← ਪਿਛੇ ਪਰਤੋ
ਨਵਾਂ ਸ਼ਹਿਰ 22 ਜਨਵਰੀ 2019: ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ੧੦ਵੀਂ ਅਤੇ ੧੨ਵੀਂ ਜਮਾਤਾਂ ਵਿੱਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਦੀ ਬੋਰਡ ਪ੍ਰੀਖਿਆਵਾਂ ਵਿੱਚ ਕਾਰਗੁਜ਼ਾਰੀ ਨੂੰ ਬਿਹਤਰ ਬਨਾਉਣ ਹਿੱਤ ਦਿੱਤੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਕੂਲ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਦੀ ਮੁਹਿੰਮ ਚਲ ਰਹੀ ਹੈ। ਇਸ ਮੁਹਿੰਮ ਤਹਿਤ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨਜੀਤ ਸਿੰਘ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਿਆਲਾ ਅਤੇ ਰਾਹੋਂ (ਕੰਨਿਆ) ਵਿਖੇ ਸਕੂਲ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨਾਲ ਵਿਸ਼ੇਸ਼ ਬੈਠਕਾਂ ਕੀਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਦੇ ਮੈਂਬਰ ਪ੍ਰਮੋਦ ਭਾਰਤੀ ਅਤੇ ਨਿਰਮਲ ਸਿੰਘ ਵੀ ਉਨ੍ਹਾਂ ਦੇ ਨਾਲ ਸਨ। ਇਨ੍ਹਾਂ ਬੈਠਕਾਂ ਦੌਰਾਨ ਸਬੰਧਤ ਵਿਸ਼ਾ ਅਧਿਆਪਕਾਂ ਵੱਲੋਂ ਘਰੇਲੂ ਪ੍ਰੀਖਿਆਵਾਂ ਵਿੱਚ ੪੦% ਤੋਂ ਘੱਟ ਅਤੇ ੮੦% ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਨਾਲ ਨਾਲ ੪੦% ਤੋਂ ੮੦% ਦੇ ਵਿਚਕਾਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਵਿਸ਼ੇਸ਼ ਯੋਜਨਾਬੰਦੀ ਕੀਤੇ ਜਾਣ ਸਬੰਧੀ ਵਿਸਥਾਰ ਸਹਿਤ ਚਰਚਾ ਕੀਤੀ ਗਈ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਵਿਦਿਆਰਥੀਆਂ ਦੇ ਨਤੀਜਿਆਂ ਵਿੱਚ ਸੁਧਾਰ ਕਰਕੇ ੧੦੦% ਨਤੀਜਾ ਯਕੀਨੀ ਬਨਾਉਣ ਲਈ ਅਧਿਆਪਕਾਂਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂਅਧਿਆਪਕਾਂ ਨੂੰ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਪ੍ਰੀਖਿਆ ਦੀ ਤਿਆਰੀ ਲਈ ਹਾਂ ਪੱਖੀ ਰਵੱਈਆ ਇਖਤਿਆਰ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਵੱਖ-੨ ਵਿਸ਼ਿਆ ਦੇ ਅਧਿਆਪਕਾਂ ਨੂੰ ਵਿਦਿਆਰਥੀਆਂ ਨੂੰ ਪ੍ਰੀਖਿਆ ਲਈ ਤਿਆਰ ਕਰਨ ਸਬੰਧੀ ਵਿਸ਼ੇਸ਼ ਨੁਕਤੇ ਵੀ ਸਾਂਝੇ ਕੀਤੇ, ਤਾਂ ਜੋ ਕਮਜ਼ੋਰ ਵਿਦਿਆਰਥੀਆਂ ਦੀ ਪਾਸ ਪ੍ਰਤੀਸ਼ਸ਼ਤਾ ਵਿੱਚ ਸੁਧਾਰ ਲਿਆਉਣ ਦੇ ਨਾਲ ਨਾਲ ਹੁਸ਼ਿਆਰ ਵਿਦਿਆਰਥੀਆਂ ਨੂੰ ਮੈਰਿਟ ਲਿਸਟ ਵਿੱਚ ਸਥਾਨ ਹਾਸਲ ਕਰਨ ਲਈ ਤਿਆਰ ਕੀਤਾ ਜਾ ਸਕੇ। ਇਸ ਮੌਕੇ ਪ੍ਰਿੰਸੀਪਲ ਰਾਜਨ ਭਾਰਦਵਾਜ, ਸਸਸਸ ਹਿਆਲਾ ਅਤੇ ਪ੍ਰਿੰਸੀਪਲ ਬਲਜਿੰਦਰ ਸਿੰਘ, ਸਸਸਸ ਰਾਹੋਂ(ਕੰਨਿਆ) ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਵਿਸ਼ਵਾਸ ਦੁਆਇਆ ਕਿ ਨਤੀਜਿਆਂ ਵਿੱਚ ਸੁਧਾਰ ਲਿਆਉਣ ਹਿੱਤ ਉਹ ਪੂਰੀ ਮਿਹਨਤ ਅਤੇ ਲਗਨ ਨਾਲ ਲਗਾਤਾਰ ਕੰਮ ਕਰਦੇ ਰਹਿਣਗੇ।
Total Responses : 942