ਚੰਡੀਗੜ੍ਹ, 14 ਜੂਨ 2019 - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਦਿੜਬਾ ਥਾਣਾ, ਸੰਗਰੂਰ ਵਿਖੇ ਤਾਇਨਾਤ ਏ.ਐੱਸ.ਆਈ. ਕਰਮ ਸਿੰਘ ਨੂੰ 10,500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐੱਸ.ਆਈ ਨੂੰ ਸ਼ਿਕਾਇਤਕਰਤਾ ਸੁਖਵਿੰਦਰ ਸਿੰਘ ਵਾਸੀ ਪਿੰਡ ਮੁਨਸ਼ੀਵਾਲਾ, ਜਿਲਾ ਸੰਗਰੂਰ ਦੀ ਸ਼ਿਕਾਇਤ 'ਤੇ ਫ਼ੜਿਆ ਗਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਇਕ ਪੁਲਿਸ ਕੇਸ ਵਿੱਚ ਦੋਹਾਂ ਧਿਰਾਂ ਵਿਚਕਾਰ ਰਾਜੀਨਾਮਾ ਹੋਣ ਉਪਰੰਤ ਪਰਚਾ ਰੱਦ ਕਰਨ ਬਦਲੇ ਉਕਤ ਏ.ਐੱਸ.ਆਈ ਵੱਲੋਂ 25,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 20,500 ਰੁਪਏ ਵਿੱਚ ਤੈਅ ਹੋਇਆ ਹੈ ਅਤੇ ਉਸ ਵੱਲੋਂ 10,000 ਰੁਪਏ ਪਹਿਲੀ ਕਿਸ਼ਤ ਵਜੋਂ ਅਦਾ ਕੀਤੇ ਜਾ ਚੁੱਕੇ ਹਨ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐੱਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਦੂਜੀ ਕਿਸ਼ਤ ਦੇ 10,500 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿੱਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।