ਚੰਡੀਗੜ 22 ਫਰਵਰੀ 2019 -ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪਰ ਤੋਂ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਜਾਖੜ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਉਹ ਸਰਵ ਪਾਰਟੀ ਡੈਲੀਗੇਸ਼ਨ ਲੈ ਕੇ ਪ੍ਰਧਾਨ ਮੰਤਰੀ ਨੂੰ ਮਿਲਣ ਤਾਂ ਜੋ ਕੇਂਦਰ ਸਰਕਾਰ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਮਨਾਉਣ ਲਈ ਗ੍ਰਾਂਟ ਜਾਰੀ ਕਰਨ ਲਈ ਦਬਾਅ ਬਣਾਇਆ ਜਾ ਸਕੇ।
ਸ੍ਰੀ ਸੁਨੀਲ ਜਾਖੜ ਨੇ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਨੁੱਖਤਾ ਦੇ ਰਹਿਬਰ ਸਨ ਅਤੇ ਉਨ੍ਹਾਂ ਨੂੰ ਮੰਨਣ ਵਾਲੇ ਨਾ ਕੇਵਲ ਪੰਜਾਬ ਅਤੇ ਭਾਰਤ ਸਗੋਂ ਪੂਰੀ ਦੁਨੀਆਂ ਵਿੱਚ ਫੈਲੇ ਹੋਏ ਹਨ। ਇਸ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨਾ ਕੇਵਲ ਪੰਜਾਬ ਅਤੇ ਕੌਮੀ ਪੱਧਰ 'ਤੇ ਮਨਾਏ ਜਾਣੇ ਚਾਹੀਦੇ ਹਨ ਸਗੋਂ ਇਸ ਸਬੰਧੀ ਕੌਮਾਂਤਰੀ ਪੱਧਰ 'ਤੇ ਇਹ ਸਾਲ ਮਨਾਇਆ ਜਾਣਾ ਚਾਹੀਦਾ ਹੈ।
ਸ੍ਰੀ ਜਾਖੜ ਨੇ ਆਖਿਆ ਕਿ ਪੰਜਾਬ ਸਰਕਾਰ ਇਸ ਸਬੰਧੀ ਆਪਣੇ ਪੱਧਰ 'ਤੇ ਵੱਡੇ ਪੱਧਰ 'ਤੇ ਸਮਾਗਮ ਆਯੋਜਿਤ ਕਰ ਰਹੀ ਹੈ ਅਤੇ ਪੂਰੀ ਦੁਨੀਆਂ ਵਿੱਚ ਸ੍ਰੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਸਮਾਜਿਕ ਬਰਾਬਰਤਾ ਤੇ ਸਰਬ ਸਾਂਝੀਵਾਲਤਾ ਦੇ ਉਪਦੇਸ਼ਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮਨਾਏ ਜਾ ਰਹੇ ਹਨ। ਅਜਿਹੇ ਵਿੱਚ ਭਾਰਤ ਸਰਕਾਰ ਨੂੰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਕੌਮੀ ਪੱਧਰ 'ਤੇ ਮਨਾਉਣ ਦੇ ਨਾਲ-ਨਾਲ ਕੌਮਾਂਤਰੀ ਪੱਧਰ 'ਤੇ ਇਹ ਸਾਲ ਮਨਾਉਣ ਲਈ ਯਤਨ ਕਰਨੇ ਚਾਹੀਦੇ ਹਨ ਪਰ ਭਾਰਤ ਸਰਕਾਰ ਵੱਲੋਂ ਆਪਣੇ ਅੰਤ੍ਰਿਮ ਬਜਟ ਵਿੱਚ ਅਜਿਹ ਕੋਈ ਉਪਬੰਦ ਨਹੀਂ ਰੱਖਿਆ ਗਿਆ। ਇਸ ਲਈ ਜ਼ਰੂਰੀ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਮਿਲ ਕੇ ਉਨ੍ਹਾਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਭਾਰਤ ਸਰਕਾਰ ਦੇ ਪੱਧਰ 'ਤੇ ਵੀ ਇਹ ਸਾਲ ਮਨਾਉਣ ਲਈ ਉਪਰਾਲੇ ਹੋ ਸਕਣ ਅਤੇ ਭਾਰਤ ਸਰਕਾਰ ਵੱਲੋਂ ਇਸ ਲਈ ਲੋੜੀਂਦੇ ਬਜਟ ਦਾ ਪ੍ਰਬੰਧ ਕੀਤਾ ਜਾ ਸਕੇ।
ਸੂਬਾ ਕਾਂਗਰਸ ਪ੍ਰਧਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਚਿੱਠੀ ਵਿੱਚ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਸ਼ਾਂਤੀ ਅਤੇ ਮਨੁੱਖਤਾ ਦੇ ਸੱਚੇ ਉਪਦੇਸ਼ਕ ਸਨ ਅਤੇ ਉਨ੍ਹਾਂ ਦੇ 550 ਸਾਲਾ ਗੁਰਪੁਰਬ ਅੰਤਰਰਾਸ਼ਟਰੀ ਪੱਧਰ 'ਤੇ ਮਨਾਏ ਜਾਣੇ ਚਾਹੀਦੇ ਹਨ। ਇਸ ਲਈ ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਕ ਸਰਬ ਪਾਰਟੀ ਡੈਲੀਗੇਸ਼ਨ ਲੈ ਕੇ ਪ੍ਰਧਾਨ ਮੰਤਰੀ ਨੂੰ ਇਸ ਸਬੰਧ ਵਿੱਚ ਮਿਲਣ ਤਾਂ ਜੋ ਕੇਂਦਰ ਸਰਕਾਰ ਨੂੰ ਇਸ ਇਤਿਹਾਸਿਕ ਸਾਲ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਮਨਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ।