ਪਟਿਆਲਾ, 22 ਮਈ, 2019 - ਬੀਤੇ ਦਿਨ ਪੰਜਾਬ ਸਰਕਾਰ ਨੇ ਨਾਮਵਰ ਪੰਜਾਬੀ ਲੇਖਿਕਾ ਅਤੇ ਰਜਿੰਦਰਾ ਹਸਪਤਾਲ ਦੀ ਬੱਚਿਆਂ ਦੀ ਮਾਹਿਰ ਡਾ. ਹਰਸ਼ਿੰਦਰ ਕੌਰ ਨੂੰ ਅਣਗਹਿਲੀ ਭਰੇ ਵਤੀਰੇ ਦੇ ਦੋਸ਼ ਵਿਚ ਮੁਅੱਤਲ ਕਰ ਦਿੱਤਾ ਸੀ। ਜਿਸਨੂੰ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਬੁਲਾਰੇ ਤੇ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਬੀਰ ਦਵਿੰਦਰ ਸਿੰਘ ਨੇ ਸਿਆਸੀ ਬਦਲਾਖੋਰੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਡਾ. ਹਰਸ਼ਿੰਦਰ ਕੌਰ ਨੇ ਭਰੂਣ ਹੱਤਿਆ ਦੇ ਖਿਲਾਫ ਲੋਕਾਂ ਨੂੰ ਜਗਾਉਣ ਲਈ ਸ਼ਾਨਦਾਰ ਕੰਮ ਕੀਤਾ ਹੈ। ਉਨ੍ਹਾਂ ਦੇ ਕੰਮ ਨੂੰ ਰਾਜ ਸਰਕਾਰ ਨੇ ਦੋ ਵਾਰ ਸਟੇਟ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ, ਡਾ. ਹਰਸ਼ਿੰਦਰ ਕੌਰ ਨੂੰ ਭਾਰਤ ਦੇ ਰਾਸ਼ਟਰਪਤੀ ਨੇ ਵੀ ਸਨਮਾਨਿਤ ਕੀਤਾ ਸੀ, ਜੋ ਕਿ ਭਾਰਤ ਭਰ 'ਚੋਂ 100 ਔਰਤਾਂ 'ਚੋਂ ਇੱਕ ਸੀ।
ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਡਾ. ਹਰਸ਼ਿੰਦਰ ਕੌਰ ਨੂੰ ਨਿਰਾਸ਼ ਕਰਨ ਦੀ ਡੂੰਘੀ ਸਾਜਿਸ਼ ਰਚੀ ਜਾਪਦੀ ਹੈ। ਉਨ੍ਹਾਂ ਕਿਹਾ ਕਿ ਇਹ ਸਰਾਸਰ ਸਿਆਸੀ ਬਦਲਾਖੋਰੀ ਹੈ। ਉਨ੍ਹਾਂ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਉਨ੍ਹਾਂ ਨੂੰ ਪਤਾ ਚੱਲਿਆ ਹੈ ਕਿ ਇੱਕ ਸਰਕਾਰੀ ਮੁਲਾਜ਼ਮ ਹੋਣ ਦੇ ਨਾਤੇ, ਡਾ. ਹਰਸ਼ਿੰਦਰ ਕੌਰ ਨੇ ਮੁੱਖ ਮੰਤਰੀ ਦੀ ਪਤਨੀ ਸ੍ਰੀਮਤੀ ਪਰਨੀਤ ਕੌਰ ਲਈ ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸ ਉਮੀਦਵਾਰ ਲਈ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
ਉਨ੍ਹਾਂ ਕਿਹਾ ਕਿ ਮੈਂ ਸਿਹਤ ਮੰਤਰੀ ਸ਼੍ਰੀ ਬ੍ਰਹਮ ਮੋਹਿੰਦਰਾ ਨੂੰ ਬੇਨਤੀ ਕਰਦਾ ਹਾਂ ਕਿ ਉਹ ਕੇਸ ਦੀ ਤਹਿ ਤੱਕ ਜਾਣ ਅਤੇ ਨਿੱਜੀ ਤੌਰ 'ਤੇ ਮੁੱਦੇ 'ਤੇ ਵਿਚਾਰ ਕਰਨ। ਉਨ੍ਹਾਂ ਮੰਗ ਕੀਤੀ ਕਿ ਡਾ. ਹਰਸ਼ਿੰਦਰ ਕੌਰ ਦੀ ਮੁਅੱਤਲੀ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ।