ਜਗਦੀਸ਼ ਥਿੰਦ
ਫਾਜ਼ਿਲਕਾ, 26 ਜੂਨ:
ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਸਕੀਮ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਆਰ.ਪੀ. ਸਿੰਘ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਰੂਰੀ ਮੀਟਿੰਗ ਕੀਤੀ ਗਈ ਜਿਸ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੀਤੀ ਗਈ ਇਸ ਮੀਟਿੰਗ ਵਿੱਚ ਪੰਜਾਬ ਸਕਿਲ ਡਿਵੈਲਪਮੈਂਟ ਮਿਸ਼ਨ, ਸਿੱਖਿਆ ਵਿਭਾਗ, ਡੇਅਰੀ ਤੇ ਪਸ਼ੂ ਪਾਲਣ ਵਿਭਾਗ, ਜ਼ਿਲ੍ਹਾ ਉਦਯੋਗ ਕੇਂਦਰ ਦੇ ਅਧਿਕਾਰੀਆਂ ਸਣੇ ਪੰਜਾਬ ਨੈਸ਼ਨਲ ਬੈਂਕ ਦੇ ਲੀਡ ਬੈਂਕ ਮੈਨੇਜਰ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ।
ਡਾ. ਆਰ.ਪੀ. ਸਿੰਘ ਨੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਜ਼ਿਲ੍ਹਾ ਮੈਨੇਜਰ ਸ੍ਰੀ ਦੇਵਾਨੰਦ ਸ਼੍ਰੀਵਾਸਤਵ ਨੂੰ ਹਦਾਇਤ ਕੀਤੀ ਕਿ ਉਹ ਵੱਖ-ਵੱਖ ਵਿਭਾਗਾਂ ਅਤੇ ਕਾਲਜਾਂ ਦੇ ਪ੍ਰਬੰਧਕਾਂ ਨਾਲ ਤਾਲਮੇਲ ਕਰਕੇ ਜ਼ਿਲ੍ਹੇ ਵਿੱਚ ਬਣੇ ਹੁਨਰ ਵਿਕਾਸ ਕੇਂਦਰਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਉਪਰਾਲੇ ਕਰਨ ਤਾਂ ਜੋ ਇਥੇ ਕੋਰਸ ਕਰਨ ਪਿੱਛੋਂ ਨੌਜਵਾਨ ਆਪਣਾ ਕਿੱਤਾ ਸ਼ੁਰੂ ਕਰ ਸਕਣ।ਇਸੇ ਤਰ੍ਹਾਂ ਡੇਅਰੀ ਤੇ ਪਸ਼ੂ ਪਾਲਣ ਵਿਭਾਗ ਅਤੇ ਜ਼ਿਲ੍ਹਾ ਉਦਯੋਗ ਕੇਂਦਰ ਦੇ ਅਧਿਕਾਰੀਆਂ ਨੂੰ ਵੀ ਸਿਖਲਾਈ ਕੋਰਸਾਂ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਲੀਡ ਮੈਨੇਜਰ ਸ੍ਰੀ ਸ਼ਿਵ ਚਰਨ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਅਧੀਨ ਬੈਂਕਾਂ ਕੋਲ ਸਵੈ-ਰੋਜ਼ਗਾਰ ਲਈ ਕਰਜ਼ਾ ਲੈਣ ਵਾਸਤੇ ਆਉਂਦੇ ਨੌਜਵਾਨਾਂ ਦੇ ਕੇਸ ਤੁਰੰਤ ਪ੍ਰਭਾਵ ਨਾਲ ਵਿਚਾਰੇ ਜਾਣ ਅਤੇ ਨੌਜਵਾਨਾਂ ਨੂੰ ਆਪਣਾ ਕਿੱਤਾ ਸ਼ੁਰੂ ਕਰਨ ਲਈ ਬੇਝਿੱਜਕ ਕਰਜ਼ਾ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਪੰਜਾਬ ਸਰਕਾਰ ਦੇ ਇਸ ਮਿਸ਼ਨ ਦੀ ਪ੍ਰਾਪਤੀ ਵਿੱਚ ਅਹਿਮ ਯੋਗਦਾਨ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਇਵੇਟ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਖੇਤੀ ਦੇ ਸਹਾਇਕ ਧੰਦਿਆਂ ਜਿਵੇਂ ਪਸ਼ੂ ਪਾਲਣ, ਬਾਗਬਾਨੀ, ਮੱਛੀ, ਬੱਕਰੀ ਤੇ ਸੂਰ ਪਾਲਣ ਆਦਿ ਖੇਤਰਾਂ ਵਿੱਚ ਰੁਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ ਨੌਜਵਾਨਾਂ ਦੇ ਕੇਸ ਪਹਿਲ ਦੇ ਆਧਾਰ 'ਤੇ ਵਿਚਾਰਨ।
ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਵੈ-ਰੋਜ਼ਗਾਰ ਅਤੇ ਪਲੈਸਮੈਂਟ ਕੈਂਪ ਮਹੀਨੇ ਵਿੱਚ ਦੋ ਵਾਰ ਲਗਾਏ ਜਾਂਦੇ ਹਨ ਅਤੇ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ। ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਧਾਰਨ ਲਈ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਕਾਉਂਸਲਰ ਭੇਜ ਕੇ ਵਿਸ਼ੇਸ਼ ਤੌਰ 'ਤੇ ਟ੍ਰੇਨਿੰਗ ਦਿੱਤੀ ਜਾਂਦੀ ਹੈ। ਡਾ. ਆਰ. ਪੀ. ਸਿੰਘ ਨੇ ਦੱਸਿਆ ਕਿ ਜੇਕਰ ਨੌਜਵਾਨ ਆਪਣਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ ਤਾਂ ਸਬੰਧਤ ਕਿੱਤੇ ਦੀ ਟ੍ਰੇਨਿੰਗ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਬੈਕਾਂ ਤੋਂ ਕਰਜ਼ਾ ਦਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਜ਼ਿੰਮੇਵਾਰ ਹੁੰਦਾ ਹੈ।ਇਸ ਤੋਂ ਇਲਾਵਾ ਜੇਕਰ ਕਿਸੇ ਨੇ ਸਕਿੱਲ ਟ੍ਰੇਨਿੰਗ ਲੈਣੀ ਹੋਵੇ ਤਾਂ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੀ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।