ਸੰਗਰੂਰ, 18 ਜੂਨ 2019 - ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਪਾਰਕ 'ਚ ਸੰਗਰੂਰ ਵਿਖੇ ਹੋਈ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ 22 ਜੂਨ ਤੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਮੂਹਰੇ ਪੱਕਾ ਧਰਨਾ ਸ਼ੁਰੂ ਕੀਤਾ ਜਾਵੇਗਾ, ਜੋ ਅਸਾਮੀਆਂ ਨਿਕਲਣ ਦੇ ਐਲਾਨ ਤੱਕ ਜਾਰੀ ਰਹੇਗਾ। ਕਮੇਟੀ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਢਿੱਲਵਾਂ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਵਿਭਾਗ ਦਾ ਮੰਤਰੀ ਬਦਲ ਦਿੱਤਾ ਹੈ, ਪ੍ਰੰਤੂ ਸਿੱਖਿਆ ਖੇਤਰ ਦੀਆਂ ਸਮੱਸਿਆਵਾਂ ਦਾ ਹੱਲ ਉਦੋਂ ਤੱਕ ਨੀਂ ਹੁੰਦਾ, ਜਦੋਂ ਤੱਕ ਬੁਨਿਆਦੀ ਢਾਂਚਾ ਪੂਰਾ ਨਹੀਂ ਹੁੰਦਾ। ਉਹਨਾਂ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਦੇ ਸਰਕਾਰੀ ਸਕੂਲ ਅਧਿਆਪਕਾਂ ਦੀ ਘਾਟ ਨਾਲ ਜੂਝ ਰਹੇ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾ ਦੀਆਂ ਹਜਾਰਾਂ ਅਸਾਮੀਆਂ ਖਾਲੀ ਪਈਆਂ ਹਨ , ਦੂਜੇ ਪਾਸੇ 50,000 ਬੀ.ਐੱਡ .ਟੈੱਟ ਪਾਸ ਅਧਿਆਪਕ ਰੁਜ਼ਗਾਰ ਲਈ ਤਰਸ ਰਹੇ ਹਨ। ਜ਼ਿਲਾ ਪ੍ਰਧਾਨ ਸੁਖਵਿੰਦਰ ਲਹਿਲ ਨੇ ਕਿਹਾ ਕਿ ਕੈਪਟਨ ਹਕੂਮਤ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਨੌਜਵਾਨਾ ਨਾਲ ਘਰ -ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਪ੍ਰੰਤੂ ਦੋ ਸਾਲ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਖਾਲੀ ਪਈਆਂ ਅਸਾਮੀਆਂ ਭਰਨ ਲਈ ਕੋਈ ਯਤਨ ਨਹੀਂ ਕਰ ਰਹੀ। ਇਸ ਦੌਰਾਨ ਗੋਰਖਾ ਸਿੰਘ ਕੋਟੜਾ, ਰਣਜੀਤ ਸਿੰਘ, ਨਵਜੀਵਨ ਸਿੰਘ, ਯੁੱਧਜੀਤ ਸਿੰਘ, ਅਮਨਦੀਪ ਸਿੰਘ, ਸੁਖਪਾਲ ਖਾਨ, ਅਵਤਾਰ ਸਿੰਘ, ਗੁਰਵੀਰ ਲਹਿਲ, ਬੀਰਬਲ ਸਿੰਘ, ਦਿਲਬਾਗ ਸਿੰਘ, ਅਮਨ ਸੇਖ਼ਾ ਅਤੇ ਅਮਨਦੀਪ ਸਿੰਘ ਹਾਜ਼ਰ ਸਨ।