← ਪਿਛੇ ਪਰਤੋ
ਜੇ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦਾ ਸਫ਼ਾਇਆ ਹੋ ਗਿਆ ਤਾਂ ਮੈਂ ਅਸਤੀਫ਼ਾ ਦੇ ਦੇਵਾਂਗਾ -ਅਮਰਿੰਦਰ ਪਟਿਆਲਾ/ਖਰੜ, 16 ਮਈ, 2019 : ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਚੰਡੀਗੜ੍ਹ੍ਹ੍ਹ੍ਹ ਤੋਂ ਟਿਕਟ ਨਾ ਦਿੱਤੇ ਜਾਣ ਦੇ ਸਬੰਧ ਵਿੱਚ ਆਪਣੀ ਕਿਸੇ ਵੀ ਤਰਾਂ ਦੀ ਭੂਮਿਕਾ ਹੋਣ ਤੋਂ ਇਨਕਾਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਸ ਨੂੰ ਅੰਮ੍ਰਿਤਸਰ ਅਤੇ ਬਠਿੰਡਾ ਤੋਂ ਟਿਕਟ ਦੀ ਪੇਸ਼ਕਸ਼ ਕੀਤੀ ਗਈ ਸੀ ਪਰ ਉਸ ਨੇ ਇਸ ਤੋਂ ਨਾ ਕਰ ਦਿੱਤੀ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਟਿਕਟਾਂ ਦੀ ਵੰਡ ਦਾ ਕੰਮ ਕਾਂਗਰਸ ਹਾਈ ਕਮਾਨ ਵੱਲੋਂ ਦਿੱਲੀ ਵਿਖੇ ਕੀਤਾ ਗਿਆ ਅਤੇ ਹਾਈ ਕਮਾਨ ਨੇ ਚੰਡੀਗੜ ਤੋਂ ਚੋਣ ਲੜਨ ਸਬੰਧੀ ਟਿਕਟ ਬਾਰੇ ਨਵਜੋਤ ਕੌਰ ਦੀ ਅਰਜ਼ੀ ਨੂੰ ਪ੍ਰਵਾਨ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਚੰਡੀਗੜ ਪੰਜਾਬ ਹੇਠ ਨਹੀਂ ਹੈ ਅਤੇ ਉਨ੍ਹਾਂ ਦੀ ਚੰਡੀਗੜ ਤੋਂ ਉਮੀਦਵਾਰ ਦੀ ਚੋਣ ਵਿਚ ਕੋਈ ਭੂਮਿਕਾ ਨਹੀਂ ਹੈ। ਪੱਤਰਕਾਰਾਂ ਨਾਲ ਇਕ ਗੈਰ-ਰਸਮੀ ਗੱਲਬਾਤ ਦੌਰਾਨ ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਕਿ ਜੇਕਰ ਉਨ੍ਹਾਂ ਨੂੰ ਪਾਰਟੀ ਉਮੀਦਵਾਰ ਦੀ ਚੋਣ ਕਰਨ ਲਈ ਕਿਹਾ ਜਾਂਦਾ ਤਾਂ ਉਹ ਹਾਈਕਮਾਂਡ ਕੋਲ ਪਵਨ ਬਾਂਸਲ ਨੂੰ ਵਧੀਆ ਉਮੀਦਵਾਰ ਦੱਸਦੇ। ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜੇ ਲੋਕ ਸਭਾ ਚੋਣਾਂ ਦੌਰਾਨ ਸੂਬੇ ਵਿੱਚੋਂ ਕਾਂਗਰਸ ਦਾ ਸਫ਼ਾਇਆ ਹੋ ਜਾਂਦਾ ਹੈ ਤਾਂ ਉਹ ਇਸ ਦੀ ਜ਼ਿੰਮੇਵਾਰੀ ਲੈਣਗੇ ਅਤੇ ਅਸਤੀਫ਼ਾ ਦੇ ਦੇਣਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਸੂਬੇ ਵਿੱਚ ਕਾਰਗੁਜ਼ਾਰੀ ਲਈ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਜ਼ਿੰਮੇਵਾਰ ਬਣਾਇਆ ਗਿਆ ਹੈ ਅਤੇ ਉਹ ਵੀ ਉਨ੍ਹਾਂ ਨਾਲ ਆਪਣੀ ਜ਼ਿੰਮੇਵਾਰੀ ਸਾਂਝੀ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਕਾਂਗਰਸੀ ਉਮੀਦਵਾਰਾਂ ਦੀ ਜਿੱਤ/ਹਾਰ ਦੇ ਲਈ ਮੰਤਰੀਆਂ ਅਤੇ ਵਿਧਾਇਕਾਂ ਨੂੰ ਜਵਾਬਦੇਹ ਬਣਾਉਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਵੀ ਸੂਬੇ ਵਿੱਚ ਇਹੋ ਜ਼ਿੰਮੇਵਾਰੀ ਲੈਣ ਨੂੰ ਤਿਆਰ ਹਨ ਪਰ ਉਨ੍ਹਾਂ ਨੂੰ ਭਰੋਸਾ ਹੈ ਕਿ ਪੰਜਾਬ ਵਿਚੋਂ ਪਾਰਟੀ ਪੂਰੀ ਤਰਾਂ ਹੂੰਝਾ ਫੇਰੂ ਜਿੱਤ ਹਾਸਲ ਕਰੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੋਰਾਂ ਵਾਂਗ ਉਹ ਵੀ ਪਾਰਟੀ ਦੀ ਕਾਰਗੁਜ਼ਾਰੀ ਲਈ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ, ‘‘ਜੇ ਇਨ੍ਹਾਂ ਚੋਣਾਂ ਵਿਚ ਪੰਜਾਬ ’ਚੋਂ ਕਾਂਗਰਸ ਦਾ ਸਫ਼ਾਇਆ ਹੋ ਜਾਂਦਾ ਹੈ ਤਾਂ ਤੁਸੀਂ ਕੀ ਸੋਚਦੇ ਹੋ ਕਿ ਮੈਂ ਕੀ ਕਰਾਂਗਾ? ਸਪਸ਼ਟ ਤੌਰ ’ਤੇ ਮੈਂ ਆਪਣੀ ਜ਼ਿੰਮੇਵਾਰੀ ਨੂੰ ਪ੍ਰਵਾਨ ਕਰਾਂਗਾ ਅਤੇ ਅਸਤੀਫ਼ਾ ਦੇ ਦੇਵਾਂਗਾ।’’
Total Responses : 862