ਐੱਸ.ਏ.ਐੱਸ. ਨਗਰ 20 ਫਰਵਰੀ , 2019: ਸਿੱਖਿਆ ਵਿਭਾਗ ਪੰਜਾਬ ਸਰਕਾਰੀ ਸਕੂਲਾਂ ਅਤੇ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਸਿੱਖਣ ਪੱਧਰ ਦਾ ਮਿਆਰ ਵਧੀਆ ਬਣਾ ਰਿਹਾ ਹੈ| ਸਕੂਲਾਂ ਦੀ ਕਾਇਆ-ਕਲਪ ਕਰਕੇ ਵਿਭਾਗ ਦੇ ਅਧਿਆਪਕਾਂ ਤੇ ਸਕੂਲ ਮੁਖੀਆਂ ਨੇ ਕੀਰਤੀਮਾਨ ਸਥਾਪਿਤ ਕੀਤਾ ਹੈ| ਅਕਾਦਮਿਕ ਤੇ ਸਹਿ-ਅਕਾਦਮਿਕ ਖੇਤਰਾਂ ਵਿੱਚ ਸਕੂਲੀ ਵਿਦਿਆਰਥੀ ਮੱਲ੍ਹਾਂ ਮਾਰ ਰਹੇ ਹਨ| ਵਿਭਾਗ ਦੀਆਂ ਨੀਤੀਆਂ ਉੱਤੇ ਅਮਲ ਕਰਦਿਆਂ ਸਿੱਖਿਆ ਅਧਿਕਾਰੀਆਂ ਨੇ ਬੇਹਤਰੀਨ ਨਤੀਜੇ ਦਿੱਤੇ ਹਨ ਅਤੇ ਭਵਿੱਖ ਵਿੱਚ ਦਿੱਤੇ ਜਾਣ ਦੀ ਉਮੀਦ ਬੱਝ ਚੁੱਕੀ ਹੈ| ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖਿਆ ਮੰਤਰੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਗਰਾਮ ਦੀ ਮੀਟਿੰਗ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਸੈਕੰਡਰੀ ਤੇ ਐਲੀਮੈਂਟਰੀ ਸਿੱਖਿਆ, ਸਮੂਹ ਪ੍ਰਿੰਸੀਪਲ ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾਵਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਜ਼ਿਲ੍ਹਾ ਕੋਆਰਡੀਨੇਟਰਾਂ, ਬਲਾਕ ਮਾਸਟਰ ਟਰੇਨਰਾਂ ਨੂੰ ਸੰਬੋਧਨ ਕਰਦਿਆਂ ਕੀਤਾ|
ਇਸ ਮੌਕੇ ਸਿੱਖਿਆ ਮੰਤਰੀ ਨੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਗਰਾਮ ਨਾਲ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਸਿੱਖਣ ਪੱਧਰ ਵਿੱਚ ਆਏ ਸੁਧਾਰਾਂ ਲਈ ਅਧਿਆਪਕਾਂ, ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਟੀਮ ਦੀ ਮਿਹਨਤ, ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੀ ਨਜ਼ਰਸਾਨੀ ਤੇ ਮੁੱਖ ਦਫ਼ਤਰ ਦੀ ਯੋਜਨਾਬੰਦੀ ਲਈ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਅੱਗੇ ਤੋਂ ਹੋਰ ਵੀ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਥਾਪੜਾ ਵੀ ਦਿੱਤਾ| ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਪ੍ਰਫੁਲਿੱਤ ਕਰਨ ਲਈ ਅੰਮ੍ਰਿਤਸਰ, ਲੁਧਿਆਣਾ ਤੇ ਜਲੰਧਰ ਦੇ ਸਾਰੇ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਜਾ ਰਹੀ ਹੈ| ਇਸ ਤੋਂ ਇਲਾਵਾ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 21000 ਕਲਾਸਰੂਮ ਸਮਾਰਟ ਕਲਾਸਰੂਮ ਬਣਾਏ ਜਾ ਰਹੇ ਹਨ| ਵਿਭਾਗ ਵੱਲੋਂ ਪਹਿਲੀ ਤੋਂ ਦਸਵੀਂ ਤੱਕ ਦੇ ਪਾਠਕ੍ਰਮ ਨੂੰ ਈ-ਕੰਟੈਂਟ ਰਾਹੀਂ ਪੜ੍ਹਾਏ ਜਾਣ ਦੀ ਤਿਆਰੀ ਹੋ ਚੁੱਕੀ ਹੈ|
ਉਹਨਾਂ ਸਮੂਹ ਸਿੱਖਿਆ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਾਲ ਸਲਾਨਾ ਇਮਤਿਹਾਨਾਂ ਵਿੱਚ ਨਕਲ ਨੂੰ ਨਕੇਲ ਪਾਉਣ ਲਈ ਵਿਸ਼ੇਸ਼ ਯੋਜਨਾਬੰਧੀ ਕੀਤੀ ਗਈ ਹੈ| ਪਰ ਉਹਨਾਂ ਨੂੰ ਇਸ ਗੱਲ ਦੀ ਵੀ ਖੁਸ਼ੀ ਹੈ ਕਿ ਇਸ ਸਾਲ ਸਰਕਾਰੀ ਸਕੂਲਾਂ ਦੇ ਅਧਿਆਪਕ ਬੋਰਡ ਦੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਵਾਧੂ ਜਮਾਤਾਂ ਲਗਾ ਕੇ ਪੜ੍ਹਾ ਰਹੇ ਹਨ ਜਿਸ ਤੋਂ ਸਪੱਸ਼ਟ ਹੈ ਕਿ ਸਰਕਾਰੀ ਸਕੂਲਾਂ ਦੇ ਨਤੀਜੇ ਇਸ ਵਾਰ ਪਹਿਲਾਂ ਨਾਲੋਂ ਬਿਹਤਰ ਆਉਣਗੇ| ਉਹਨਾਂ ਸਮੂਹ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਟੀਮ ਨੂੰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਸਿੱਖਣ ਪੱਧਰਾਂ ਦੀ ਜਾਂਚ ਕਰਨ ਸਮੇਂ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਕਿਹਾ ਕਿ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਸਾਰੇ ਬੱਚੇ ਅਗਲੀ ਜਮਾਤ ਵਿੱਚ ਪ੍ਰਮੋਟ ਕੀਤੇ ਜਾਂਦੇ ਹਨ ਜਿਸ ਨਾਲ ਅਧਿਆਪਕਾਂ ਦਾ ਨਤੀਜਾ ਸੌ ਫੀਸਦੀ ਬਣ ਜਾਂਦਾ ਹੈ ਪਰ ਬੱਚਿਆਂ ਦੀ ਜਾਂਚ ਕਰਕੇ ਉਹਨਾਂ ਦੇ ਸਿੱਖਣ ਪੱਧਰਾਂ ਦਾ ਪਤਾ ਲਗਾਉਣ ਨਾਲ ਪੰਜਾਬ ਦੀ ਸਿੱਖਿਆ ਦਾ ਪੱਧਰ ਵੀ ਪਤਾ ਚੱਲੇਗਾ| ਸਰਕਾਰੀ ਸਕੂਲਾਂ ਵਿੱਚ ਅਧਿਆਪਕ ਮਿਹਨਤੀ ਹਨ ਤੇ ਉਹਨਾਂ ਨੂੰ ਕਿਸੇ ਤਰ੍ਹਾਂ ਦੀ ਜਾਂਚ ਦਾ ਵੀ ਡਰ ਨਹੀਂ ਹੁੰਦਾ ਹੈ| ਵਿਦਿਆਰਥੀ ਬਹੁਤ ਹੀ ਵਧੀਆ ਪੜ੍ਹਦੇ ਤੇ ਲਿਖਦੇ ਹਨ|
ਸਿੱਖਿਆ ਮੰਤਰੀ ਓ ਪੀ ਸੋਨੀ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਅਸਰ ਸਰਵੇ ਦੀ ਰਾਸ਼ਟਰੀ ਪੱਧਰ ਦੀ ਰਿਪੋਰਟ ਵਿੱਚ ਵੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਕਾਰਗੁਜਾਰੀ ਪ੍ਰਸ਼ੰਸਾਯੋਗ ਆਈ ਹੈ| ਇਸ ਤੋਂ ਇਲਾਵਾ ਬਾਹਰਲੇ ਰਾਜਾਂ ਤੋਂ ਵੀ ਪੰਜਾਬ ਵਿੱਚ ਚਲ ਰਹੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਦੀ ਸਮੀਖਿਆ ਕਰਨ ਲਈ ਵਫਦ ਆ ਰਹੇ ਹਨ|
ਇਸ ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ, ਡਾਇਟ ਪ੍ਰਿੰਸੀਪਲ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਆਪਣੇ-ਆਪਣੇ ਏਰੀਆ ਦੇ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਸਿੱਖਣ-ਪੱਧਰਾਂ ਦੀ ਜਾਂਚ ਯਕੀਨੀ ਬਣਾਉਣ| ਅਧਿਆਪਕਾਂ ਨੇ ਆਪਣੇ ਵਿਦਿਆਰਥੀਆਂ ਨੂੰ ਪੜ੍ਹਾਉਣ ਵੀ ਹੁੰਦਾ ਹੈ ਅਤੇ ਉਸਦੇ ਸਿੱਖੇ ਨੂੰ ਜਾਨਣਾ ਵੀ ਹੁੰਦਾ ਹੈ ਤਾਂ ਜੋ ਉਹ ਸਮਝ ਸਕੇ ਕਿ ਹੁਣ ਵਿਦਿਆਰਥੀ ਨੂੰ ਕਿਸ ਤਕਨੀਕ ਨਾਲ ਪੜ੍ਹਾਉਣ ਹੈ| ਇਸ ਲਈ ਉਹਨਾਂ ਕਿਹਾ ਕਿ ਪੰਜਾਬ ਦੀ ਰਾਜ ਸਿੱਖਿਆ ਖੋਜ ਤੇ ਸਿਖਲ਼ਾਈ ਪ੍ਰੀਸ਼ਦ ਵੱਲੋਂ ਨਿਯਮਾਂ ਅਨੁਸਾਰ ਪੰਜਾਬ ਦੇ ਸਮੂਹ ਅਧਿਆਪਕਾਂ ਦੀਆਂ ਸਿਖਲਾਈ ਵਰਕਸ਼ਾਪਾਂ ਲਗਾ ਕੇ ਹਜਾਰਾਂ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਗਈ ਜਿਸਦੇ ਨਤੀਜੇ ਸਾਹਮਣੇ ਆ ਰਹੇ ਹਨ| ਉਹਨਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਪ੍ਰਾਇਮਰੀ ਜਮਾਤਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮੁਲੰਕਣ ਲਈ ਸਾਰੇ ਪੰਜਾਬ ਦੇ ਸਕੂਲਾਂ ਵਿੱਚ 22 ਫਰਵਰੀ ਤੋਂ ਜਾਂਚ ਕੀਤੀ ਜਾ ਰਹੀ ਹੈ|
ਇਸ ਮੌਕੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ ਵਿੱਚ ਪਹੁੰਚੇ ਅਧਿਆਪਕਾਂ ਨੂੰ ਸਟੇਟ ਰਿਸੋਰਸ ਪਰਸਨਾਂ ਨੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਅੰਤਿਮ ਜਾਂਚ ਲਈ ਸਿਖਲਾਈ ਦਿੱਤੀ| ਇਸ ਮੌਕੇ ਮੁਹੰਮਦ ਤਾਇਅਬ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ, ਇੰਦਰਜੀਤ ਸਿੰਘ ਡਾਇਰੈਕਟਰ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ, ਸੁਖਜੀਤਪਾਲ ਸਿੰਘ ਡਾਇਰੈਕਟਰ ਸਿੱਖਿਆ ਵਿਭਾਗ ਸੈਕੰਡਰੀ ਸਿੱਖਿਆ, ਸੰਜੀਵ ਸ਼ਰਮਾ ਓਐੱਸਡੀ, ਸਮੂਹ ਡਿਪਟੀ ਡਾਇਰੈਕਟਰ ਤੇ ਸਹਾਇਕ ਡਾਇਰੈਕਟਰ, ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤੇ ਐਲੀਮੈਂਟਰੀ ਸਿੱਖਿਆ ਪੰਜਾਬ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਤੇ ਸਿੱਖਿਆ ਵਿਭਾਗ ਦੇ ਆਹਲਾ ਅਧਿਕਾਰੀ ਵੀ ਹਾਜ਼ਰ ਸਨ|