ਪਟਿਆਲਾ, 19 ਫਰਵਰੀ 2019 ਜੀ ਐੱਸ ਪੰਨੂ : 3 ਮਾਰਚ ਤੱਕ ਚੱਲਣ ਵਾਲੇ ਇਸ ਕਰਾਫਟ ਦੇ ਮੇਲੇ ਚ ਪਟਿਆਲਾ ਤੇ ਆਸ-ਪਾਸ ਦੇ ਲੋਕਾਂ ਨੂੰ ਦੇਸ਼ ਭਰ ਦੇ ਸ਼ਿਲਪਕਾਰਾਂ ਵੱਲੋਂ ਬਣਾਈਆਂ ਵਸਤਾਂ ਦੀ ਇੱਕੋ ਮੰਚ 'ਤੇ ਉਪਲਬੱਧ ਕਰਵਾਉਣ ਅਤੇ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਤੋਂ ਵਾਕਫ਼ ਕਰਵਾਉਣ ਲਈ ਪਟਿਆਲਾ ਦੀ ਵਿਰਾਸਤੀ ਇਮਾਰਤ ਸ਼ੀਸ਼ ਮਹਿਲ ਵਿਖੇ ਲਗਾਏ ਗਏ ਕਰਾਫ਼ਟ ਮੇਲਾ-2019 ਦਾ ਆਗਾਜ਼ ਧੂਮ ਧੜੱਕੇ ਨਾਲ ਹੋਇਆ।ਪਰਨੀਤ ਕੌਰ ਨੇ ਨਗਾੜਾ ਵਜਾ ਕੇ ਇਸ ਮੇਲੇ ਦਾ ਉਦਘਾਟਨ ਕੀਤਾ ,ਇਹ ਮੇਲਾ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੇਂਦਰੀ ਦਿਹਾਤੀ ਵਿਕਾਸ ਮੰਤਰਾਲਾ, ਸੱਭਿਆਚਾਰਕ ਮਾਮਲੇ ਵਿਭਾਗ ਪੰਜਾਬ ਅਤੇ ਉੱਤਰ ਖੇਤਰੀ ਸੱਭਿਆਚਾਰਕ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ਇਹ ਕਰਾਫ਼ਟ ਮੇਲਾ ਦੇਸ਼ ਭਰ ਦੇ ਸ਼ਿਲਪਕਾਰਾਂ ਦੀਆਂ ਵਸਤਾਂ ਤੇ ਹੋਰ ਦਿਲਕਸ਼ ਸਾਜੋ-ਸਮਾਨ ਆਦਿ ਦੀ ਵਿਕਰੀ ਲਈ ਪਟਿਆਲਾ ਵਿਖੇ ਇੱਕ ਵੱਡਾ ਮੰਚ ਪ੍ਰਦਾਨ ਕਰੇਗਾ।
ਵਿਦੇਸ਼ ਰਾਜ ਮੰਤਰੀ ਨੇ ਕਿਹਾ ਕਿ ਇਸ ਮੇਲੇ ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਧਾਈ ਦਾ ਪਾਤਰ ਹੈ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੀ ਸਰਕਾਰ ਵੱਲੋਂ ਬੰਦ ਕੀਤੇ ਵਿਰਾਸਤੀ ਅਤੇ ਹੋਰ ਅਹਿਮ ਮੇਲੇ ਮੁੜ ਤੋਂ ਸ਼ੁਰੂ ਕੀਤੇ ਹਨ ਅਤੇ ਹੁਣ ਸਰਕਾਰ ਵੱਲੋਂ ਅਜਿਹੇ ਮੇਲੇ ਹਰ ਵਰ੍ਹੇ ਲਾਏ ਜਾਣਗੇ। ਉਨ੍ਹਾਂ ਆਮ ਲੋਕਾਂ ਅਤੇ ਪਟਿਆਲਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਇਸ ਮੇਲੇ ਦਾ ਖ਼ੂਬ ਆਨੰਦ ਮਾਨਣ।ਉਨ੍ਹਾਂ ਨੇ ਇਸ ਦੌਰਾਨ ਦੇਸ਼ ਭਰ ਤੋਂ ਪੁੱਜੇ ਸ਼ਿਲਪਕਾਰਾਂ ਸਮੇਤ ਟਰਕੀ, ਅਫ਼ਗਾਨਿਸਤਾਨ ਅਤੇ ਥਾਈਲੈਂਡ ਤੋਂ ਵਿਸ਼ੇਸ਼ ਤੌਰ 'ਤੇ ਪੁੱਜੇ ਸ਼ਿਲਪਕਾਰਾਂ ਦਾ ਵਿਸ਼ੇਸ਼ ਤੌਰ 'ਤੇ ਸਵਾਗਤ ਕੀਤਾ। ਉੱਤਰ ਖੇਤਰੀ ਸੱਭਿਆਚਾਰਕ ਕੇਂਦਰ ਪਟਿਆਲਾ ਵੱਲੋਂ ਪੇਸ਼ ਕੀਤੀ ਗਈ ਰੰਗਾ-ਰੰਗ ਪੇਸ਼ਕਾਰੀ ਦੌਰਾਨ ਆਸਾਮ, ਮੱਧ ਪ੍ਰਦੇਸ਼ ਅਤੇ ਗੁਜਰਾਤ ਰਾਜਾਂ ਦੇ ਲੋਕ ਨਾਚਾਂ ਤੇ ਲੋਕ ਕਲਾਵਾਂ ਦੇ ਕਲਾਕਾਰਾਂ ਨੇ ਆਪੋ-ਆਪਣੀਆਂ ਵੰਨਗੀਆਂ ਪੇਸ਼ ਕਰਕੇ ਖ਼ੂਬ ਧਮਾਂਲਾਂ ਪਾਈਆਂ।ਜਦੋਂਕਿ ਮੇਲੇ 'ਚ ਪੰਜਾਬ, ਹਰਿਆਣਾ, ਰਾਜਸਥਾਨ ਦੇ ਨਚਾਰ, ਜੋਗੀਆਂ ਵਾਲੀ ਬੀਨ, ਬੰਚਾਰੀ ਦਾ ਨਗਾੜਾ, ਬਹਿਰੂਪੀਏ, ਕੱਚੀ ਘੋੜੀ, ਪੌੜੀ 'ਤੇ ਤੁਰਨ ਵਾਲੇ, ਬਾਜੀਗਰ ਸਮੇਤ ਹੋਰ ਅਹਿਮ ਦਿਲਲੁਭਾਊ ਮੰਨੋਰੰਜਨ ਦੇ ਪ੍ਰੋਗਰਾਮਾਂ ਦੀ ਪੇਸ਼ਕਾਰੀ ਆਪਣਾ ਵੱਖਰਾ ਰੰਗ ਬਖੇਰ ਰਹੀ ਸੀ।
ਇਸ ਤੋਂ ਇਲਾਵਾ ਇਥੇ ਪੁੱਜੇ ਕਰੀਬ 20 ਰਾਜਾਂ ਦੇ ਸ਼ਿਲਪਕਾਰਾਂ ਵੱਲੋਂ ਲਾਈਆਂ ਗਈਆਂ 150 ਤੋਂ ਵਧੇਰੇ ਸਟਾਲਾਂ 'ਤੇ ਦਸਤਕਾਰੀ ਵਸਤਾਂ ਦੀ ਦਰਸ਼ਕਾਂ ਅਤੇ ਖਰੀਦਦਾਰੀ ਦੇ ਸ਼ੌਕੀਨਾਂ ਵੱਲੋਂ ਦੇ ਪਹਿਲੇ ਦਿਨ ਖ਼ੂਬ ਖ਼ਰੀਦੋ-ਫ਼ਰੋਖ਼ਤ ਕੀਤੀ ਗਈ। ਜਦੋਂਕਿ ਵੱਖ-ਵੱਖ ਰਾਜਾਂ ਦੇ ਸਟਾਲਾਂ 'ਤੇ ਬਣੇ ਲਜ਼ੀਜ਼ ਪਕਵਾਨਾਂ, ਆਈਸ ਕਰੀਮ, ਗੁਜਰਾਤੀ ਖਾਣੇ, ਹਰਿਆਣਵੀ ਜਲੇਬ ਤੇ ਮਠਿਆਈ, ਬੰਬੇ ਫੂਡ, ਰਾਜਸਥਾਨੀ ਤੇ ਦੱਖਣ ਭਾਰਤੀ ਖਾਣੇ, ਰਾਜਮਾਂਹ, ਕੜ੍ਹੀ ਚਾਵਲ, ਬਿਰਿਆਨੀ, ਚੀਨੀ ਭੋਜਨ ਦੀ ਮਹਿਕ ਨੇ ਖਾਣ ਪੀਣ ਦੇ ਸ਼ੌਕੀਨਾਂ ਨੂੰ ਆਪਣੇ ਵੱਲ ਖਿੱਚਿਆ ਅਤੇ ਬੱਚਿਆਂ ਲਈ ਝੂਲੇ, ਪੀਂਗਾਂ ਤੇ ਖਿਡੌਣਿਆਂ ਸਮੇਤ ਮੰਨੋਰੰਜਨ ਦੇ ਹੋਰ ਸਾਧਨਾਂ ਨੇ ਖ਼ੂਬ ਰੌਣਕਾਂ ਲਾਈਆਂ। ਦਰਸ਼ਕਾਂ ਦੀ ਖਿੱਚ ਦਾ ਕੇਂਦਰ ਬਣੇ ਇਸ ਖੇਤਰੀ ਕਰਾਫ਼ਟ ਮੇਲੇ 'ਚ 3 ਮਾਰਚ ਤੱਕ ਪੰਜਾਬ ਸਮੇਤ ਹੋਰ ਰਾਜਾਂ ਤੋਂ ਵੱਡੀ ਗਿਣਤੀ ਦਰਸ਼ਕਾਂ ਦੇ ਪੁੱਜਣ ਦੀ ਸੰਭਾਵਨਾ ਹੈ।
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ, ਕਰਾਫ਼ਟ ਮੇਲੇ ਦੇ ਨੋਡਲ ਅਫ਼ਸਰ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸ਼ੌਕਤ ਅਹਿਮਦ ਪਰੇ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਪੂਨਮਦੀਪ ਕੌਰ, ਸਹਾਇਕ ਕਮਿਸ਼ਨਰ ਜਨਰਲ (ਸਿਖਲਾਈ ਅਧੀਨ) ਸ੍ਰੀ ਰਾਹੁਲ ਸਿੰਧੂ, ਐਸ.ਡੀ.ਐਮ. ਪਟਿਆਲਾ ਸ. ਅਨਮੋਲ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਜਨਰਲ (ਜ) ਨਮਨ ਮੜਕਨ, ਸਹਾਇਕ ਕਮਿਸ਼ਨਰ ਜਨਰਲ (ਸ਼ਿਕਾਇਤਾਂ) ਹਰਕੀਰਤ ਕੌਰ, ਜ਼ਿਲ੍ਹਾ ਪ੍ਰੀਸ਼ਦ ਦੇ ਸੀ.ਈ.ਓ. ਚਰਨਜੋਤ ਸਿੰਘ ਵਾਲੀਆ, ਐਨ.ਜੈਡ.ਸੀ.ਸੀ ਦੇ ਪ੍ਰੋਗਰਾਮ ਅਫ਼ਸਰ ਕਮਲੇਸ਼ ਤੇ ਹੋਰ ਅਧਿਕਾਰੀ ਮੌਜੂਦ ਸਨ।
ਇਸ ਮੌਕੇ ਐਨ.ਜੈਡ.ਸੀ.ਸੀ ਦੇ ਸ੍ਰੀ ਚੰਨੀ ਨੇ ਮੰਚ ਸੰਚਾਲਨ ਬਾਖੂਬੀ ਕੀਤਾ। ਏ.ਡੀ.ਸੀ. (ਜ) ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਸ ਕਰਾਫ਼ਟ ਮੇਲੇ 'ਚ ਦੇਸ਼ ਭਰ ਤੋਂ 150 ਤੋਂ ਵਧੇਰੇ ਸ਼ਿਲਪਕਾਰ ਅਤੇ 17 ਰਾਜਾਂ ਦੇ ਕਲਾਕਾਰ ਪੁੱਜੇ ਹਨ, ਜਿਨ੍ਹਾਂ ਦੇ ਰਹਿਣ-ਸਹਿਣ ਲਈ ਪੁਖ਼ਤਾ ਬੰਦੋਬਸਤ ਕੀਤੇ ਗਏ ਹਨ। ਜਦੋਂ ਕਿ ਗੁਰਬਖ਼ਸ਼ੀਸ਼ ਸਿੰਘ ਅੰਟਾਲ ਦੀ ਅਗਵਾਈ ਹੇਠ ਆਈ.ਟੀ.ਆਈ. ਤੇ ਪੋਲੀਟੈਕਨਿਕ ਕਾਲਜ ਦੇ ਸਿਖਿਆਰਥੀਆਂ ਅਤੇ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਨੇ ਵੀ ਸੇਵਾਵਾਂ ਨਿਭਾਈਆਂ।