ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ
ਹਰੇਕ ਪਿੰਡ 'ਚ 550 ਬੂਟੇ ਲਗਾਉਣ ਦੀ ਮੁਹਿੰਮ ਜਾਰੀ: ਮੋਨਿਕਾ ਦੇਵੀ ਯਾਦਵ
3 ਵਣ ਰੇਂਜਾਂ ਦੇ 29 ਪਿੰਡਾਂ 'ਚ 16 ਹਜ਼ਾਰ ਬੂਟੇ ਲਗਾਉਣ ਦਾ ਕੰਮ ਮੁਕੰਮਲ
ਵਿਸ਼ੇਸ਼ ਪ੍ਰਤੀਨਿਧ ਅੰਮ੍ਰਿਤ ਪਾਲ ਬਰਾੜ
ਸੰਗਰੂਰ, 22 ਫਰਵਰੀ :2019
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਕੜੀ ਤਹਿਤ ਜ਼ਿਲ੍ਹਾ ਸੰਗਰੂਰ ਨੂੰ ਹਰਿਆ ਭਰਿਆ ਬਣਾਉਣ ਦੀ ਮੁਹਿੰਮ ਜਾਰੀ ਹੈ। ਇਹ ਜਾਣਕਾਰੀ ਦਿੰਦਿਆਂ ਵਣ ਮੰਡਲ ਅਧਿਕਾਰੀ ਮੋਨਿਕਾ ਦੇਵੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 3 ਵਣ ਰੇਂਜਾਂ ਅਧੀਨ ਆਉਂਦੇ 29 ਪਿੰਡਾਂ ਵਿੱਚ ਇਸ ਮੁਹਿੰਮ ਅਧੀਨ ਕਰੀਬ 16 ਹਜ਼ਾਰ ਬੂਟੇ ਲਗਾਏ ਜਾ ਚੁੱਕੇ ਹਨ ਅਤੇ ਨਵੰਬਰ 2019 ਤੱਕ ਵਣ ਮੰਡਲ ਸੰਗਰੂਰ ਅਧੀਨ ਆਉਂਦੇ ਸਾਰੇ ਪਿੰਡਾਂ ਨੂੰ ਇਸ ਮੁਹਿੰਮ ਦੇ ਦਾਇਰੇ ਅਧੀਨ ਲਿਆਂਦਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਯੋਜਨਾਬੱਧ ਢੰਗ ਨਾਲ ਇਸ ਮੁਹਿੰਮ ਦਾ ਖ਼ਾਕਾ ਤਿਆਰ ਕਰ ਲਿਆ ਗਿਆ ਹੈ ਜਿਸ ਨੂੰ ਅਮਲੀ ਜਾਮਾ ਪਹਿਨਾਉਣ ਲਈ ਵਿਭਾਗੀ ਟੀਮਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
ਵਣ ਮੰਡਲ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਪਿੰਡ ਵਿੱਚ 550 ਬੂਟੇ ਲਗਾਉਣ ਦੀ ਹਦਾਇਤ ਕੀਤੀ ਗਈ ਹੈ ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਸੰਗਰੂਰ ਦੀਆਂ 10 ਸਰਕਾਰੀ ਨਰਸਰੀਆਂ ਵਿੱਚ ਲੋੜ ਮੁਤਾਬਕ ਬੂਟੇ ਤਿਆਰ ਕਰਨ ਦੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 599 ਪਿੰਡਾਂ ਅੰਦਰ ਢੁਕਵੀਂਆਂ ਥਾਵਾਂ 'ਤੇ ਬੂਟੇ ਲਗਾਏ ਜਾ ਰਹੇ ਹਨ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇਨ੍ਹਾਂ ਬੂਟਿਆਂ ਦੀ ਸਹੀ ਪਰਵਰਿਸ਼ ਨੂੰ ਯਕੀਨੀ ਬਣਾਉਣ ਲਈ ਵੀ ਲਗਾਤਾਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਵਣ ਰੇਂਜ ਸੰਗਰੂਰ ਅਧੀਨ ਆਉਂਦੇ 8 ਪਿੰਡਾਂ ਅੰਦਰ 4400, ਵਣ ਰੇਂਜ ਮਲੇਰਕੋਟਲਾ ਅਧੀਨ ਆਉਂਦੇ 13 ਪਿੰਡਾਂ 'ਚ 7150 ਅਤੇ ਵਣ ਰੇਂਜ ਲਹਿਰਾਗਾਗਾ ਦੇ 8 ਪਿੰਡਾਂ ਅੰਦਰ 4400 ਪੌਦੇ ਲਗਾਏ ਜਾ ਚੁੱਕੇ ਹਨ, ਇਸ ਮਹੀਨੇ ਦੇ ਅੰਤ ਤੱਕ 20 ਤੋਂ 25 ਹੋਰ ਪਿੰਡਾਂ ਵਿੱਚ ਬੂਟੇ ਲਗਾਉਣ ਦੀ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ।