ਫਿਰੋਜ਼ਪੁਰ 20 ਮਈ (ਗੁਰਿੰਦਰ ਸਿੰਘ ) ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਚੰਦਰ ਗੈਂਦ ਨੇ ਸੋਮਵਾਰ ਨੂੰ ਦੇਵਰਾਜ ਕਾਲਜ ਸਥਿਤ ਗਿਣਤੀ ਕੇਂਦਰ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜਨਰਲ ਅਬਜ਼ਰਵਰ ਮਸ਼ੀਰ ਆਲਮ, ਐਸ.ਡੀ.ਐਮ ਅਮਿੱਤ ਗੁਪਤਾ ਵੀ ਹਾਜ਼ਰ ਸਨ।
ਸਟਰਾਂਗ ਰੂਮ ਦਾ ਦੌਰਾ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੱਥੇ 3 ਟੀਯਰ ਸਕਿਉਰਿਟੀ ਦਾ ਇੰਤਜ਼ਾਮ ਕੀਤਾ ਗਿਆ ਹੈ। ਸਟਰਾਂਗ ਰੂਮ ਦੇ ਬਾਹਰ ਸੀ.ਏ.ਪੀ.ਐਫ ਕੇਂਦਰੀ ਬਲਾਂ ਅਤੇ ਪੰਜਾਬ ਪੁਲਿਸ ਦੀ ਫੋਰਸ ਤੈਨਾਤ ਕੀਤੀ ਗਈ ਹੈ। ਇਸ ਤੋਂ ਇਲਾਵਾ ਸਟਰਾਂਗ ਰੂਮ ਦੇ ਆਲ਼ੇ ਦੁਆਲੇ ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਹਨ, ਜਿਸ ਦੁਆਰਾ 24 ਘੰਟੇ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 23 ਮਈ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ ਇੱਥੇ ਫਿਰੋਜ਼ਪੁਰ ਸ਼ਹਿਰੀ, ਫਿਰੋਜ਼ਪੁਰ ਦਿਹਾਤੀ, ਗੁਰੂਹਰਸਹਾਏ ਅਤੇ ਜ਼ੀਰਾ ਵਿਧਾਨ ਸਭਾ ਹਲਕਿਆਂ ਦੇ ਵੋਟਾਂ ਦੀ ਗਿਣਤੀ ਹੋਵੇਗੀ। ਸ਼੍ਰੀ ਮੁਕਤਸਰ ਸਾਹਿਬ ਅਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਨਾਲ ਸਬੰਧਿਤ ਵਿਧਾਨ ਸਭਾ ਹਲਕਿਆਂ ਦੀ ਗਿਣਤੀ ਉਨ੍ਹਾਂ ਦੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਕਰਵਾਈ ਜਾਵੇਗੀ। ਫਿਰੋਜ਼ਪੁਰ ਸੰਸਦੀ ਖੇਤਰ ਦੇ ਸਾਰੇ 9 ਹਲਕਿਆਂ ਦਾ ਨਤੀਜਾ ਕੰਪਾਈਲ ਕਰਨ ਤੋਂ ਬਾਅਦ ਨਤੀਜਾ ਘੋਸ਼ਿਤ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਵਿਚ ਚੋਣਾਂ ਸ਼ਾਂਤੀਪੂਰਵਕ ਸੰਪੰਨ ਹੋਈਆਂ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਘਟਨਾ ਨਹੀਂ ਹੋਈ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ 72 ਫ਼ੀਸਦੀ ਤੋਂ ਜ਼ਿਆਦਾ ਵੋਟਾਂ ਪਈਆਂ ਹਨ, ਜਿਸ ਲਈ ਹਲਕੇ ਦੇ ਵੋਟਰ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਜ਼ਿਆਦਾ ਵੋਟਿੰਗ ਕਾਰਨ ਫਿਰੋਜ਼ਪੁਰ ਵੱਧ ਵੋਟਿੰਗ ਪ੍ਰਤੀਸ਼ਤ ਵਾਲੇ ਕੁੱਝ ਜ਼ਿਲ੍ਹਿਆਂ ਵਿਚ ਸ਼ਾਮਲ ਹੋਇਆ ਹੈ । ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਕਾਊਂਟਿੰਗ ਨਾਲ ਸਬੰਧਿਤ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਸੰਤੁਸ਼ਟੀ ਜਤਾਈ। ਇਸ ਤੋਂ ਪਹਿਲਾਂ ਜਨਰਲ ਆਬਜ਼ਰਵਰ ਮਸ਼ੀਰ ਆਲਮ ਨੇ ਚੋਣ ਪ੍ਰੀਕ੍ਰਿਆ ਨਾਲ ਸਬੰਧਿਤ ਦਸਤਾਵੇਜ਼ਾਂ ਦੀ ਜਾਂਚ ਕੀਤੀ।