ਐਸ.ਏ.ਐਸ. ਨਗਰ, 18 ਜੂਨ 2019: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਵਿੱਚ ਡਾਕਟਰਾਂ ਲਈ ਭੈਅ ਮੁਕਤ ਮਾਹੌਲ ਸਿਰਜਿਆ ਜਾਵੇਗਾ ਤਾਂ ਜੋ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਨ ਵਿੱਚ ਕੋਈ ਦਿੱਕਤ ਨਾ ਆਵੇ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸ. ਸਿੱਧੂ ਨੇ ਅੱਜ ਇੱਥੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਵਿਖੇ 20 ਐਂਬੂਲੈਂਸਾਂ (ਡਾਇਲ 108, ਐਮਰਜੈਂਸੀ ਰਿਸਪਾਂਸ ਸਰਵਿਸ) ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਬਾਅਦ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਸ. ਸਿੱਧੂ ਨੇ ਦੱਸਿਆ ਕਿ ਅੱਜ ਪੰਜਾਬ ਵਿੱਚ ਨਵੀਆਂ 20 ਐਂਬੂਲੈਂਸਾਂ ਹੋਰ ਜੁੜਨ ਨਾਲ ਸਿਹਤ ਸੇਵਾਵਾਂ ਵਿੱਚ ਸੁਧਾਰ ਹੋਵੇਗਾ। ਇਸ ਸਾਲ ਹੁਣ ਤੱਕ 80 ਐਂਬੂਲੈਂਸਾਂ ਇਸ ਸੇਵਾ ਨਾਲ ਜੁੜੀ ਚੁੱਕੀਆਂ ਹਨ, ਜਿਸ ਨਾਲ ਪੰਜਾਬ ਵਿੱਚ ਵਿਭਾਗ ਕੋਲ ਮੌਜੂਦ ਐਂਬੂਲੈਂਸਾਂ ਦੀ ਕੁੱਲ ਗਿਣਤੀ 242 ਹੋ ਗਈ ਹੈ। ਉਨਾਂ ਕਿਹਾ ਕਿ ਇਹ ਉਪਰਾਲਾ ਡਾ. ਮਨਮੋਹਨ ਸਿੰਘ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਨੇ ਸ਼ੁਰੂ ਕੀਤਾ ਸੀ, ਜੋ ਹੁਣ ਵਧ ਫੁੱਲ ਰਿਹਾ ਹੈ। ਸਿਹਤ ਤੇ ਸਿੱਖਿਆ ਨੂੰ ਪੰਜਾਬ ਸਰਕਾਰ ਦੇ ਤਰਜੀਹੀ ਖੇਤਰ ਐਲਾਨਦਿਆਂ ਉਨਾਂ ਕਿਹਾ ਕਿ ਰਾਜ ਵਿੱਚ ਡਾਕਟਰਾਂ ਤੇ ਹੋਰ ਸਿਹਤ ਅਮਲੇ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸਾਰੀਆਂ ਆਸਾਮੀਆਂ ਭਰੀਆਂ ਜਾਣਗੀਆਂ।
ਸਿਹਤ ਮੰਤਰੀ ਨੇ ਕਿਹਾ ਕਿ ਜਿੱਥੇ ਰਾਜ ਵਿੱਚ ਡਾਕਟਰਾਂ ਲਈ ਕੰਮਕਾਜ ਵਾਸਤੇ ਉਸਾਰੂ ਮਾਹੌਲ ਸਿਰਜਿਆ ਜਾਵੇਗਾ, ਉਥੇ ਚੰਗਾ ਕੰਮ ਕਰਨ ਵਾਲੇ ਮੁਲਾਜ਼ਮਾਂ ਤੇ ਅਫ਼ਸਰਾਂ ਦਾ ਪੂਰਾ ਸਨਮਾਨ ਕੀਤਾ ਜਾਵੇਗਾ। ਉਨਾਂ ਡਾਕਟਰਾਂ ਨੂੰ ਨਿੱਜ ਸਵਾਰਥ ਤੋਂ ਉੱਪਰ ਉੱਠ ਕੇ ਕੰਮ ਕਰਨ ਦੀ ਅਪੀਲ ਕੀਤੀ। ਉਨਾਂ ਨਾਲ ਹੀ ਚੇਤਾਵਨੀ ਵੀ ਦਿੱਤੀ ਕਿ ਡਿੳੂਟੀ ਵਿੱਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਦੇ 43 ਲੱਖ ਪਰਿਵਾਰਾਂ ਨੂੰ ਕੈਸ਼ਲੈੱਸ ਸਿਹਤ ਬੀਮਾ ਉਪਲਬਧ ਕਰਵਾਉਂਦਿਆਂ ਸਰਬੱਤ ਸਿਹਤ ਬੀਮਾ ਯੋਜਨਾ ਦੇ ਘੇਰੇ ਵਿੱਚ ਲਿਆ ਹੈ।
ਸ. ਸਿੱਧੂ ਨੇ ਦੱਸਿਆ ਕਿ 108 ਨੰਬਰ ਵਾਲੀ ਐਂਬੂਲੈਂਸ ਹਰੇਕ ਤਰਾਂ ਦੀ ਐਮਰਜੈਂਸੀ ਲਈ ਉਪਲਬਧ ਹੈ ਅਤੇ ਸ਼ਹਿਰੀ ਖੇਤਰ ਵਿੱਚ ਇਹ ਫੋਨ ਕਰਨ ਤੋਂ 20 ਮਿੰਟ ਵਿੱਚ ਤੇ ਪੇਂਡੂ ਖੇਤਰ ਵਿੱਚ 30 ਮਿੰਟ ਵਿੱਚ ਮੌਕੇ ਉਤੇ ਪੁੱਜ ਜਾਂਦੀ ਹੈ। ਉਨਾਂ ਕਿਹਾ ਕਿ ਇਸ ਸੇਵਾ ਨੂੰ ਹੋਰ ਕਾਰਗਰ ਬਣਾਉਣ ਲਈ ਐਪ ਆਧਾਰਤ ਟੈਕਸੀ ਸੇਵਾ ਵਾਂਗ ਇੰਟਰਨੈੱਟ ਰਾਹੀਂ ਨਿਗਰਾਨੀ ਦੇ ਘੇਰੇ ਵਿੱਚ ਵੀ ਲਿਆ ਜਾਵੇਗਾ ਤਾਂ ਕਿ ਸਬੰਧਤ ਵਿਅਕਤੀ ਨੂੰ ਆਪਣੇ ਮੋਬਾਈਲ ਉਤੇ ਪਤਾ ਲੱਗ ਸਕੇ ਕਿ ਐਂਬੂਲੈਂਸ ਕਿਹੜੀ ਜਗਾ ਪੁੱਜੀ ਹੈ।
ਪ੍ਰੋਗਰਾਮ ਦੌਰਾਨ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਅਤੇ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਅਮਿਤ ਕੁਮਾਰ ਨੇ ਵੀ ਸੰਬੋਧਨ ਕੀਤਾ। ਇਸ ਦੌਰਾਨ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਜਸਪਾਲ ਕੌਰ, ਡਾਇਰੈਕਟਰ ਪਰਿਵਾਰ ਭਲਾਈ ਪੰਜਾਬ ਡਾ. ਅਵਨੀਤ ਕੌਰ, ਡਾਇਰੈਕਟਰ ਕੌਮੀ ਸਿਹਤ ਮਿਸ਼ਨ ਪੰਜਾਬ ਡਾ. ਰੀਟਾ ਭਾਰਦਵਾਜ, ਡਾਇਰੈਕਟਰ ਈ.ਐਸ.ਆਈ. ਡਾ. ਜਗਪਾਲ ਸਿੰਘ ਅਤੇ 108 ਐਂਬੂਲੈਂਸਾਂ ਦੇ ਪ੍ਰੋਗਰਾਮ ਅਫ਼ਸਰ ਡਾ. ਵਿਸ਼ਾਲ ਹਾਜ਼ਰ ਸਨ।
ਫੋਟੋ ਕੈਪਸ਼ਨ : ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਤੋਂ 20 ਐਂਬੂਲੈਂਸਾਂ (ਡਾਇਲ 108, ਐਮਰਜੈਂਸੀ ਰਿਸਪਾਂਸ ਸਰਵਿਸ) ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ।