ਨਵਾਂ ਸ਼ਹਿਰ, 17 ਜਨਵਰੀ,2019: ਸ਼ਹੀਦ ਭਗਤ ਸਿੰਘ ਨਗਰ ਜ਼ਿਲੇ੍ਹ ’ਚ ਚੱਲ ਰਹੇ ਫਰਦ ਕੇਂਦਰ ਸਮੇਂ ਸਿਰ ਤੇ ਪਾਰਦਰਸ਼ੀ ਢੰਗ ਨਾਲ ਜ਼ਮੀਨੀ ਰਿਕਾਰਡ ਮੁਹੱਈਆ ਕਰਵਾਉਣ ’ਚ ਆਮ ਲੋਕਾਂ ਲਈ ਬਹੁਤ ਹੀ ਲਾਹੇਵੰਦ ਸਾਬਿਤ ਹੋ ਰਹੇ ਹਨ। ਜ਼ਿਲੇ੍ਹ ਦੇ 3 ਫਰਦ ਕੇਂਦਰਾਂ ਤੋਂ ਚਾਲੂ ਵਿੱਤੀ ਵਰ੍ਹੇ ਦੌਰਾਨ ਦਸੰਬਰ ਮਹੀਨੇ ਤੱਕ 76443 ਫ਼ਰਦਾਂ ਦੀਆਂ ਤਸਦੀਕਸ਼ੁਦਾ ਨਕਲਾਂ ਮੁਹੱਈਆ ਕਰਵਾਈਆਂ ਗਈਆਂ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਸ਼ਹਿਰੀ ਤੇ ਦਿਹਾਤੀ ਖੇਤਰਾਂ ਦਾ ਸਮੁੱਚਾ ਜ਼ਮੀਨੀ ਰਿਕਾਰਡ ਆਨਲਾਈਨ ਹੋ ਚੁੱਕਾ ਹੈ। ਜ਼ਿਲੇ੍ਹ ਦੇ ਸਾਰੇ ਪਿੰਡਾਂ ਤੋਂ ਇਲਾਵਾ ਸ਼ਹਿਰੀ ਖੇਤਰ ਨਾਲ ਸਬੰਧਤ ਆਨਲਾਈਨ ਹੋ ਚੁੱਕੇ ਜ਼ਮੀਨੀ ਰਿਕਾਰਡ ਨੂੰ ਕਿਸੇ ਵੀ ਸਮੇਂ ਅਤੇ ਕਿਤੇ ਵੀ ਬੈਠ ਕੇ ਦੇਖਿਆ ਜਾ ਸਕਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਫਰਦ ਕੇਂਦਰਾਂ ਰਾਹੀਂ ਜਿੱਥੇ ਜ਼ਮੀਨੀ ਰਿਕਾਰਡ ਦੀ ਤਸਦੀਕਸ਼ੁਦਾ ਨਕਲ ਲੋਕਾਂ ਨੰੂ ਅਸਾਨ ਢੰਗ ਨਾਲ ਮੁਹੱਈਆ ਕਰਵਾਈ ਜਾ ਰਹੀ ਹੈ, ਉਥੇ ਹੀ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਨੰੂ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਫ਼ਰਦ ਕੇਂਦਰ ਨਵਾਂਸ਼ਹਿਰ ਵਿਖੇ ਦਸੰਬਰ 2018 ਤੱਕ 32263 ਫ਼ਰਦਾਂ, ਬਲਾਚੌਰ ਵਿਖੇ 26799 ਫ਼ਰਦਾਂ ਅਤੇ ਬੰਗਾ ਵਿਖੇ 17381 ਫ਼ਰਦਾਂ ਮੁਹੱਈਆ ਕਰਵਾਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਨ੍ਹਾਂ ਫ਼ਰਦ ਕੇਂਦਰਾਂ ਤੋਂ 87 ਲੱਖ ਰੁਪਏ ਤੋਂ ਵਧੇਰੇ ਦਾ ਮਾਲੀਆ ਵੀ ਪ੍ਰਾਪਤ ਹੋਇਆ ਹੈ।
ਜ਼ਿਲ੍ਹਾ ਮਾਲ ਅਫ਼ਸਰ ਵਿਪਿਨ ਭੰਡਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਇਨ੍ਹਾਂ ਫ਼ਰਦ ਕੇਂਦਰਾਂ ਤੋਂ ਤਸਦੀਕਸ਼ੁਦਾ ਨਕਲਾਂ ਹਾਸਲ ਕਰਨ ਵਿੱਚ ਕੇਵਲ 10 ਤੋਂ 15 ਮਿੰਟਾਂ ਦਾ ਸਮਾਂ ਹੀ ਲਗਦਾ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਕੇਵਲ 20 ਰੁਪਏ ਪ੍ਰਤੀ ਪੰਨੇ ਦੇ ਹਿਸਾਬ ਨਾਲ ਫੀਸ ਅਦਾ ਕਰਕੇ ਜ਼ਮੀਨੀ ਰਿਕਾਰਡ ਦੀ ਨਕਲ ਪ੍ਰਾਪਤ ਹੋ ਜਾਂਦੀ ਹੈ ਉਥੇ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਦੀ ਵੀ ਬੱਚਤ ਹੁੰਦੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਫ਼ਰਦ ਕੇਂਦਰਾਂ ਵਿਖੇ ਜਿੱਥੇ ਲੋਕਾਂ ਦਾ ਕੀਮਤੀ ਸਮਾਂ ਬਰਬਾਦ ਨਹੀਂ ਹੁੰਦਾ, ਉੱਥੇ ਹੀ ਪਾਰਦਰਸ਼ੀ ਢੰਗ ਨਾਲ ਲੋਕਾਂ ਦੇ ਜ਼ਮੀਨੀ ਰਿਕਾਰਡ ਦੀ ਕਾਪੀ ਹਾਸਲ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਲੈਂਡ ਰਿਕਾਰਡਜ਼ ਸੁਸਾਇਟੀ ਦੀ ਵੈਬਸਾਈਟ www.plrs.org.in ’ਤੇ ਕੋਈ ਵੀ ਜ਼ਮੀਨ ਮਾਲਕ ਆਪਣੀ ਜ਼ਮੀਨ ਦਾ ਰਿਕਾਰਡ ਆਨਲਾਈਨ ਵੇਖ ਸਕਦਾ ਹੈ ਅਤੇ ਇਸ ਦਾ ਪਿ੍ਰੰਟ ਆਊਟ ਵੀ ਪ੍ਰਾਪਤ ਕਰ ਸਕਦਾ ਹੈ।