ਰੋਪੜ,18 ਮਈ 2019 - ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਲੋਕਤੰਤਰ ਨੂੰ ਮਜ਼ਬੂਤ ਕਰਨਾ ਦੀ ਜ਼ਿੰਮੇਵਾਰੀ ਨਿਭਾਉਣ ਲਈ ਅੱਗੇ ਆਉਣਾ ਚਾਹੀਦਾ ਹੈ।
ਖੁੱਲ੍ਹਾ ਚੋਣ ਪ੍ਰਚਾਰ ਖ਼ਤਮ ਹੋਣ ਮਗਰੋਂ ਘਰ ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸਾਡੀ ਖੁਸ਼ਕਿਸਮਤੀ ਹੈ ਕਿ ਅਸੀਂ ਲੋਕ ਸਭਾ ਅਤੇ ਵਿਧਾਨ ਸਭਾ ਵਿਚ ਸਿੱਧੀ ਚੋਣ ਰਾਹੀਂ ਆਪਣੇ ਨੁਮਾਇੰਦੇ ਭੇਜਦੇ ਹਾਂ ਜੋ ਸਾਡੇ ਦੇਸ਼ ਅਤੇ ਸੂਬੇ ਲਈ ਨੀਤੀਆਂ ਅਤੇ ਪ੍ਰੋਗਰਾਮ ਤੈਅ ਕਰਦੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਲੋਕਤੰਤਰ ਦੀ ਇਹ ਖਾਸੀਅਤ ਹੈ ਕਿ ਇਥੇ ਵਿਧਾਨ ਪਾਲਿਕਾ ਦੀ ਪ੍ਰਣਾਲੀ ਬਹੁਤ ਮਜ਼ਬੂਤ ਹੈ ਅਤੇ ਹਰ ਪੰਜ ਸਾਲ ਬਾਅਦ ਲੋਕ ਆਪਣੀ ਪਸੰਦ ਦੀ ਸਰਕਾਰ ਚੁਣਦੇ ਹਨ।
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਲੋਕਾਂ 'ਤੇ ਬਹੁਤ ਮਾਣ ਹੈ, ਜਿਨ੍ਹਾਂ ਨੇ ਪੰਜ ਸਾਲ ਪਹਿਲਾਂ ਉਨ੍ਹਾਂ ਨੂੰ ਲੋਕ ਸਭਾ ਵਿਚ ਭੇਜਿਆ ਅਤੇ ਉਨ੍ਹਾਂ ਨੇ ਇਲਾਕੇ ਦੇ ਲੋਕਾਂ ਦੀਆਂ ਆਸਾਂ ਅਤੇ ਉਮੰਗਾਂ 'ਤੇ ਖ਼ਰਾ ਉਤਰਦਿਆਂ ਸਭ ਤੋਂ ਵੱਧ ਪ੍ਰੋਜੈਕਟ ਇਸ ਹਲਕੇ ਵਿਚ ਲਿਆਂਦੇ। ਉਨ੍ਹਾਂ ਕਿਹਾ ਕਿ ਸਾਡੇ ਹਲਕੇ ਵਿਚ ਸਭ ਤੋਂ ਵੱਧ ਵੋਟਾਂ ਪੈਣੀਆਂ ਚਾਹੀਦੀਆਂ ਹਨ ਤਾਂ ਜੋ ਵੱਧ ਤੋਂ ਵੱਧ ਨਾਗਰਿਕ ਲੋਕ ਰਾਜ ਦੇ ਇਸ ਮਹਾਂਉਤਸਵ ਵਿਚ ਹਿੱਸਾ ਲੈ ਕੇ ਸਰਕਾਰ ਬਣਾਉਣ 'ਚ ਆਪਣਾ ਯੋਗਦਾਨ ਪਾ ਸਕਣ।