ਸਰਕਾਰੀ ਹਾਈ ਸਕੂਲ ਲਾਂਡਰਾ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਜਨਕ ਰਾਜ ਏ. ਐਸ. ਆਈ. ਅਤੇ ਹੋਰ।
ਐਸ. ਏ. ਐਸ. ਨਗਰ, 21 ਫਰਵਰੀ 2019: ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਜਨਕ ਰਾਜ ਏ. ਐਸ. ਆਈ. ਅਤੇ ਸਿਪਾਹੀ ਕੁਲਵਿੰਦਰ ਸਿੰਘ ਵਲੋਂ ਸਰਕਾਰੀ ਹਾਈ ਸਕੂਲ ਲਾਂਡਰਾ ਵਿਖੇ ਸਕੂਲ ਦੀ ਮੁੱਖ ਅਧਿਆਪਕਾ ਮੈਡਮ ਮਨਪ੍ਰੀਤ ਸੰਧੂ ਦੇ ਸਹਿਯੋਗ ਨਾਲ ਸਕੂਲੀ ਅਧਿਆਪਕਾਂ ਅਤੇ ਸਕੂਲੀ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਗਿਆ।
ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਨੇ ਦੱਸਿਆ ਕਿ ਐਸ.ਐਸ.ਪੀ. ਸ਼੍ਰੀ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਪੀ. ਟਰੈਫਿਕ ਸ਼੍ਰੀ ਕੇਸਰ ਸਿੰਘ ਤੇ ਡੀ. ਐਸ. ਪੀ. ਟਰੈਫਿਕ ਸ਼੍ਰੀ ਕਮਲਪ੍ਰੀਤ ਸਿੰਘ ਚਹਿਲ ਦੇ ਹੁਕਮਾਂ ਤੇ ਲਗਾਏ ਗਏ ਇਸ ਸੈਮੀਨਾਰ ਵਿੱਚ ਸਕੂਲੀ ਅਧਿਆਪਕਾਂ ਅਤੇ ਸਕੂਲੀ ਬੱਚਿਆਂ ਨੂੰ ਜਿਥੇ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ ਉਥੇ ਪ੍ਰਦੂਸ਼ਣ ਤੇ ਨਸ਼ਿਆਂ ਕਾਰਨ ਸਿਹਤ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਾਬਾਲਗ ਬੱਚਿਆਂ ਨੂੰ ਕੋਈ ਵੀ ਵਾਹਨ ਨਹੀਂ ਚਲਾਉਣਾ ਚਾਹੀਦਾ। ਉਨ੍ਹਾਂ ਦੋ ਪਹੀਆ ਵਾਹਨ ਚਲਾਉਂਦੇ ਸਮੇਂ ਲੜਕੇ, ਲੜਕੀਆਂ ਦੋਵਾਂ ਨੂੰ ਹੈਲਮਟ ਪਾਉਣ, ਦੋ ਪਹੀਆ ਵਾਹਨ ਤੇ ਤਿੰਨ ਸਵਾਰੀਆਂ ਨਾ ਬਿਠਾਉਣ, ਬੁਲਟ ਮੋਟਰਸਾਈਕਲ ਨਾਲ ਪਟਾਕੇ ਨਾ ਮਾਰਨ, ਚਾਰ ਪਹੀਆ ਵਾਹਨ ਚਲਾਉਂਦੇ ਸਮੇਂ ਸੀਟ ਬੈਲਟ ਦੀ ਵਰਤੋਂ ਕਰਨ ਬਾਰੇ ਅਪੀਲ ਕੀਤੀ । ਇਸ ਦੇ ਨਾਲ-ਨਾਲ ਪ੍ਰਦੂਸ਼ਣ ਤੇ ਨਸ਼ਿਆਂ ਕਾਰਨ ਲੱਗਣ ਵਾਲੀਆਂ ਬੀਮਾਰੀਆਂ ਬਾਰੇ ਵੀ ਜਾਗਰੂਕ ਕੀਤਾ ।
ਤੰਦਰੁਸਤ ਪੰਜਾਬ ਅਤੇ ਸਵੱਛ ਭਾਰਤ ਅਭਿਆਨ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਪ੍ਰਦੂਸ਼ਣ ਤੇ ਨਸ਼ਿਆਂ ਕਾਰਨ ਸਮਾਜ ਤੇ ਨੌਜਵਾਨ ਪੀੜ੍ਹੀ ਅਤੇ ਉਨ੍ਹਾਂ ਦੇ ਪਰਿਵਾਰਾਂ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣੂ ਕਰਵਾਇਆ । ਸਕੂਲ ਦੀ ਮੁੱਖ ਅਧਿਆਪਕਾ ਨੇ ਆਈ ਹੋਈ ਟੀਮ ਦਾ ਧੰਨਵਾਦ ਕੀਤਾ ਅਤੇ ਐਸ.ਐਸ.ਪੀ. ਸਾਹਿਬ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ । ਇਸ ਸਮੇਂ ਸਕੂਲ ਦਾ ਸਮੂਹ ਸਟਾਫ ਵੀ ਹਾਜ਼ਰ ਸੀ।