ਨਵਾਂ ਸ਼ਹਿਰ, 18 ਅਪਰੈਲ 2019: ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵੱਲੋਂ ਅੱਜ ਸਿਖਿਆ, ਸਿਹਤ ਤੇ ਖੇਤੀਬਾੜੀ ਮਹਿਕਮਿਆਂ ਦੀ ਮਾਰਚ ਮਹੀਨੇ ਦੀ ਪ੍ਰਗਤੀ ਦਾ ਮੁਲਾਂਕਣ ਕੀਤਾ ਗਿਆ ਅਤੇ ਹਦਾਇਤ ਕੀਤੀ ਗਈ ਕਿ ਆਮ ਲੋਕਾਂ ਨੂੰ ਸੇਵਾਵਾਂ ਦੇਣ ’ਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ।
ਸਿਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਖਿਆ ਸਕੱਤਰ ਵੱਲੋਂ ਸਰਕਾਰੀ ਸਕੂਲਾਂ ’ਚ ਵੱਧ ਤੋਂ ਵੱਧ ਨਵੇਂ ਵਿਦਿਆਰਥੀ ਲਿਆਉਣ ਲਈ ਵਿੱਢੀ ਮੁਹਿੰਮ ਨੂੰ ਵੱਧ ਤੋਂ ਵੱਧ ਕਾਮਯਾਬ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਸਰਕਾਰ ਸਕੂਲਾਂ ’ਚ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਸਕੂਲਾਂ ’ਚ ਮੌਜੂਦ ਸੁਵਿਧਾਵਾਂ ਬਾਰੇ ਦੱਸਿਆ ਜਾਵੇ।
ਸਿਹਤ ਵਿਭਾਗ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੇ ਸਿਹਤ ਵਿਭਾਗ ਨੂੰ ਸਕੈਨ ਸੈਂਟਰਾਂ ਦੀ ਨਿਯਮਿਤ ਚੈਕਿੰਗ ਕਰਦੇ ਰਹਿਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਲਿੰਗ ਅਨੁਪਾਤ ਨੂੰ ਵਧਾਉਣ ਲਈ ਵੱਧ ਤੋਂ ਵੱਧ ਯਤਨ ਕੀਤੇ ਜਾਣ। ਇਸ ਤੋਂ ਇਲਾਵਾ ਸੰਸਥਾਗਤ ਜਣੇਪਿਆਂ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਨੇ ਗਰਭਵਤੀ ਮਹਿਲਾਵਾਂ ਅਤੇ ਨਵਜਨਮੇ ਬੱਚਿਆਂ ਦੇ ਟੀਕਾਕਰਣ ਟੀਚਿਆਂ ਬਾਰੇ ਵੀ ਜਾਣਕਾਰੀ ਲਈ। ਉਨ੍ਹਾਂ ਨੇ ਨਸ਼ਾ ਛੁਡਾਉਣ ਲਈ ਖੋਲ੍ਹੇ ਗਏ ਓਟ ਸੈਂਟਰਾਂ ਦੀ ਕਾਰਗੁਜ਼ਾਰੀ ਬਾਰੇ ਵੀ ਜਾਣਕਾਰੀ ਲਈ। ਡਿਪਟੀ ਕਮਿਸ਼ਨਰ ਵੱਲੋਂ ਫੂਡ ਸੇਫ਼ਟੀ ਅਧਿਕਾਰੀਆਂ ਵੱਲੋਂ ਮਿਲਾਵਟ ਰੋਕਣ ਲਈ ਕੀਤੇ ਜਾ ਰਹੇ ਕੰਮਾਂ ਅਤੇ ਡਰੱਗ ਇੰਸਪੈਕਟਰ ਵੱਲੋਂ ਮੈਡੀਕਲ ਸਟੋਰਾਂ ਦੀ ਚੈਕਿੰਗ ਬਾਰੇ ਵੀ ਰਿਪੋਰਟ ਲਈ। ਉਨ੍ਹਾਂ ਕੋਟਪਾ ਐਕਟ ਤਹਿਤ ਤੰਬਾਕੂ ਦੀ ਰੋਕਥਾਮ ਲਈ ਬਣੀ ਜ਼ਿਲ੍ਹਾ ਟਾਸਕ ਫ਼ੋਰਸ ਦੀ ਮੀਟਿੰਗ ਵੀ ਕੀਤੀ।
ਖੇਤੀਬਾੜੀ ਤੇ ਕਿਸਾਨ ਭਲਾਈ ਮਹਿਕਮੇ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੇ ਕਣਕ ਦੀ ਕਟਾਈ ਦਾ ਸੀਜ਼ਨ ਹੋਣ ਕਾਰਨ ਕਿਸਾਨਾਂ ਨੂੰ ਨਾੜ ਸਾੜਨ ਤੋਂ ਰੋਕਣ ਲਈ ਪ੍ਰੇਰਨ ਵਾਸਤੇ ਆਖਿਆ। ਉਨ੍ਹਾਂ ਨੇ ਖੇਤੀਬਾੜੀ ਅਧਿਕਾਰੀਆਂ ਤੋਂ ਕਲ੍ਹ ਪਏ ਮੀਂਹ ਕਾਰਨ ਫ਼ਸਲਾਂ ’ਤੇ ਪਏ ਪ੍ਰਭਾਵ ਬਾਰੇ ਵੀ ਜਾਣਕਾਰੀ ਲਈ। ਮੀਟਿੰਗ ’ਚ ਮੌਜੂਦ ਮੰਡੀ ਬੋਰਡ ਦੇ ਅਧਿਕਾਰੀਆਂ ਨੇ ਕਣਕ ਦੀ ਖਰੀਦ ਲਈ ਮੰਡੀਆਂ ’ਚ ਸਾਰੇ ਪ੍ਰਬੰਧ ਮੁਕੰਮਲ ਹੋਣ ਬਾਰੇ ਵੀ ਦੱਸਿਆ।
ਮੀਟਿੰਗਾਂ ’ਚ ਜ਼ਿਲ੍ਹਾ ਸਿਖਿਆ ਅਫ਼ਸਰ ਕੋਮਲ ਚੋਪੜਾ, ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਦਵਿੰਦਰ ਢਾਂਡਾ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਕੁਲਦੀਪ ਰਾਏ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਖਵਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਗੁਰਬਖਸ਼ ਸਿੰਘ, ਡੀ ਆਰ ਸਹਿਕਾਰੀ ਸਭਾਵਾਂ ਮੋਹਨ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਦਵਿੰਦਰ ਸਿੰਘ, ਗੈਰ ਸਰਕਾਰੀ ਮੈਂਬਰ ਮਹਿੰਦਰ ਸਿੰਘ ਦੁਸਾਂਝ ਆਦਿ ਮੌਜੂਦ ਸਨ।