-ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼, ਖਾਦ ਅਤੇ ਬੀਜ ਡੀਲਰਾਂ ਦੀ ਕੀਤੀ ਜਾਵੇ ਵਿਸ਼ੇਸ਼ ਚੈਕਿੰਗ
-ਕਿਹਾ, ਜ਼ਿਲ੍ਹਾ ਵਾਸੀਆਂ ਨੂੰ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਈਆਂ ਜਾਣ ਸਿਹਤ ਸਹੂਲਤਾਂ
-ਮਹੀਨਾਵਾਰ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 15 ਜੂਨ 2019 : ਜ਼ਿਲ੍ਹੇ ਦੇ ਕਿਸਾਨਾਂ ਨੂੰ ਡ੍ਰਿਪ ਇਰੀਗੇਸ਼ਨ ਤਹਿਤ ਮੱਕੀ ਦਾ ਰਕਬਾ ਵਧਾਉਣ ਲਈ ਪ੍ਰੇਰਿਤ ਕੀਤਾ ਜਾਵੇ, ਤਾਂ ਜੋ ਪਾਣੀ ਦੀ ਬੱਚਤ ਹੋ ਸਕੇ। ਕਰਾਪ ਡਾਇਵਰਸਿਫਿਕੇਸ਼ਨ ਪਲਾਨ ਤਹਿਤ ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਡ੍ਰਿਪ ਇਰੀਗੇਸ਼ਨ ਦੇ ਮਾਧਿਅਮ ਨਾਲ ਮੱਕੀ ਲਗਾਉਣ ਲਈ ਸਬਸਿਡੀ ਦੇ ਰਿਹਾ ਹੈ, ਇਸ ਬਾਰੇ ਕਿਸਾਨਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਹ ਵਿਚਾਰ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਮਹੀਨਾਵਾਰ ਮੀਟਿੰਗ ਵਿੱਚ ਜ਼ਿਲ੍ਹਾ ਖੇਤੀਬਾੜੀ ਉਤਪਾਦ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਇਸ ਯੋਜਨਾ ਤਹਿਤ 50 ਏਕੜ ਵਿੱਚ ਡ੍ਰਿਪ ਇਰੀਗੇਸ਼ਨ ਨਾਲ ਮੱਕੀ ਲਗਾਈ ਜਾਣੀ ਹੈ, ਜਿਸ ਵਿੱਚ ਪ੍ਰਤੀ ਏਕੜ 1 ਲੱਖ 35 ਹਜ਼ਾਰ ਰੁਪਏ ਦਾ ਖਰਚਾ ਆਵੇਗਾ ਅਤੇ ਕਿਸਾਨ ਨੂੰ ਮਾਤਰ 10 ਹਜ਼ਾਰ ਰੁਪਏ ਹੀ ਖਰਚ ਕਰਨੇ ਪੈਣਗੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਖਾਦ ਅਤੇ ਬੀਜ ਡੀਲਰਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਜਾਵੇ, ਤਾਂ ਜੋ ਕਿਸਾਨਾਂ ਨੂੰ ਉਚ ਗੁਣਵੱਤਾ ਦਾ ਬੀਜ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸੋਇਲ ਹੈਲਥ ਕਾਰਡ ਸਕੀਮ ਬਾਰੇ ਹੋਰ ਜ਼ਿਆਦਾ ਜਾਗਰੂਕ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਸਕੂਲ ਸਿੱਖਿਆ ਵਿਭਾਗ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਦਾ ਸਮੇਂ-ਸਮੇਂ 'ਤੇ ਮੈਡੀਕਲ ਚੈਕਅਪ ਕਰਨਾ ਯਕੀਨੀ ਬਣਾਇਆ ਜਾਵੇ, ਇਸ ਦੌਰਾਨ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਸਾਹਮਣੇ ਆਉਣ 'ਤੇ ਇਲਾਜ਼ ਦੇ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਸਿੱਖਿਆ ਅਤੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਚੈੱਕਅਪ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਅਧਿਕਾਰੀਆਂ ਨੂੰ ਸਿੱਖਿਆ ਸੁਧਾਰ ਵੱਲ ਵੱਧ ਤੋਂ ਵੱਧ ਕਦਮ ਉਠਾਉਣ ਲਈ ਕਿਹਾ। ਸ਼੍ਰੀਮਤੀ ਈਸ਼ਾ ਕਾਲੀਆ ਨੇ ਮਿਡ-ਡੇ-ਮੀਲ ਤਹਿਤ ਦਿੱਤੇ ਜਾ ਰਹੇ ਖਾਣੇ ਦੀ ਗੁਣਵੱਤਾ ਬਰਕਰਾਰ ਰੱਖਣ ਦੀ ਵੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਸਕੂਲਾਂ ਵਿੱਚ ਬਾਥਰੂਮਾਂ ਅਤੇ ਕਮਰਿਆਂ ਦੀ ਸਾਫ ਸਫਾਈ ਤੋਂ ਇਲਾਵਾ ਹੋਰ ਸੁਵਿਧਾਵਾਂ ਵੀ ਯਕੀਨੀ ਬਣਾਏ, ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਚੰਗਾ ਮਾਹੌਲ ਦਿੱਤਾ ਜਾ ਸਕੇ।
ਸ਼੍ਰੀਮਤੀ ਈਸ਼ਾ ਕਾਲੀਆ ਨੇ ਸਿਹਤ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਜ਼ਿਲ੍ਹਾ ਵਾਸੀਆਂ ਨੂੰ ਸੁਚਾਰੂ ਢੰਗ ਨਾਲ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਸਬੰਧਤ ਯੋਜਨਾਵਾਂ ਬਾਰੇ ਜਨਤਾ ਨੂੰ ਜਾਗਰੂਕ ਕਰਨਾ ਵੀ ਬਹੁਤ ਜ਼ਰੂਰੀ ਹੈ, ਕਿਉਂਕਿ ਜਾਗਰੂਕਤਾ ਨਾਲ ਹੀ ਯੋਜਨਾਵਾਂ ਦਾ ਲਾਭ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਦੀ ਡਿਲੀਵਰੀ ਵੱਧ ਤੋਂ ਵੱਧ ਸਰਕਾਰੀ ਹਸਪਤਾਲਾਂ ਵਿੱਚ ਕਰਵਾਉਣ ਲਈ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਡਿਲੀਵਰੀ ਦੌਰਾਨ ਬੀ.ਪੀ.ਐੱਲ ਪਰਿਵਾਰਾਂ ਨਾਲ ਸਬੰਧਿਤ ਔਰਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਵਿੱਤੀ ਸਹਾਇਤਾ ਵੀ ਸੁਚਾਰੂ ਢੰਗ ਨਾਲ ਦਿੱਤੀ ਜਾਵੇ। ਉਨ੍ਹਾਂ ਡਰੱਗ ਐਂਡ ਕਾਸਮੈਟਿਕ ਐਕਟ ਤਹਿਤ ਮੈਡੀਕਲ ਸਟੋਰਾਂ ਦੀ ਜਾਂਚ ਯਕੀਨੀ ਬਣਾਉਣ ਲਈ ਨਿਰਦੇਸ਼ ਦਿੰਦਿਆਂ ਕਿਹਾ ਕਿ ਬੇਨਿਯਮੀ ਸਾਹਮਣੇ ਆਉਣ 'ਤੇ ਸਖ਼ਤ ਐਕਸ਼ਨ ਲਿਆ ਜਾਵੇ। ਉਨ੍ਹਾਂ ਕਿਹਾ ਕਿ ਟੀ.ਬੀ. ਦੀ ਬਿਮਾਰੀ ਸਬੰਧੀ ਵੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ ਅਤੇ ਇਸ ਤਰ੍ਹਾਂ ਦੇ ਮਰੀਜ਼ਾਂ ਸਾਹਮਣੇ ਆਉਣ 'ਤੇ ਉਨ੍ਹਾਂ ਦਾ ਫੌਰੀ ਇਲਾਜ਼ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਵੱਧ ਤੋਂ ਵੱਧ ਸਿਖਲਾਈ ਦਿੱਤੀ ਜਾਵੇ। ਸਿਖਲਾਈ ਦੇਣ ਤੋਂ ਬਾਅਦ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਲਈ ਉਤਸ਼ਾਹਿਤ ਕਰਦੇ ਹੋਏ ਕਰਜੇ ਆਦਿ ਦੀ ਸੁਵਿਧਾ ਵੀ ਪਹਿਲ ਦੇ ਅਧਾਰ 'ਤੇ ਦਿਵਾਉਣਾ ਨਿਸ਼ਚਿਤ ਕੀਤਾ ਜਾਵੇ, ਤਾਂ ਜੋ ਵੱਧ ਤੋਂ ਵੱਧ ਨੌਜਵਾਨ ਸਵੈ-ਰੁਜ਼ਗਾਰ ਸ਼ੁਰੂ ਕਰਕੇ ਆਪਣੇ ਪੈਰਾਂ 'ਤੇ ਖੜ੍ਹੇ ਹੋ ਸਕਣ।
ਉਨ੍ਹਾਂ ਵਣ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਵੱਧ ਤੋਂ ਵੱਧ ਲੋਕਾਂ ਅਤੇ ਸੰਸਥਾਵਾਂ ਨੂੰ ਪੌਦਾਰੋਪਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਵਣ ਵਿਭਾਗ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪਿੰਡਾਂ ਵਿੱਚ ਪ੍ਰਤੀ ਪਿੰਡ 550 ਪੌਦੇ ਵੰਡੇ ਜਾਣਗੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਵੱਧ ਤੋਂ ਵੱਧ ਜ਼ਿਲ੍ਹਾ ਵਾਸੀ ਪੌਦੇ ਲਗਾਉਣ ਅਤੇ ਇਨ੍ਹਾਂ ਦੀ ਸੰਭਾਲ ਵੀ ਯਕੀਨੀ ਬਣਾਈ ਜਾਵੇ। ਇਸ ਦੌਰਾਨ ਜ਼ਿਲ੍ਹਾਂ ਲੀਡ ਬੈਂਕ, ਜ਼ਿਲ੍ਹਾ ਭਲਾਈ ਵਿਭਾਗ, ਜ਼ਿਲ੍ਹਾ ਪ੍ਰੋਗਰਾਮ ਵਿਭਾਗ, ਜ਼ਿਲ੍ਹਾ ਤੰਬਾਕੂ ਕੰਟਰੋਲ ਸੋਸਾਇਟੀ, ਸਰਵ ਸਿੱਖਿਆ ਅਭਿਆਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦਾ ਵੀ ਜਾਇਜ਼ਾ ਲਿਆ।
ਇਸ ਮੌਕੇ 'ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅੰਮ੍ਰਿਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਸਰਬਜੀਤ ਸਿੰਘ ਬੈਂਸ, ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਦਲਵੀਰ ਸਿੰਘ ਛੀਨਾ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀ ਬਲਵੀਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ਼੍ਰੀ ਸੰਜੀਵ ਗੌਤਮ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਮੁਕੇਸ਼ ਕੁਮਾਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।