ਫ਼ਿਰੋਜ਼ਪੁਰ 20 ਜਨਵਰੀ (ਗੁਰਿੰਦਰ ਸਿੰਘ) ਪੰਜਾਬ ਸਰਕਾਰ ਵੱਲੋਂ ਆਰੰਭੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਾਭਪਾਤਰੀ ਸਕੀਮਾਂ ਨੂੰ ਯੋਗ ਪ੍ਰਾਰਥੀਆਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਪੱਧਰੀ ਵਿਸ਼ੇਸ਼ ਕੈਂਪ ਦਾਣਾ ਮੰਡੀ ਫਿਰੋਜ਼ਪੁਰ ਛਾਉਣੀ ਵਿਖੇ ਲਗਾਇਆ ਗਿਆ। ਇਸ ਕੈਪ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰ.ਬਲਵਿੰਦਰ ਸਿੰਘ ਧਾਲੀਵਾਲ ਨੇ ਕੀਤੀ। ਇਸ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਕਾਊਂਟਰ ਲਗਾ ਕੇ ਆਪਣੇ ਆਪਣੇ ਵਿਭਾਗ ਦੀਆਂ ਸਕੀਮਾਂ ਦੇ ਲਾਭ ਦੇਣ ਲਈ ਬਿਨੈ ਪੱਤਰ ਵੀ ਪ੍ਰਾਪਤ ਕੀਤੇ ਗਏ।
ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੱਜ ਦੇ ਕੈਂਪ ਵਿਚ ਵੱਖ ਵੱਖ ਵਿਭਾਗਾਂ ਵੱਲੋਂ ਆਪੋ-ਆਪਣੇ ਕਾਊਟਰ ਲਗਾ ਕੇ ਪ੍ਰੀ-ਮੈਟ੍ਰਿਕ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਯੋਜਨਾ, ਸ਼ਗਨ ਸਕੀਮ, ਪਖਾਨਾ ਬਣਾਉਣ, ਪਾਣੀ ਦੇ ਕੁਨੈਕਸ਼ਨ, ਨਰੇਗਾ, ਪੀ.ਐਮ.ਏ.ਵਾਈ. ਸਕੀਮ, ਬੈਂਕ ਦੀਆਂ ਪੈਨਸ਼ਨ ਸਕੀਮਾਂ, ਅਪਾਹਜਤਾ ਸਰਟੀਫਿਕੇਟ, ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ, ਆਟਾ-ਦਾਲ ਸਕੀਮ, ਬੇਰੁਜ਼ਗਾਰੀ ਭੱਤਾ, ਘਰ-ਘਰ ਰੋਜ਼ਗਾਰ ਯੋਜਨਾ, ਬੁਢਾਪਾ, ਵਿਧਵਾ, ਅਪਾਹਜਤਾ ਪੈਨਸ਼ਨ, ਬੱਸ ਪਾਸ, ਅਨਾਥ ਬੱਚੇ ਆਦਿ ਸਕੀਮਾਂ ਦਾ ਯੋਗ ਲਾਭਪਾਤਰੀਆਂ ਨੂੰ ਲਾਭ ਦਿੱਤਾ ਗਿਆ ਹੈ। ਉਨ੍ਹਾਂ ਕੈਪ ਵਿਚ ਹਾਜ਼ਰ ਨਵੇਂ ਬਣੇ ਸਰਪੰਚ ਤੇ ਪੰਚਾਂ ਨੂੰ ਕਿਹਾ ਕਿ ਉਹ ਪਾਰਟੀਬਾਜ਼ੀ ਤੋ ਉੱਪਰ ਉੱਠ ਕੇ ਪਿੰਡਾ ਦੇ ਵਿਕਾਸ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਨਵੇਂ ਬਣੇ ਸਰਪੰਚਾਂ ਤੇ ਪੰਚਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡ ਵਿਚ ਕਿਸੇ ਵੀ ਲੋੜਵੰਦ, ਵਿਧਵਾ, ਅਨਾਥ ਜਾ ਗ਼ਰੀਬ ਲਾਭਪਾਤਰੀ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਬਣਦਾ ਲਾਭ ਦੇਣ।
ਇਸ ਮੌਕੇ ਸ੍ਰ.ਜਸਮੇਲ ਸਿੰਘ (ਲਾਡੀ ਗਹਿਰੀ) ਸੀਨੀਅਰ ਕਾਂਗਰਸ ਆਗੂ ਨੇ ਕਿਹਾ ਕਿ ਸਰਕਾਰ ਹਰ ਇੱਕ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਜਿਸ ਤਹਿਤ ਵੱਖ ਵੱਖ ਸਰਕਾਰੀ ਸਕੀਮਾਂ ਤੋ ਵਾਂਝੇ ਰਹਿ ਗਏ ਲੋਕਾਂ ਨੂੰ ਇੰਨਾ ਸਕੀਮਾਂ ਦਾ ਲਾਭ ਦੇਣ ਲਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਸਰਕਾਰੀ ਲਾਭਪਾਤਰੀ ਸਕੀਮਾਂ ਦਾ ਲਾਭ ਲੈਣ ਲਈ ਇੱਕ ਸੁਨਹਿਰੀ ਮੌਕਾ ਦਿੱਤਾ ਗਿਆ ਹੈ ਜਿਸ ਦਾ ਕਿ ਉਹ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿਹਾਤੀ ਹਲਕੇ ਲਈ ਕਰੋੜਾਂ ਰੁਪਏ ਦਾ ਫ਼ੰਡ ਭੇਜਿਆ ਜਾ ਰਿਹਾ ਹੈ ਜਿਸ ਨਾਲ ਦਿਹਾਤੀ ਹਲਕੇ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)ਰਵਿੰਦਰਪਾਲ ਸਿੰਘ, ਗੁਰਮੀਤ ਸਿੰਘ ਢਿੱਲੋ ਡੀ.ਡੀ.ਪੀ.ਓ, ਡਿਪਟੀ ਡੀ.ਈ.ਓ ਪ੍ਰਗਟ ਸਿੰਘ ਬਰਾੜ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋ ਇਲਾਵਾ ਕਾਂਗਰਸ ਆਗੂ ਹਾਜਰ ਸਨ।