← ਪਿਛੇ ਪਰਤੋ
ਭਾਦਸੋਂ/ਨਾਭਾ/ਪਟਿਆਲਾ, 11 ਜੂਨ 2019: ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ 21 ਜੂਨ ਨੂੰ ਕਰਵਾਈ ਜਾ ਰਹੀ ਨਗਰ ਪੰਚਾਇਤ ਭਾਦਸੋਂ ਲਈ ਆਮ ਚੋਣਾਂ ਦੌਰਾਨ ਨਾਮਜ਼ਦਗੀਆਂ ਦੇ ਅੱਜ ਆਖਰੀ ਦਿਨ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਨਾਭਾ ਸ੍ਰੀ ਕਾਲਾ ਰਾਮ ਕਾਂਸਲ ਕੋਲ ਕੋਈ 60 ਉਮੀਦਵਾਰਾਂ ਨੇ ਨਾਮਜਦਗੀ ਪੱਤਰ ਦਾਖਲ ਕੀਤੇ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਨਗਰ ਪੰਚਾਇਤ ਵਿਖੇ 11 ਵਾਰਡਾਂ ਦੀਆਂ ਆਮ ਚੋਣਾਂ ਲਈ ਵੋਟਾਂ ਪੁਆਉਣ ਵਾਸਤੇ 11 ਪੋਲਿੰਗ ਬੂਥ ਬਣਾਏ ਗਏ ਹਨ। ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ 12 ਜੂਨ ਨੂੰ ਨਾਮਜਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 13 ਜੂਨ ਨੂੰ ਉਮੀਦਵਾਰ ਆਪਣੇ ਨਾਮਜਦਗੀ ਪੱਤਰ ਵਾਪਸ ਲੈ ਸਕਣਗੇ। 21 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੀ ਗਿਣਤੀ ਉਸੇ ਦਿਨ ਪੋਲਿੰਗ ਬੂਥਾਂ ਵਿਖੇ ਹੋਵੇਗੀ ਅਤੇ 23 ਜੂਨ ਨੂੰ ਸਾਰੀ ਚੋਣ ਪ੍ਰਕ੍ਰਿਆ ਮੁਕੰਮਲ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਨੇ ਨਗਰ ਪੰਚਾਇਤ ਭਾਦਸੋਂ ਦੀ ਚੋਣ ਨਿਰਪੱਖ ਅਤੇ ਅਮਨ ਅਮਾਨ ਨਾਲ ਸਫ਼ਲਤਾ ਪੂਰਵਕ ਕਰਵਾਉਣ ਲਈ ਫ਼ਤਹਿਗੜ੍ਹ ਸਾਹਿਬ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਜਸਪ੍ਰੀਤ ਸਿੰਘ ਆਈ.ਏ.ਐਸ. ਨੂੰ ਚੋਣ ਅਬਜ਼ਰਵਰ ਨਿਯੁਕਤ ਕੀਤਾ ਗਿਆ ਸੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਦਸੋਂ ਨਗਰ ਪੰਚਾਇਤ ਦੀ ਚੋਣ ਲਈ ਆਦਰਸ਼ ਚੋਣ ਜਾਬਤਾ ਲਾਗੂ ਹੈ ਇਸ ਲਈ ਕੋਈ ਵੀ ਸਿਆਸੀ ਪਾਰਟੀ ਇਸ ਦੀ ਉਲੰਘਣਾ ਨਾ ਕਰੇ ਅਤੇ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।
Total Responses : 992