ਫ਼ਿਰੋਜ਼ਪੁਰ 19 ਮਾਰਚ (ਗੁਰਿੰਦਰ ਸਿੰਘ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਉਣੀ 2019 ਦੀਆਂ ਫਸਲਾਂ ਸਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਦਾਣਾ ਮੰਡੀ ਫਿਰੋਜ਼ਪੁਰ ਛਾਉਣੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਚੰਦਰ ਗੈਂਦ ਵੱਲੋਂ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ (ਹਾਈਡਰੋਲੋਜੀ) ਡਾ. ਰਾਜੇਸ਼ ਵਸ਼ਿਸ਼ਟ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰਨ ਲਈ ਖੇਤੀਬਾੜੀ ਦੇ ਨਾਲ-ਨਾਲ ਹੋਰ ਸਹਾਇਕ ਧੰਦੇ ਵੀ ਅਪਨਾਉਣ। ਉਨ੍ਹਾਂ ਕਿਹਾ ਕਿ ਕਿਸਾਨ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਸਬਜ਼ੀਆਂ ਅਤੇ ਹੋਰ ਫ਼ਸਲਾਂ ਵੱਲ ਆਪਣਾ ਰੁਝਾਨ ਵਧਾਉਣ ਅਤੇ ਖੇਤੀ ਆਧਾਰਿਤ ਸਹਾਇਕ ਧੰਦੇ ਵੀ ਅਪਣਾਉਣ। ਜਿਸ ਨਾਲ ਜਿੱਥੇ ਸੂਬੇ ਅਤੇ ਦੇਸ਼ ਵਿੱਚ ਅਨਾਜ ਪਦਾਰਥਾਂ ਦੀ ਮੰਗ ਪੂਰੀ ਹੋਵੇਗੀ ਉੱਥੇ ਹੀ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਸਾਨ ਵੀਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਫਸਲਾਂ ਦੇ ਨਾੜ ਨੂੰ ਬਿਲਕੁਲ ਨਾ ਸਾੜਨ, ਇਸ ਨਾਲ ਜਿੱਥੇ ਅਸੀਂ ਕਾਨੂੰਨ ਦੀ ਪਾਲਣਾ ਕਰਾਂਗੇ ਉੱਕੇ ਅੱਗ ਦੇ ਧੂੰਏ ਕਾਰਨ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕਦਾ ਹੈ। ਇਸ ਮੌਕੇ ਕੁੱਝ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਪਿੰਡਾਂ ਦੇ ਖੇਤਾਂ ਵਿੱਚੋਂ ਚੋਰੀ ਹੋ ਰਹੇ ਟਰਾਂਸਫਾਰਮਾਂ, ਕੇਬਲਾਂ ਅਤੇ ਮੋਟਰਾਂ ਆਦਿ ਸਮੱਸਿਆ ਤੋਂ ਜਾਣੂੰ ਕਰਵਾਇਆ। ਜਿਸ ਨੂੰ ਗੰਭੀਰਤਾ ਨਾਲ ਲੈਂਦਿਆ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਨਾਲ ਇਸ ਬਾਰੇ ਗੱਲਬਾਤ ਕਰਕੇ ਇਨ੍ਹਾਂ ਸਮੱਸਿਆਵਾ ਦਾ ਜਲਦ ਹੱਲ ਕੀਤਾ ਜਾਵੇਗਾ।
ਮੁੱਖ ਖੇਤੀਬਾੜੀ ਅਫਸਰ ਫਿਰੋਜ਼ਪੁਰ ਡਾ. ਗੁਰਮੇਲ ਸਿੰਘ ਨੇ ਖੇਤੀਬਾੜੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆ ਸਕੀਮਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਉਣੀ 2019 ਦੌਰਾਨ ਖਾਦ ਅਤੇ ਦਵਾਈਆਂ ਦਾ ਪ੍ਰਬੰਧ ਕਰ ਲਿਆ ਗਿਆ ਅਤੇ ਆਉਣ ਵਾਲੇ ਸਾਉਣੀ ਦੇ ਸੀਜ਼ਨ ਵਿੱਚ ਖਾਦਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਉਣੀ ਦੀਆਂ ਫਸਲਾਂ ਦਾ ਵੱਧ ਝਾੜ ਲੈਣ ਲਈ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਯੂਨੀਵਰਸਿਟੀ ਅਨੁਸਾਰ ਹੀ ਖਾਦਾਂ, ਬੀਜਾਂ ਅਤੇ ਦਵਾਈਆਂ ਦੀ ਵਰਤੋਂ ਕੀਤੀ ਜਾਵੇ।
ਇਸ ਮੌਕੇ ਉਨ੍ਹਾਂ ਖੇਤੀਬਾੜੀ ਵਿਭਾਗ, ਪੰਜਾਬ ਐਗਰੀਕਲਚਰ, ਬਾਗ਼ਬਾਨੀ, ਸਿਹਤ ਵਿਭਾਗ, ਮਾਰਕਫੈੱਡ, ਭੂਮੀ ਤੇ ਜਲ ਸੰਭਾਲ, ਪਸ਼ੂ-ਪਾਲਣ, ਮੱਛੀ ਪਾਲਣ ਸਮੇਤ ਵੱਖ-ਵੱਖ ਵਿਭਾਗਾਂ ਅਤੇ ਪ੍ਰਾਈਵੇਟ ਕੰਪਨੀਆਂ ਵੱਲੋਂ ਲਗਾਈਆਂ ਗਈਆਂ ਵੱਖ-ਵੱਖ ਪ੍ਰਦਰਸ਼ਨੀਆਂ ਦਾ ਦੌਰਾ ਵੀ ਕੀਤਾ ਗਿਆ ਅਤੇ ਸਬੰਧਿਤ ਵਿਭਾਗਾਂ ਤੋਂ ਵੱਡਮੁੱਲੀ ਜਾਣਕਾਰੀ ਹਾਸਲ ਕੀਤੀ।