ਜੀ.ਐਸ.ਪੰਨੂੰ
ਪਟਿਆਲਾ, 4 ਮਾਰਚ 2019 : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਚੋਣ ਮਨੋਰਥ ਪੱਤਰ ਵਿੱਚ ਕੱਚੇ, ਮਾਣ ਭੱਤਿਆਂ ਵਾਲੇ ਅਤੇ ਠੇਕਾ ਅਧਾਰਿਤ ਮੁਲਾਜ਼ਮਾਂ ਦੀਆਂ ਸੇਵਾਵਾਂ ਵਿਭਾਗਾਂ ਵਿੱਚ ਪੱਕੀਆਂ ਕਰਨ, ਸਰਕਾਰ ਬਣਦੇ ਸਾਰ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਅਤੇ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਜਾਰੀ ਕਰਨ ਦੇ ਵਾਅਦੇ ਕਰਨ ਵਾਲੀ ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਦੋ ਸਾਲ ਬੀਤਣ ਦੇ ਬਾਵਜੂਦ ਮਸਲਿਆਂ ਦਾ ਹੱਲ ਨਾ ਕੱਢਣ ਖਿਲਾਫ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰਾਂ ਨੇ ਝੰਡਾ ਚੁੱਕ ਲਿਆ ਹੈ।
ਪੰਜਾਬ ਤੇ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰ ਸੰਘਰਸ਼ ਕਮੇਟੀ ਵੱਲੋਂ ਸੱਜਣ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਦਿਆਂ ਸੂਬਈ ਸੱਦੇ ਤਹਿਤ 11 ਮਾਰਚ ਨੂੰ ਪਟਿਆਲਾ ਦੇ ਸ਼ੇਰਾਂ ਵਾਲਾ ਗੇਟ ਤੋਂ ਕੈਬਨਿਟ ਮੰਤਰੀ ਬ੍ਰਾਹਮ ਮਹਿੰਦਰਾ ਦੀ ਰਿਹਾਇਸ਼ ਵੱਲ ਜ਼ੋਨਲ ਪੱਧਰ 'ਤੇ ਇਕੱਠ ਕਰਕੇ ਝੰਡਾ ਮਾਰਚ ਕਰਨ ਦਾ ਫੈਸਲਾ ਕੀਤਾ ਹੈ।
ਮੁਲਾਜ਼ਮ ਆਗੂਆਂ ਸੁਖਦੇਵ ਸਿੰਘ ਸੈਣੀ, ਹਰੀ ਸਿੰਘ ਟੋਹੜਾ, ਦਵਿੰਦਰ ਸਿੰਘ ਪੂਨੀਆ, ਦਰਸ਼ਨ ਸਿੰਘ ਬੇਲੂਮਾਜਰਾ, ਹਰਭਜਨ ਸਿੰਘ ਪਿਲਖਣੀ ਅਤੇ ਉੱਤਮ ਸਿੰਘ ਬਾਗੜੀ ਨੇ ਦੱਸਿਆ ਕਿ ਬੀਤੇ 13 ਫਰਵਰੀ ਨੂੰ ਮੁਹਾਲੀ ਵਿਖੇ ਮੁਲਾਜ਼ਮਾਂ ਦੀ ਸੰਘਰਸ਼ ਕਮੇਟੀ ਦੇ ਪ੍ਰਦਰਸ਼ਨ ਦੌਰਾਨ ਮੁੱਖ ਮੰਤਰੀ ਵੱਲੋਂ 28 ਫਰਵਰੀ ਨੂੰ ਮੁਲਾਜ਼ਮਾਂ ਨੂੰ ਮੁਲਾਕਾਤ ਕਰਨ ਦਾ ਸਮਾਂ ਦੇਣ ਦੇ ਬਾਵਜੂਦ ਨਹੀਂ ਮਿਲਿਆ ਗਿਆ। ਮੁੱਖ ਮੰਤਰੀ ਵੱਲੋਂ ਸੰਘਰਸ਼ੀ ਧਿਰਾਂ ਨਾਲ ਮੀਟਿੰਗਾਂ ਕਰਨ ਤੋਂ ਵੀ ਮੁਨਕਰ ਹੋਣ ਦੇ ਗੈਰ ਜਮਹੂਰੀ ਵਰਤਾਰੇ ਦੀ ਸਖਤ ਨਿਖੇਧੀ ਕਰਦਿਆਂ ਪੰਜਾਬ ਸਰਕਾਰ 'ਤੇ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਹੋਣ ਦਾ ਦੋਸ਼ ਲਗਾਇਆ। ਆਗੂਆਂ ਨੇ ਐਲਾਨ ਕੀਤਾ ਕਿ ਹੋਰਨਾਂ ਮੰਗਾਂ ਤੋਂ ਇਲਾਵਾ ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ 'ਤੇ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ, ਠੇਕਾ ਤੇ ਆਊਟਸੋਰਸਿੰਗ ਅਧਾਰਿਤ ਭਰਤੀ ਬੰਦ ਕਰਵਾਕੇ ਇਨ੍ਹਾਂ ਮੁਲਾਜ਼ਮਾਂ ਨੂੰ ਵਿਭਾਗਾਂ ਅਧੀਨ ਲੈਣ, ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਵਾਉਣ ਅਤੇ ਤਨਖਾਹ ਕਮਿਸ਼ਨ ਦੀ ਰਿਪੋਰਟ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਤੇਜੀ ਲਿਆਉਣ ਅਤੇ ਉਸ ਤੋਂ ਫੌਰੀ ਪਹਿਲਾ 125% ਮਹਿੰਗਾਈ ਭੱਤੇ ਨੂੰ ਮੁੱਢਲੀ ਤਨਖਾਹ ਵਿੱਚ ਮਰਜ਼ ਕਰਕੇ 25% ਅੰਤ੍ਰਿਮ ਰਾਹਤ ਦੇਣ ਦੀ ਮੰਗ ਨੂੰ ਲੈ ਕੇ ਲੋਕ ਸਭਾ ਚੌਣਾਂ ਦੇ ਮਾਹੌਲ ਵਿੱਚ ਪੰਜਾਬ ਸਰਕਾਰ ਨੂੰ ਹਰੇਕ ਮੁਹਾਜ਼ 'ਤੇ ਘੇਰਣ ਦਾ ਐਲਾਨ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਵੀਰ ਸਿੰਘ ਸੈਦਖੇੜੀ, ਤੇਜਿੰਦਰਪਾਲ ਸਿੰਘ, ਦਰਸ਼ਨ ਸਿੰਘ ਲੁਬਾਣਾ, ਸੁਰਿੰਦਰ ਸਿੰਘ ਫਰੀਦਪੁਰ, ਦਵਿੰਦਰਜੀਤ ਸਿੰਘ, ਰਣਜੀਤ ਸਿੰਘ ਮਾਨ, ਜਗਮੋਹਣ ਨੌਲੱਖਾ, ਵਿਕਰਮ ਦੇਵ ਸਿੰਘ, ਜਸਵੀਰ ਸਿੰਘ ਖੋਖਰ, ਦਵਿੰਦਰ ਸਿੰਘ, ਗੁਰਜੰਟ ਸਿੰਘ, ਜਗਤਾਰ ਸਿੰਘ ਅਤੇ ਰਾਜਿੰਦਰ ਪਾਲ ਅਤੇ ਸਤਪਾਲ ਸਿੰਘ ਖਾਨਪੁਰ ਵੀ ਮੌਜੂਦ ਰਹੇ ਹਨ।