ਨਵੀਂ ਦਿੱਲੀ,16 ਜਨਵਰੀ 2019 - ਕੇਂਦਰ ਸਰਕਾਰ ਨੇ 7ਵੇਂ ਪੇਅ ਕਮਿਸ਼ਨ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਹੈ। ਸਰਕਾਰ ਨੇ ਇੰਜੀਨੀਅਰਿੰਗ ਕਾਲਜਾਂ ਸਮੇਤ ਦੇਸ਼ ਭਰ ਦੇ ਤਕਨੀਕੀ ਸਿੱਖਿਆ ਸੰਸਥਾਨਾਂ ‘ਚ ਪੜ੍ਹਾਉਂਦੇ ਅਧਿਆਪਕਾਂ ਦੀਆਂ ਤਨਖ਼ਾਹਾਂ 'ਚ ਵਾਧੇ ਦਾ ਫ਼ੈਸਲਾ ਕੀਤਾ ਹੈ। ਸਰਕਾਰ ਨੇ ਇਸ ਲਈ 1,241 ਕਰੋੜ ਰੁਪਏ ਜਾਰੀ ਵੀ ਕਰ ਦਿੱਤੇ ਹਨ।
ਮਨੁੱਖੀ ਸਰੋਤਾਂ ਦੇ ਵਿਕਾਸ ਬਾਰੇ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਮੰਗਲਵਾਰ ਨੂੰ ਇਹ ਮਨਜ਼ੂਰੀ ਦਿੱਤੇ ਜਾਣ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਦਾ ਸਿੱਧਾ ਲਾਭ ਸਰਕਾਰੀ ਵਿਦਿਅਕ ਸੰਸਥਾਨਾਂ ‘ਚ ਪੜ੍ਹਾਉਂਦੇ 29,264 ਅਧਿਆਪਕਾਂ ਨੂੰ ਮਿਲੇਗਾ। ਇਸ ਤੋਂ ਇਲਾਵਾ ਆਲ ਇੰਡੀਆ ਕੌਂਸਲ ਆਫ਼ ਟੈਕਨੀਕਲ ਐਜੂਕੇਸ਼ਨ (AICTE) ਦੇ ਘੇਰੇ ਵਿੱਚ ਆਉਣ ਵਾਲੇ ਨਿਜੀ ਸੰਸਥਾਨਾਂ ‘ਚ ਪੜ੍ਹਾਉਂਦੇ ਅਧਿਆਪਕਾਂ ਨੂੰ ਵੀ ਇਸ ਦਾ ਅਸਿੱਧਾ ਲਾਭ ਮਿਲੇਗਾ।
ਜ਼ਿਕਰਯੋਗ ਹੈ ਕਿ ਤਕਨੀਕ ਸਿਖਲਾਈ ਸੰਸਥਾਨਾਂ ਦੇ ਗ਼ੈਰ–ਅਕਾਦਮਿਕ ਮੁਲਾਜ਼ਮਾਂ ਨੂੰ ਸਰਕਾਰ ਨੇ ਪਹਿਲਾਂ ਹੀ 7ਵੇਂ ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦਾ ਲਾਭ ਦੇਣ ਦੀ ਮਨਜ਼ੂਰੀ ਦਿੱਤੀ ਹੈ। ਇਹ ਵਰਨਣਯੋਗ ਹੈ ਕਿ ਕੁਝ ਸੂਬੇ 7ਵੇਂ ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਪਹਿਲਾਂ ਹੀ ਲਾਗੂ ਕਰ ਚੁੱਕੇ ਹਨ।