ਲੁਧਿਆਣਾ, 11 ਫਰਵਰੀ 2019 -ਲੁਧਿਆਣਾ ਵਿਖੇ ਵਾਪਰੀ ਸਮੂਹਿਕ ਜਬਰ ਜਨਾਹ ਦੀ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਇਸ ਘਟਨਾ ਦੇ ਦੋਸ਼ੀ ਕਿਸੇ ਵੀ ਹੀਲੇ ਬਖ਼ਸ਼ੇ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਉਹ ਇਸ ਸੰਬੰਧੀ ਮਾਮਲੇ ਦੀ ਜਾਂਚ ਕਰ ਰਹੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਸੰਪਰਕ ਵਿੱਚ ਹਨ।
ਆਪਣਾ ਬਿਆਨ ਜਾਰੀ ਕਰਦਿਆਂ ਸ੍ਰ. ਬਿੱਟੂ ਨੇ ਕਿਹਾ ਕਿ ਇਹ ਸਮੂਹਿਕ ਜਬਰ ਜਨਾਹ ਦੀ ਘਟਨਾ ਮਨੁੱਖਤਾ ਲਈ ਸਭ ਤੋਂ ਘਿਨਾਉਣੀ ਹਰਕਤ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਕੋਸ਼ਿਸ਼ ਕੀਤੀ ਜਾਵੇਗੀ ਕਿ ਦੋਸ਼ੀਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਸਲਾਖ਼ਾਂ ਪਿੱਛੇ ਭੇਜਿਆ ਜਾਵੇ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾ ਸਕੇ।
ਉਨ੍ਹਾਂ ਕਿਹਾ ਕਿ ਪੀੜਤਾਂ ਅਤੇ ਉਸਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਮੁੜ ਭਰੋਸਾ ਦਿਵਾਇਆ ਕਿ ਦੋਸ਼ੀਆਂ ਨੂੰ ਜਲਦ ਹੀ ਕਾਬੂ ਕਰਕੇ ਜੇਲ੍ਹ ਭੇਜਿਆ ਜਾਵੇਗਾ।