ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਪ੍ਰਸ਼ਾਂਤ ਕੁਮਾਰ ਗੋਇਲ, ਬੱਚਤ ਭਵਨ ਵਿਖੇ ਲੋਕ ਸਭਾ ਚੋਣਾਂ ਲਈ ਗਠਿਤ ਕੀਤੀਆਂ ਵੱਖ-ਵੱਖ ਨਿਗਰਾਨ ਟੀਮਾਂ ਨੂੰ ਸੰਬੋਧਨ ਕਰਦੇ ਹੋਏ।
ਵੱਖ-ਵੱਖ ਗਠਿਤ ਕੀਤੀਆਂ ਟੀਮਾਂ ਨੂੰ ਕੰਮ ਕਾਜ਼ ਬਾਰੇ ਦਿੱਤੀ ਵਿਸਥਾਰ ਪੂਰਬਕ ਜਾਣਕਾਰੀ
ਫ਼ਤਹਿਗੜ੍ਹ ਸਾਹਿਬ, 13 ਮਾਰਚ 2019: ਲੋਕ ਸਭਾ ਹਲਕਾ 08-ਫ਼ਤਹਿਗੜ੍ਹ ਸਾਹਿਬ ਲਈ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਗਠਿਤ ਕੀਤੀਆਂ ਨਿਗਰਾਨ ਟੀਮਾਂ ਆਪਣੀ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਤਾਂ ਜੋ ਚੋਣਾਂ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਈਆਂ ਜਾ ਸਕਣ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਪ੍ਰਸ਼ਾਂਤ ਕੁਮਾਰ ਗੋਇਲ ਨੇ ਬੱਚਤ ਭਵਨ ਵਿਖੇ ਜ਼ਿਲ੍ਹੇ ਵਿੱਚ ਗਠਿਤ ਕੀਤੀਆਂ ਫਲਾਇੰਗ ਸਕੂਆਇਡ, ਸਟੈਟਿਸਟਕਲ ਸਰਵੇਲੈਂਸ, ਵੀ.ਡੀ.ਓ. ਸਰਵੇਲੈਂਸ, ਵੀਡੀਓ ਵਿਊਂਇੰਗ, ਖਰਚਾ ਨਿਗਰਾਨ ਕਮੇਟੀਆਂ ਅਤੇ ਆਬਕਾਰੀ ਟੀਮਾਂ ਨੂੰ ਉਨ੍ਹਾਂ ਦੇ ਕੰਮ ਕਾਜ਼ ਸਬੰਧੀ ਦਿੱਤੀ ਗਈ ਸਿਖਲਾਈ ਮੌਕੇ ਕੀਤਾ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਗਠਿਤ ਕੀਤੀਆਂ ਨਿਗਰਾਨ ਕਮੇਟੀਆਂ ਦੀ ਲੋਕ ਸਭਾ ਚੋਣਾਂ ਵਿੱਚ ਵਿਸ਼ੇਸ਼ ਮਹੱਤਤਾ ਹੈ, ਕਿਉਂਕਿ ਇਨ੍ਹਾਂ ਟੀਮਾਂ ਵੱਲੋਂ ਆਪੋ ਆਪਣੇ ਕੰਮ ਦੀ ਵਿਸ਼ੇਸ਼ ਨਿਗਰਾਨੀ ਰੱਖਣੀ ਹੈ। ਇਸ ਲਈ ਇਨ੍ਹਾਂ ਟੀਮਾਂ ਨੂੰ ਆਪਣੇ ਕੰਮ ਪ੍ਰਤੀ ਪੂਰਾ ਸੁਚੇਤ ਹੋ ਕੇ ਡਿਊਟੀ ਨਿਭਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਲੋਕ ਸਭਾ ਦੀਆਂ ਚੋਣਾਂ ਦੇ ਐਲਾਨ ਉਪਰੰਤ ਆਦਰਸ਼ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ ਇਸ ਲਈ ਆਦਰਸ਼ ਚੋਣ ਜਾਬਤੇ ਨੂੰ ਇੰਨ ਬਿੰਨ ਲਾਗੂ ਕੀਤਾ ਜਾਵੇ ਇਸ ਵਿੱਚ ਕਿਸੇ ਕਿਸਮ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਮੂਹ ਨਿਗਰਾਨ ਟੀਮਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਵੀ ਆਖਿਆ। ਉਨ੍ਹਾਂ ਹੋਰ ਦੱਸਿਆ ਕਿ ਸੀ-ਵਿਜਲ ਮੋਬਾਇਲ ਐਪ 'ਤੇ ਆਉਣ ਵਾਲੀ ਸ਼ਿਕਾਇਤ ਦਾ ਨਿਪਟਾਰਾ 100 ਮਿੰਟ ਦੇ ਅੰਦਰ-ਅੰਦਰ ਕਰਨਾ ਲਾਜ਼ਮੀ ਹੈ, ਇਸ ਲਈ ਸਮੂਹ ਟੀਮਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ।
ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਨੇ ਦੱਸਿਆ ਕਿ ਚੋਣਾਂ ਦੇ ਮੱਦੇ ਨਜ਼ਰ ਪੁਲਿਸ ਪ੍ਰਸ਼ਾਸ਼ਨ ਵੱਲੋਂ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਜ਼ਿਲ੍ਹੇ ਵਿੱਚ ਭੈੜੇ ਅਨਸਰਾਂ 'ਤੇ ਖਾਸ ਨਿਗ੍ਹਾ ਰੱਖੀ ਜਾਵੇਗੀ। ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜਾਬਤੇ ਦੇ ਮੱਦੇ ਨਜ਼ਰ ਪੁਲਿਸ ਵੱਲੋਂ ਵਿਸ਼ੇਸ਼ ਨਾਕੇ ਲਗਾ ਕੇ ਚੈਕਿੰਗ ਵੀ ਸ਼ੁਰੂ ਕੀਤੀ ਗਈ ਹੈ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਏ.ਡੀ.ਸੀ. ਸ. ਜਸਪ੍ਰੀਤ ਸਿੰਘ, ਐਸ.ਡੀ.ਐਮ.-ਕਮ-ਸਹਾਇਕ ਰਿਟਰਨਿੰਗ ਅਫਸਰ ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਐਸ.ਡੀ.ਐਮ.-ਕਮ-ਸਹਾਇਕ ਰਿਟਰਨਿੰਗ ਅਫਸਰ ਬਸੀ ਪਠਾਣਾ ਸ. ਜਗਦੀਸ਼ ਸਿੰਘ ਜੋਹਲ, ਐਸ.ਡੀ.ਐਮ.-ਕਮ-ਸਹਾਇਕ ਰਿਟਰਨਿੰਗ ਅਫਸਰ ਅਮਲੋਹ ਸ਼੍ਰੀ ਆਨੰਦ ਸਾਗਰ ਸ਼ਰਮਾ, ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਚਰਨਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਟੀਮਾਂ ਦੇ ਮੈਂਬਰ ਅਤੇ ਪੁਲਿਸ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।