ਚੰਡੀਗੜ੍ਹ, 25 ਜੂਨ 2019 - ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਅਧਿਆਪਕਾਂ ਦੀ ਨਵੀਂ ਤਬਾਦਲਾ ਨੀਤੀ ਜਾਰੀ ਕਰਦਿਆਂ ਕਿਹਾ ਕਿ ਅਧਿਆਪਕਾਂ ਦੇ ਤਬਾਦਲਿਆਂ ਵਿਚ ਕਿਸੇ ਵੀ ਤਰ੍ਹਾਂ ਦਾ ਸਿਆਸੀ ਦਬਾਅ ਅਤੇ ਸਿਫ਼ਾਰਸ਼ ਨਹੀਂ ਚੱਲੇਗੀ। ਇਸ ਸਬੰਧੀ ਪੰਜਾਬ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੰਗਲਾ ਨੇ ਕਿਹਾ ਕਿ ਸਾਰੀਆਂ ਹੀ ਬਦਲੀਆਂ ਆਨਲਾਈਨ ਕੀਤੀਆਂ ਜਾਣਗੀਆਂ। ਪੰਜਾਬ ਮੰਤਰੀ ਮੰਡਲ ਨੇ ਕਿਉਂਕਿ ਇਹ ਬਦਲੀਆਂ ਦੀ ਨੀਤੀ ਪਾਸ ਕੀਤੀ ਸੀ ਜਿਸ ਕਾਰਨ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ ਤਹਿਤ ਅਧਿਆਪਕਾਂ ਦੀਆਂ ਬਦਲੀਆਂ ਕੀਤੀਆਂ ਜਾਣਗੀਆਂ।
ਉਨ੍ਹਾਂ ਸਪੱਸ਼ਟ ਕੀਤਾ ਕਿ ਸੱਤ ਸਾਲਾਂ ਦੀ ਠਹਿਰ ਵਾਲੇ ਕਿਸੇ ਵੀ ਅਧਿਆਪਕ ਦੀ ਬਦਲੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤਬਾਦਲਾ ਨੀਤੀ ਕਾਰਨ ਪੰਜਾਬ ਦੇ ਸਕੂਲਾਂ ਦਾ ਨਤੀਜਾ ਹੋਰ ਵੀ ਵਧੀਆ ਆਵੇਗਾ। ਸਿੰਗਲਾ ਨੇ ਕਿਹਾ ਕਿ ਬਦਲੀਆਂ ਲਈ ਅਧਿਆਪਕਾਂ ਦੇ ਹੋਰ ਪੱਖ ਵੀ ਦੇਖੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਅਧਿਆਪਕਾਂ ਨੂੰ ਸਮੱਸਿਆਵਾਂ ਮੌਕੇ ਬਦਲੀ ਦਾ ਅਧਿਕਾਰ ਹੀ ਸਰਕਾਰ ਕੋਲ ਹੋਵੇਗਾ ਬਾਕੀ ਸਭ ਅਧਿਆਪਕਾਂ ਦੀਆਂ ਬਦਲੀਆਂ ਤਬਾਦਲਾ ਨੀਤੀ 'ਤੇ ਹੀ ਹੋਣਗੀਆਂ।