ਲਾਭਪਾਤਰੀਅਾਂ ਦੇ ਫਾਰਮ ਭਰੇ ਜਾਣ ਦਾ ਦ੍ਰਿਸ਼
ਜਗਦੀਸ਼ ਥਿੰਦ
ਜਲਾਲਾਬਾਦ / ਫਾਜ਼ਿਲਕਾ 20 ਫਰਵਰੀ
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ ਜ਼ਿਲ੍ਹਾ ਪੱਧਰੀ ਵਿਸ਼ੇਸ਼ ਕੈਂਪ ਦਫਤਰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਜਲਾਲਾਬਾਦ ਵਿਖੇ ਲਗਾਇਆ ਗਿਆ। ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਹਾ ਦੇਣ ਲਈ ਕੈਂਪ ਵਿੱਚ ਲੋੜਵੰਦ ਲਾਭਪਾਤਰੀਆਂ ਦੇ ਫਾਰਮ ਜਮ੍ਹਾਂ ਕਰਵਾਏ ਗਏ।
ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਸ੍ਰੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਕੈਂਪ ਲਗਾਉਣ ਦਾ ਮੁੱਖ ਮਕਸਦ ਇਹ ਹੈ ਕਿ ਕੋਈ ਵੀ ਯੋਗ ਲਾਭਪਾਤਰੀ ਇਨ੍ਹਾਂ ਸਰਕਾਰੀ ਲੋਕ ਭਲਾਈ ਸਕੀਮਾਂ ਦਾ ਲਾਹਾ ਲੈਣ ਤੋਂ ਵਾਂਝਾਂ ਨਾ ਰਹਿ ਸਕੇ। ਉਨ੍ਹਾਂ ਕਿਹਾ ਕਿ ਇਸ ਜ਼ਿਲ੍ਹਾ ਪੱਧਰੀ ਕੈਂਪ 'ਚ ਵੱਖ-ਵੱਖ ਵਿਭਾਗਾਂ ਦੀਆਂ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਦਿੱਤਾ ਜਾਵੇਗਾ।
ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਨੇ ਦੱਸਿਆ ਕਿ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਆਪੋ-ਆਪਣੇ ਵਿਭਾਗ ਨਾਲ ਸਬੰਧਤ ਸਕੀਮਾਂ ਪ੍ਰੀ-ਮੈਟ੍ਰਿਕ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਯੋਜਨਾ, ਸ਼ਗਨ ਸਕੀਮ, ਪਖਾਨਾ ਬਣਾਉਣ, ਪਾਣੀ ਦੇ ਕੁਨੈਕਸ਼ਨ, ਨਰੇਗਾ, ਪੀ.ਐਮ.ਏ.ਵਾਈ. ਸਕੀਮ, ਬੈਂਕ ਦੀਆਂ ਪੈਨਸ਼ਨ ਸਕੀਮਾਂ, ਅਪੰਗਤਾ ਸਰਟੀਫਿਕੇਟ, ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ, ਆਟਾ-ਦਾਲ ਸਕੀਮ, ਬੇਰੁਜ਼ਗਾਰੀ ਭੱਤਾ, ਘਰ-ਘਰ ਰੋਜ਼ਗਾਰ ਯੋਜਨਾ, ਬੁਢਾਪਾ, ਵਿਧਵਾ, ਬੱਸ ਪਾਸ, ਅਨਾਥ ਬੱਚੇ ਆਦਿ ਸਕੀਮਾਂ ਸਬੰਧੀ ਯੋਗ ਲਾਭਪਾਤਰੀਆਂ ਦੇ ਫਾਰਮ ਭਰੇ ਗਏ ਹਨ।
ਇਸ ਮੌਕੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਲੋਕ ਹਾਜ਼ਰ ਸਨ।