ਚੰਡੀਗੜ੍ਹ, 23 ਅਪ੍ਰੈਲ 2019 - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਲੋਕ ਸਭਾ ਹਲਕਿਆਂ ਫਿਰੋਜ਼ਪੁਰ ਅਤੇ ਬਠਿੰਡਾ ਲਈ ਕ੍ਰਮਵਾਰ 26 ਅਪ੍ਰੈਲ 2019 ਨੂੰ ਆਪਣੀ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨਗੇ।
26 ਅਪ੍ਰੈਲ ਨੂੰ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਤੋਂ ਪਹਿਲਾਂ ਅਕਾਲੀ ਦਲ ਪ੍ਰਧਾਨ ਅਤੇ ਕੇਂਦਰੀ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ ਅਤੇ ਪ੍ਰਮਾਤਮਾ ਤੋਂ ਆਸ਼ੀਰਵਾਦ ਲੈਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਅਕਾਲੀ ਦਲ ਪ੍ਰਧਾਨ ਦੇ ਸਿਆਸੀ ਸਕੱਤਰ ਸਰਦਾਰ ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਸਮੇਤ ਪਾਰਟੀ ਦੇ ਜ਼ਿਆਦਾਤਰ ਉਮੀਦਵਾਰ 26 ਅਪ੍ਰੈਲ 2019 ਨੂੰ ਹੀ ਆਪਣੇ ਨਾਮਜ਼ਦਗੀ ਕਾਗਜ਼ ਭਰਨਗੇ। ਉਹਨਾਂ ਦੱਸਿਆ ਕਿ ਬਾਕੀ ਸੀਟਾਂ ਜਿਵੇਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋ ਪਾਰਟੀ ਉਮੀਦਵਾਰ ਬੀਬੀ ਜਗੀਰ ਕੌਰ, ਲੁਧਿਆਣਾ ਤੋ ਮਹੇਸ਼ਇੰਦਰ ਸਿੰਘ ਗਰੇਵਾਲ, ਫਰੀਦਕੋਟ (ਐਸਸੀ) ਤੋਂ ਸਰਦਾਰ ਗੁਲਜ਼ਾਰ ਸਿੰਘ ਰਣੀਕੇ, ਪਟਿਆਲਾ ਤੋਂ ਸਰਦਾਰ ਸੁਰਜੀਤ ਸਿੰਘ ਰੱਖੜਾ ਅਤੇ ਜਲੰਧਰ (ਐਸਸੀ) ਤੋਂ ਸਰਦਾਰ ਚਰਨਜੀਤ ਸਿੰਘ ਅਟਵਾਲ ਵੱਲੋਂ ਵੀ ਆਪਣੇ ਨਾਮਜ਼ਦਗੀ ਕਾਗਜ਼ 26 ਅਪ੍ਰੈਲ ਨੂੰ ਦਾਖ਼ਲ ਕੀਤੇ ਜਾਣਗੇ। ਸਰਦਾਰ ਬਰਾੜ ਨੇ ਅੱਗੇ ਦੱਸਿਆ ਕਿ ਅਕਾਲੀ ਦਲ ਵੱਲੋ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ 25 ਅਪ੍ਰੈਲ 2019 ਨੂੰ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ (ਐਸਸੀ) ਤੋਂ ਪਾਰਟੀ ਉਮੀਦਵਾਰ ਸਰਦਾਰ ਦਰਬਾਰਾ ਸਿੰਘ ਗੁਰੂ ਦੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਨਾਲ ਸ਼ੁਰੂ ਹੋ ਜਾਵੇਗੀ। ਉਹਨਾਂ ਦੱਸਿਆ ਕਿ ਬਾਕੀ ਰਹਿੰਦੇ ਦੋ ਉਮੀਦਵਾਰਾਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਮੰਤਰੀ ਸਰਦਾਰ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਲੋਕ ਸਭਾ ਹਲਕਿਆਂ ਸ੍ਰੀ ਆਨੰਦਪੁਰ ਸਾਹਿਬ ਅਤੇ ਸੰਗਰੂਰ ਤੋਂ ਕ੍ਰਮਵਾਰ ਆਪਣੇ ਨਾਮਜ਼ਦਗੀ ਕਾਗਜ਼ 29 ਅਪ੍ਰੈਲ 2019 ਨੂੰ ਦਾਖ਼ਲ ਕੀਤੇ ਜਾਣਗੇ।