ਕਾਦੀਆਂ 23 ਮਈ 2019 (ਚੋਧਰੀ ਮਨਸੂਰ ਘਨੋਕੇ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਆਪਣੀ ਚੋਣ ਦੌਰਾਨ ਪਾਰਟੀ ਲਈ ਦਿਨ ਰਾਤ ਇਕ ਕਰਨ ਵਾਲੇ ਮਿਹਨਤੀ ਵਰਕਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਦੇ ਜਜ਼ਬੇ ਨੂੰ ਸਲਾਮ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਹਲਕੇ ਦੀ ਸਮੁੱਚੀ ਲੀਡਰਸ਼ਿਪ ਤੇ ਵਰਕਰਾਂ ਨੇ ਉਨ੍ਹਾਂ ਦੀ ਚੋਣ ਨੂੰ ਆਪਣੀ ਚੋਣ ਸਮਝ ਕੇ ਲੜਿਆ ਹੈ ਅਤੇ ਉਹ ਉਨ੍ਹਾਂ ਦੇ ਰਿਣੀ ਰਹਿਣਗੇ।
ਇਸ ਮੌਕੇ ਉਨ੍ਹਾਂ ਨੇ ਜੇਤੂ ਉਮੀਦਵਾਰ ਸ੍ਰੀ ਸੰਨੀ ਦਿਓਲ ਨੂੰ ਵਧਾਈ ਦਿੰਦਿਆਂ ਲੋਕ ਸਭਾ ਵਿਚ ਉਨ੍ਹਾਂ ਦੇ ਅਗਾਮੀ ਕਾਰਜਕਾਲ ਲਈ ਸੁਭਕਾਮਨਾਵਾਂ ਦਿੱਤੀਆਂ।
ਉਨ੍ਹਾਂ ਨੇ ਲੋਕਤੰਤਰ ਦੇ ਇਸ ਮਹਾਂਤਿਓਹਾਰ ਵਿਚ ਸ਼ਿਰਕਤ ਲਈ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਚੰਗੀ ਗੱਲ ਰਹੀ ਹੈ ਕਿ ਪੂਰੀ ਚੋਣ ਪ੍ਰਕ੍ਰਿਆ ਦੌਰਾਨ ਹਲਕੇ ਵਿਚ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਹੈ ਅਤੇ ਉਨ੍ਹਾਂ ਨੇ ਹੁਣ ਚੋਣ ਨਤੀਜਿਆਂ ਤੋਂ ਬਾਅਦ ਵੀ ਇਸੇ ਤਰਾਂ ਆਪਸੀ ਭਾਈਚਾਰਾ ਬਣਾਈ ਰੱਖਣ ਦੀ ਅਪੀਲ ਕੀਤੀ।