← ਪਿਛੇ ਪਰਤੋ
ਦੇਵਾ ਨੰਦ ਸ਼ਰਮਾ
ਫਰੀਦਕੋਟ 18 ਜੂਨ, 2019 - ਪੰਜਾਬ ਦੇ ਕੈਬਨਿਟ ਮੰਤਰੀ ਸ: ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਪੀੜਤ ਮੀਨਾ ਰਾਣੀ ਜਿਸ ਦੀ ਕੁਝ ਦਿਨ ਪਹਿਲਾਂ ਇਕ ਕੌਂਸਲਰ ਤੇ ਉਸ ਦੇ ਸਮਰਥਕਾਂ ਵੱਲੋਂ ਬੁਰੇ ਤਰੀਕੇ ਨਾਲ ਕੁੱਟਮਾਰ ਕੀਤੀ ਗਈ ਸੀ ਅਤੇ ਹੁਣ ਇੱਥੇ ਜੇਰੇ ਇਲਾਜ ਹੈ ਦਾ ਹਾਲ ਚਾਲ ਪੁੱਛਿਆ ਅਤੇ ਪੀੜਤ ਔੌਰਤ ਨੂੰ ਭਰੋਸਾ ਦਵਾਇਆ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਉਸ ਦੇ ਨਾਲ ਹੈ ਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਚਰਨਜੀਤ ਸਿੰਘ ਚੰਨੀ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਇਸ ਘਿਨੌਣੀ ਘਟਨਾ ਤੇ ਤੁਰੰਤ ਐਕਸ਼ਨ ਲੈਂਦਿਆਂ ਪੁਲਿਸ ਵੱਲੋਂ ਇਸ ਸਬੰਧੀ ਘਟਨਾ ਵਿੱਚ ਸ਼ਾਮਲ ਕਥਿਤ ਦੋਸ਼ੀ ਕੌਂਸਲਰ ਸਮੇਤ ਹੁਣ ਤੱਕ 7 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਮੀਡੀਆ ਦੇ ਇਕ ਹਿੱਸੇ ਵਿੱਚ ਛਪੀਆ ਇਨ੍ਹਾਂ ਖਬਰਾਂ ਦਾ ਵੀ ਖੰਡਨ ਕੀਤਾ ਹੈ ਕਿ ਦੋਸ਼ੀ ਕੌਂਸਲਰ ਦਾ ਸਬੰਧ ਕਾਂਗਰਸ ਪਾਰਟੀ ਨਾਲ ਹੈ। ਉਨ੍ਹਾਂ ਕਿਹਾ ਕਿ ਕੌਂਸਲਰ ਦਾ ਸਬੰਧ ਕਾਂਗਰਸ ਪਾਰਟੀ ਨਾਲ ਨਹੀਂ ਹੈ ਉਹ ਆਜ਼ਾਦ ਤੌਰ 'ਤੇ ਜਿੱਤਿਆ ਹੈ। ਉਨ੍ਹਾਂ ਪੀੜਤ ਔੌਰਤ ਅਤੇ ਉਸ ਦੇ ਪਰਿਵਾਰ ਨੂੰ ਭਰੋਸਾ ਦਵਾਇਆ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਨਾਲ ਡਰਨ ਦੀ ਲੋੜ ਨਹੀਂ ਅਤੇ ਪੁਲਿਸ ਵੱਲੋਂ ਕਾਨੂੰਨ ਅਨੁਸਾਰ ਕਾਰਵਾਈ ਕਰਕੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿਵਾਈ ਜਾਵੇਗੀ। ਕੈਬਨਿਟ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੀੜਤ ਮੀਨਾ ਰਾਣੀ ਦੇ ਇਲਾਜ ਦਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਮੌਕੇ 'ਤੇ ਹਾਜ਼ਰ ਡਾਕਟਰਾਂ ਨੂੰ ਆਦੇਸ਼ ਦਿੱਤੇ ਕਿ ਇਲਾਜ ਵਿਚ ਕਿਸੇ ਕਿਸਮ ਦੀ ਕਮੀ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਹਰੇਕ ਵਰਗ ਲਈ ਸਾਫ ਸੁਥਰਾ, ਪਾਰਦਰਸ਼ੀ ਤੇ ਭੈਅ ਮੁਕਤ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤੇ ਰਾਜ ਦੇ ਕਿਸੇ ਵੀ ਵਸਨੀਕ ਨਾਲ ਵਧੀਕੀ ਨਹੀਂ ਹੋਣ ਦਿੱਤੀ ਜਾਵੇਗੀ।
Total Responses : 929