ਅੰਮ੍ਰਿਤਸਰ, 15 ਜੂਨ 2019 - ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟ੍ਰੇਟ, ਕਮਿਸ਼ਨਰੇਟ ਅੰਮ੍ਰਿਤਸਰ ਸ੍ਰੀ ਭੁਪਿੰਦਰ ਸਿੰਘ, ਪੀ.ਪੀ.ਐੱਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ 'ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਕੁੱਝ ਰਾਜਨੀਤਿਕ/ਕਿਸਾਨ ਅਤੇ ਹੋਰ ਜਥੇਬੰਦੀਆਂ ਜ਼ਿਲ੍ਹਾ ਪੱਧਰ 'ਤੇ ਰੋਸ, ਧਰਨੇ ਰੈਲੀਆਂ ਅਤੇ ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਉਤੇਜਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਸੰਪਤੀ/ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ। ਇਹ ਪਾਬੰਦੀ ਦਾ ਹੁਕਮ 11 ਅਗਸਤ 2019 ਤੱਕ ਲਾਗੂ ਰਹੇਗੀ।