ਮਾਨਸਾ, 12 ਜੂਨ 2019 (ਮਿੱਤਰ ਸੈਨ ਸ਼ਰਮਾ) - ਜ਼ਿਲ੍ਹਾ ਮਾਨਸਾ ਦੇ ਪਿੰਡ ਜੋਈਆਂ ਵਿਖੇ ਘਰੇਲੂ ਜ਼ਮੀਨੀ ਵਿਵਾਦ ਦੇ ਚੱਲਦਿਆਂ ਪਰਿਵਾਰਕ ਮੈਂਬਰਾਂ ਵੱਲੋਂ ਕੀਤੀ ਗਈ ਕੁੱਟਮਾਰ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਇੱਕ ਵਿਅਕਤੀ ਨੇ ਕੋਈ ਜ਼ਹਿਰੀਲੀ ਵਸਤੂ ਨਿਗ਼ਲ ਕੇ ਖੁਦਕੁਸ਼ੀ ਕਰ ਲਈ। ਇਸ ਸਬੰਧੀ ਸਥਾਨਕ ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ 'ਤੇ ਤਿੰਨ ਵਿਅਕਤੀਆਂ ਦੇ ਖਿਲਾਫ਼ ਮਰਨ ਲਈ ਮਜ਼ਬੂਰ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਜਾਰੀ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪਿੰਡ ਜੋਈਆਂ ਵਾਸੀ ਰਾਜਵੀਰ ਸਿੰਘ ਦਾ ਆਪਣੇ ਪਰਿਵਾਰਕ ਮੈਂਬਰਾਂ ਨਾਲ ਜ਼ਮੀਨ ਦੀ ਵੰਡ ਨੂੰ ਲੈ ਕੇ ਵਿਵਾਦ ਚੱਲਦਾ ਆ ਰਿਹਾ ਸੀ। ਇਸ ਦੌਰਾਨ ਬੀਤੇ ਦਿਨੀਂ ਰਾਜਵੀਰ ਸਿੰਘ ਦੀ ਉਸ ਦੇ ਪਰਿਵਾਰਕ ਮੈਂਬਰਾਂ ਨੇ ਕੁੱਟਮਾਰ ਕੀਤੀ, ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਕੋਈ ਜ਼ਹਿਰੀਲੀ ਵਸਤੂ ਨਿਗ਼ਲ ਲਈ, ਜਿਸ ਨੂੰ ਤੁਰੰਤ ਮਾਨਸਾ ਮੈਡੀਸਿਟੀ ਹਸਪਤਾਲ ਮਾਨਸਾ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਸਹਾਇਕ ਥਾਣੇਦਾਰ ਅਮਰੀਕ ਸਿੰਘ ਨੇ ਮ੍ਰਿਤਕ ਦੀ ਪਤਨੀ ਕਮਲਜੀਤ ਕੌਰ ਦੇ ਬਿਆਨਾਂ 'ਤੇ ਮ੍ਰਿਤਕ ਦੇ ਪਿਤਾ ਜਗਦੇਵ ਸਿੰਘ, ਮਾਤਾ ਹਰਵਿੰਦਰ ਕੌਰ ਅਤੇ ਭਰਾ ਹਰਜਿੰਦਰ ਸਿੰਘ ਦੇ ਖਿਲਾਫ਼ ਰਾਜਵੀਰ ਨੂੰ ਮਰਨ ਲਈ ਮਜ਼ਬੂਰ ਕਰਨ ਦੇ ਦੋਸ਼ 'ਚ ਧਾਰਾ 306 ਦੇ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।