੜ੍ਹ, 15 ਜਨਵਰੀ 2019: ਸੂਬਾ ਕਾਂਗਰਸ ਪ੍ਰਧਾਨ 'ਤੇ ਬੇਬੁਨਿਆਦ ਦੋਸ਼ ਲਗਾਉਣ ਦੇ ਮੱਦੇਨਜ਼ਰ ਸੀਨੀਅਰ ਕਾਂਗਰਸ ਆਗੂ ਅਤੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਜ਼ੋਰਦਾਰ ਧਾਵਾ ਬੋਲਦਿਆਂ ਕਿਹਾ ਕਿ ਦੂਜਿਆਂ 'ਤੇ ਇਸ ਤਰ੍ਹਾਂ ਨਿਰਆਧਾਰ ਦੋਸ਼ ਲਾਉਣ ਤੋਂ ਪਹਿਲਾਂ ਸੁਖਬੀਰ ਨੂੰ ਆਪਣੀ ਪੀੜ੍ਹੀ ਹੇਠਾਂ ਸੋਟਾ ਮਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਸਿਆਸੀ ਅਖਾੜੇ ਵਿੱਚ ਆਪਣੇ ਵਿਰੋਧੀਆਂ ਨੂੰ ਦਬਾਉਣ ਲਈ ਸੁਖਬੀਰ ਅਤੇ ਉਸਦੀ ਮੰਡਲੀ ਵੱਲੋਂ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਦਿਆਂ ਪੂਰੀ ਵਾਹ ਲਾਈ ਗਈ।
ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਸ੍ਰੀ ਰੰਧਾਵਾ ਨੇ ਕਿਹਾ ਕਿ ਪੰਜਾਬ ਵਿੱਚ ਹਰ ਕੋਈ ਜਾਣਦਾ ਹੈ ਕਿ ਅਕਾਲੀ ਆਗੂਆਂ ਵੱਲੋਂ ਆਪਣੇ 10 ਸਾਲਾਂ ਦੇ ਲੰਮੇ ਕੁਸ਼ਾਸਨ ਦੌਰਾਨ ਨਿਯਮਾਂ ਨੂੰ ਆਪਣੇ ਫਾਇਦੇ ਲਈ ਤੋੜਿਆ ਮਰੋੜਿਆ ਗਿਆ। ਉਨ੍ਹਾਂ ਕਿਹਾ ਕਿ ਇਸ ਗੱਲ ਤੋਂ ਕੋਈ ਅਣਜਾਣ ਨਹੀਂ ਕਿ ਅਕਾਲੀਆਂ ਦੇ ਸਾਸ਼ਨ ਦੌਰਾਨ ਪੰਜਾਬ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦਾ ਅੱਡਾ ਬਣ ਗਿਆ ਸੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਜ ਵਿਰੋਧੀ ਤੱਤ ਅਕਾਲੀ ਆਗੂਆਂ ਦੀ ਸਰਪ੍ਰਸਤੀ ਹੇਠ ਵਧੇ ਫੁੱਲੇ ਜਿਨ੍ਹਾਂ ਨੇ ਸੂਬੇ ਵਿੱਚ ਦਹਿਸ਼ਤ ਫੈਲਾਉਣ ਲਈ ਉਨ੍ਹਾਂ ਦੀ ਖੁਲ੍ਹੇ ਆਮ ਵਰਤੋਂ ਕੀਤੀ।
ਸ੍ਰੀ ਰੰਧਾਵਾ ਨੇ ਕਿਹਾ ਕਿ ਇਹ ਬਦਕਿਸਮਤੀ ਦੀ ਗੱਲ ਹੈ ਕਿ ਲੋਕਾਂ ਤੋਂ ਆਪਣੇ ਕੁਕਰਮਾਂ ਦੀ ਮੁਆਫ਼ੀ ਮੰਗਣ ਦੀ ਬਜਾਏ ਸੁਖਬੀਰ ਅਤੇ ਉਸਦੀ ਮੰਡਲੀ ਹੁਣ ਕਾਂਗਰਸੀ ਆਗੂਆਂ 'ਤੇ ਬੇਬੁਨਿਆਦ ਦੋਸ਼ ਮੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸੂਝਵਾਨ ਲੋਕ ਸੁਖਬੀਰ ਅਤੇ ਉਸਦੀ ਮੰਡਲੀ ਦੇ ਦੋਗਲੇ ਚਰਿੱਤਰ ਤੋਂ ਚੰਗੀ ਤਰ੍ਹਾਂ ਜਾਣੂੰ ਹਨ ਅਤੇ ਨਾਲ ਹੀ ਕਿਹਾ ਕਿ ਉਹ ਅਕਾਲੀਆਂ ਦੀਆਂ ਅਜਿਹੀਆਂ ਘਟੀਆ ਚਾਲਾਂ ਵਿੱਚ ਕਦੇ ਨਹੀਂ ਫਸਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਤੇ ਸੂਝਬੂਝ ਭਰੀ ਅਗਵਾਈ ਵਿੱਚ ਪੂਰਾ ਵਿਸ਼ਵਾਸ਼ ਹੈ ਅਤੇ ਉਨ੍ਹਾਂ ਦੀ ਅਗਵਾਈ ਵਿੱਚ ਸੂਬਾ ਕਾਂਗਰਸ ਵੱਲੋਂ ਰਾਜ ਵਿਚਲੀਆਂ ਸਾਰੀਆਂ 13 ਲੋਕ ਸਭਾ ਸੀਟਾਂ 'ਤੇ ਜਿੱਤ ਦਰਜ ਕੀਤੀ ਜਾਵੇਗੀ।
ਉਨ੍ਹਾਂ ਸੁਖਬੀਰ ਨੂੰ ਚੇਤਾਵਨੀ ਦਿੱਤੀ ਕਿ ਆਪਣੇ ਸੌੜੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੁਖਬੀਰ ਨੂੰ ਇੰਨਾ ਹੇਠਾਂ ਨਹੀਂ ਡਿੱਗਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸੁਖਬੀਰ ਦੀ ਭਰੋਸੇਯੋਗਤਾ ਲੋਕਾਂ ਵਿੱਚ ਬਿਲਕੁਲ ਖ਼ਤਮ ਹੋ ਚੁੱਕੀ ਹੈ ਅਤੇ ਅਜਿਹੇ ਘਟੀਆ ਕਾਰਨਾਮਿਆਂ ਨੇ ਲੋਕਾਂ ਦਰਮਿਆਨ ਉਸਦੀ ਪੋਲ ਬਿਲਕੁਲ ਖੋਲ੍ਹ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਚੰਗੀ ਤਰ੍ਹਾਂ ਜਾਣਦੇ ਹਨ ਕਿ ਸੁਖਬੀਰ ਰਾਜਨੀਤਿਕ ਸ਼ਕਤੀਆਂ ਤੋਂ ਬਿਨਾਂ ਬਚ ਨਹੀਂ ਸਕਦਾ ਜਿਸ ਕਾਰਨ ਉਹ ਹੁਣ ਕਾਂਗਰਸੀ ਆਗੂਆਂ 'ਤੇ ਨਿਰਆਧਾਰ ਦੋਸ਼ ਮੜ੍ਹ ਰਿਹਾ ਹੈ।