ਜਗਦੀਸ਼ ਥਿੰਦ
ਫ਼ਾਜ਼ਿਲਕਾ 20 ਜੂਨ: 5ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਫ਼ਾਜ਼ਿਲਕਾ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹੁੰਮਹੁਮਾ ਕੇ ਇਸ ਸਮਾਗਮ ਵਿੱਚ ਸ਼ਿਰਕਤ ਕਰਕੇ ਯੋਗਾ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਣਾਉਣ। ਸਰਕਾਰੀ ਐਮ.ਆਰ. ਕਾਲਜ ਦੇ ਬਹੁਮੰਤਵੀ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਇਸ ਸਮਾਗਮ ਵਿੱਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕ ਸ਼ਮੂਲੀਅਤ ਕਰਨਗੇ। ਇਸੇ ਦੌਰਾਨ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਮੁਤਾਬਕ ਐਸ.ਡੀ.ਐਮ. ਫ਼ਾਜ਼ਿਲਕਾ ਸ਼੍ਰੀ ਸੁਭਾਸ਼ ਖੱਟਕ ਨੇ ਜ਼ਿਲ੍ਹਾ ਪੱਧਰੀ ਯੋਗਾ ਦਿਵਸ ਸਮਾਗਮ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ ਇਹ ਸਮਾਗਮ ਸਥਾਨਕ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ ਜਿਸ ਲਈ ਅਧਿਕਾਰੀਆਂ ਨੂੰ ਆਪੋ-ਆਪਣੇ ਵਿਭਾਗ ਨਾਲ ਸਬੰਧਤ ਜ਼ਿੰਮੇਵਾਰੀਆਂ ਤਨਦੇਹੀ ਨਾਲ ਨਿਭਾਉਣ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਸਟੇਡੀਅਮ ਅੰਦਰ ਤੇ ਆਲੇ-ਦੁਆਲੇ ਟਰੈਫਿਕ ਵਿਵਸਥਾ ਸੁਚਾਰੂ ਬਣਾਈ ਜਾਵੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਨਿਰਧਾਰਤ ਥਾਂ 'ਤੇ ਮੈਡੀਕਲ ਟੀਮ ਤੇ ਐਂਬੂਲੈਂਸ ਦੀ ਵਿਵਸਥਾ ਯਕੀਨੀ ਬਣਾਈ ਜਾਵੇ। ਇਸੇ ਤਰ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਸਮਾਗਮ ਵਿੱਚ ਪਹੁੰਚਣ ਵਾਲੇ ਲੋਕਾਂ ਲਈ ਰਿਫ਼ਰੈਸ਼ਮੈਂਟ ਦਾ ਪ੍ਰਬੰਧ ਕਰਨ ਅਤੇ ਨਗਰ ਕੌਂਸਲ ਅਧਿਕਾਰੀਆਂ ਨੂੰ ਸਮਾਗਮ ਵਾਲੀ ਥਾਂ ਤੇ ਆਲੇ-ਦੁਆਲੇ ਦੀ ਸਫ਼ਾਈ ਯਕੀਨੀ ਬਣਾਉਣ ਅਤੇ ਪਾਣੀ ਦਾ ਛਿੜਕਾਅ ਕਰਨ ਦੀ ਹਦਾਇਤ ਕੀਤੀ ਗਈ। ਉਨ੍ਹਾਂ ਸਿੱਖਿਆ ਵਿਭਾਗ, ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਅਤੇ ਖੇਡ ਵਿਭਾਗ ਦੇ ਅਧਿਕਾਰੀ ਨੂੰ ਬੱਚਿਆਂ, ਅਧਿਆਪਕਾਂ, ਸਮਾਜ ਸੇਵੀ ਸੰਸਥਾਵਾਂ ਅਤੇ ਸਪੋਰਟਸ ਕਲੱਬਾਂ ਤੇ ਖਿਡਾਰੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਮਾਰਕੀਟ ਕਮੇਟੀ ਦੇ ਮੁਲਾਜ਼ਮਾਂ ਨੂੰ ਸਮਾਗਮ ਵਾਲੀ ਥਾਂ ਨੇੜੇ ਪੀਣਯੋਗ ਪਾਣੀ ਦਾ ਪ੍ਰਬੰਧ ਕਰਨ ਅਤੇ ਜਨ ਸਿਹਤ ਵਿਭਾਗ ਨੂੰ ਆਰਜ਼ੀ ਪਖ਼ਾਨਿਆਂ ਦੀ ਸਥਾਪਤੀ ਕਰਨ ਦੇ ਆਦੇਸ਼ ਵੀ ਦਿੱਤੇ। ਇਸ ਮੌਕੇ ਡੀ.ਐਸ.ਪੀ. ਭੁਪਿੰਦਰ ਸਿੰਘ, ਸਮਾਗਮ ਦੇ ਪ੍ਰਬੰਧਕ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਜੋਗਿੰਦਰ ਪਾਲ, ਸਿੱਖਿਆ ਵਿਭਾਗ ਤੋਂ ਜ਼ਿਲ੍ਹਾ ਸਿੱਖਿਆ ਕੋਆਰਡੀਨੇਟਰ ਸ. ਪੰਮੀ ਸਿੰਘ, ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਸ੍ਰੀ ਸੁਭਾਸ਼ ਅਰੋੜਾ, ਖੇਡ ਵਿਭਾਗ ਤੋਂ ਸਵੀਮਿੰਗ ਕੋਚ ਸ੍ਰੀ ਨਰੇਸ਼ ਕੁਮਾਰ, ਨਗਰ ਕੌਂਸਲ ਦੇ ਮੁਲਾਜ਼ਮ ਸ਼੍ਰੀ ਨਰੇਸ਼ ਖੇੜਾ, ਮਾਰਕੀਟ ਕਮੇਟੀ ਦੇ ਨੁਮਾਇੰਦੇ ਸ਼੍ਰੀ ਨਰੇਸ਼ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।